MP ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ NSA ਨੂੰ ਇਕ ਸਾਲ ਹੋਰ ਵਧਾ ਦਿੱਤਾ ਗਿਆ ਹੈ ਪੰਜਾਬੀ ਟ੍ਰਿਬਿਊਨ ਦੀ ਖ਼ਬਰ ਦੇ ਮੁਤਾਬਕ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ’ਤੇ ਲੱਗੇ ਕੌਮੀ ਸੁਰੱਖਿਆ ਐਕਟ (NSA) ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਵਾਧੇ ਵਾਲੇ ਪੱਤਰ ਦੀ ਕਾਪੀ 18 ਅਪਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਹ ਪੱਤਰ ਅੱਜ ਜਨਤਕ ਹੋਇਆ ਹੈ। ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਨੇ ਇਸ ਵਾਧੇ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ।
ਜਿਕਰੇਖਾਸ ਹੈ ਕਿ ਕੱਲ੍ਹ ਤੱਕ NSA ਵਧਾਉਣ ਦੀਆਂ ਤਿਆਰੀਆਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ ਅਤੇ ਇਸੇ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਿੱਖਾਂ ਲਈ ਵੱਖਰਾ ਕਾਨੂੰਨ ਹੈ।
ਉਨ੍ਹਾਂ NSA ਦੇ ਵਾਧੇ ਦੀਆਂ ਚਰਚਾਵਾਂ ਨੂੰ ਲੋਕਤੰਤਰ ਅਤੇ ਖਡੂਰ ਸਾਹਿਬ ਦੇ ਵੋਟਰਾਂ ਨਾਲ ਧੋਖਾ ਕਰਾਰ ਦਿੱਤਾ। ਉਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੇ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਸੂਬੇ ਵਿੱਚ ਗੁੰਡਾਗਰਦੀ ਅਤੇ ਹਿੰਸਾ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜੋ ਸਰਕਾਰ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਦਲੀਲ ਨੂੰ ਗਲਤ ਸਾਬਤ ਕਰਦੀਆਂ ਹਨ।
ਪਰਿਵਾਰ ਦਾ ਇਲਜ਼ਾਮ ਸੀ ਕਿ ਉਨ੍ਹਾਂ ਨੂੰ NSA ਦੀ ਮਿਆਦ ਵਧਾਉਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹੁਣ ਨਾਲ ਹੀ ਪਰਿਵਾਰ ਵੱਲੋਂ ਇਸ ਨੂੰ ਅੱਗੇ ਹਾਈਕੋਰਟ ‘ਚ ਚੁਣੌਤੀ ਦੇਣ ਦੀ ਚਰਚਾ ਚੱਲ ਰਹੀ ਹੈ।