ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਅੱਜ ਐਲਾਨ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਦਾ ਨਾਮ ਅਕਾਲੀ ਦਲ (ਸ੍ਰੀ ਆਨੰਦਪੁਰ ਸਾਹਿਬ) ਰੱਖਿਆ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਦੌਰਾਨ ਪਾਰਟੀ ਦਾ ਅਧਿਕਾਰਤ ਐਲਾਨ ਕਰਨਗੇ।
ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਦੌਰਾਨ ਅਧਿਕਾਰਤ ਤੌਰ ‘ਤੇ ਪਾਰਟੀ ਦਾ ਐਲਾਨ ਕਰਨਗੇ। ਤਰਸੇਮ ਸਿੰਘ ਪਾਰਟੀ ਨੂੰ ਪੰਥਕ ਪਾਰਟੀ ਕਹਿ ਕੇ ਲੋਕਾਂ ਵਿੱਚ ਪ੍ਰਚਾਰ ਕਰ ਰਿਹਾ ਹੈ। ਉਨ੍ਹਾਂ ਵੱਲੋਂ ਪੰਥ ਬਚਾਓ, ਪੰਜਾਬ ਬਚਾਓ ਨਾਮਕ ਇੱਕ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਮਾਘੀ ਦਾ ਤਿਉਹਾਰ ਤੇ ਮਾਘੀ ਦਾ ਮੇਲਾ ਸਿੱਖ ਕੌਮ ਲਈ ਧਾਰਮਿਕ ਨਜ਼ਰੀਏ ਤੋਂ ਮਹੱਤਵਪੂਰਨ ਹਨ। ਇਸ ਦਿਨ ਸੰਪਰਦਾਇਕ ਪਾਰਟੀਆਂ ਆਪਣਾ ਏਜੰਡਾ ਲੋਕਾਂ ਸਾਹਮਣੇ ਪੇਸ਼ ਕਰਦੀਆਂ ਹਨ। ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਮੁਕਤਸਰ ਸਾਹਿਬ ਪੁੱਜਦੀਆਂ ਹਨ। ਸੂਤਰਾਂ ਮੁਤਾਬਕ ਪੰਜਾਬ ਪੁਲਿਸ ਅੰਮ੍ਰਿਤਪਾਲ ਦੀ ਪਾਰਟੀ ਦੇ ਐਲਾਨ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਅਤੇ ਉਸ ਦੇ ਕਰੀਬੀਆਂ ਨੂੰ ਨਜ਼ਰਬੰਦ ਕਰ ਸਕਦੀ ਹੈ।
ਅੰਮ੍ਰਿਤਪਾਲ ਅਕਾਲੀ ਦਲ ਲਈ ਚੁਣੌਤੀ
ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਸਭ ਤੋਂ ਵੱਡੀ ਚੁਣੌਤੀ ਅੰਮ੍ਰਿਤਪਾਲ ਸਿੰਘ ਵੱਲੋਂ ਸਿਆਸੀ ਪਾਰਟੀ ਬਣਨਾ ਹੈ, ਕਿਉਂਕਿ ਅਕਾਲੀ ਦਲ ਆਪਣੇ ਆਪ ਨੂੰ ਸਭ ਤੋਂ ਵੱਡਾ ਪੰਥ ਸਮਰਥਕ ਕਹਾਉਂਦਾ ਹੈ। ਸਾਲ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮੁੱਦੇ ‘ਤੇ ਅਕਾਲੀ ਦਲ ਦਾ ਗ੍ਰਾਫ਼ ਤੇਜ਼ੀ ਨਾਲ ਹੇਠਾਂ ਡਿੱਗਿਆ ਹੈ। ਪੰਥਕ ਵੋਟ ਬੈਂਕ ਅਕਾਲੀ ਦਲ ਤੋਂ ਦੂਰ ਹੋ ਗਿਆ ਹੈ।
ਇਸ ਵੇਲੇ ਅਕਾਲੀ ਦਲ ਕੋਲ ਸਿਰਫ਼ ਇੱਕ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਹੈ। ਹਾਲ ਹੀ ਵਿੱਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਸੰਸਦ ਮੈਂਬਰ ਬਣੇ ਹਨ। ਦੋਵੇਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਸਨ। ਦੂਜੇ ਪਾਸੇ ਅਕਾਲੀ ਦਲ ਦਾ ਬਾਗੀ ਧੜਾ ਵੀ ਬਾਗੀ ਸੁਰ ਅਪਣਾ ਰਿਹਾ ਹੈ।