Punjab

ਚੋਣਾਂ ਪ੍ਰਭਾਵਿਤ ਕਰਨ ਲਈ ਪੰਜਾਬ ਸਰਕਾਰ ਨੇ 10% ਵੱਧ ਬੈਲਟ ਪੇਪਰ ਛਪਵਾਏ: ਚੰਨੀ

ਬਿਊਰੋ ਰਿਪੋਰਟ (ਮੋਰਿੰਡਾ, 14 ਦਸੰਬਰ 2025): ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ (ਐਤਵਾਰ) ਮੋਰਿੰਡਾ ਸਥਿਤ ਆਪਣੀ ਰਿਹਾਇਸ਼ ’ਤੇ ਪ੍ਰੈਸ ਕਾਨਫਰੰਸ ਕਰਕੇ ਸੂਬਾ ਸਰਕਾਰ ’ਤੇ ਚੋਣ ਪ੍ਰਕਿਰਿਆ ਵਿੱਚ ਗੰਭੀਰ ਬੇਨਿਯਮੀਆਂ ਦੇ ਇਲਜ਼ਾਮ ਲਾਏ ਹਨ।

ਚੰਨੀ ਨੇ ਦਾਅਵਾ ਕੀਤਾ ਕਿ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਨੀਅਤ ਨਾਲ ਸਰਕਾਰ ਵੱਲੋਂ 10 ਪ੍ਰਤੀਸ਼ਤ ਵਾਧੂ ਬੈਲਟ ਪੇਪਰ ਛਪਵਾਏ ਗਏ ਹਨ, ਜਿਨ੍ਹਾਂ ਦੀ ਦੁਰਵਰਤੋਂ ਹੋਣ ਦਾ ਖਦਸ਼ਾ ਹੈ।

ਵੋਟਿੰਗ ਤੋਂ ਪਹਿਲਾਂ ਬੈਲਟ ਪੇਪਰ ਵਾਇਰਲ

ਚੰਨੀ ਨੇ ਪ੍ਰੈਸ ਕਾਨਫਰੰਸ ਦੌਰਾਨ ਕੁਝ ਦਸਤਾਵੇਜ਼ ਅਤੇ ਤਸਵੀਰਾਂ ਪੇਸ਼ ਕੀਤੀਆਂ ਅਤੇ ਦੱਸਿਆ ਕਿ ਇਹ ਉਹੀ ਬੈਲਟ ਪੇਪਰ ਹਨ ਜੋ ਵੋਟਾਂ ਪੈਣ ਤੋਂ ਪਹਿਲਾਂ ਹੀ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ ਵਿੱਚ ਵਾਇਰਲ ਹੋ ਚੁੱਕੇ ਸਨ। ਉਨ੍ਹਾਂ ਕਿਹਾ ਕਿ ਇਹ ਸਬੂਤ ਇਸ ਸ਼ੱਕ ਨੂੰ ਮਜ਼ਬੂਤ ਕਰਦੇ ਹਨ ਕਿ ਬੈਲਟ ਪੇਪਰ ਲੋੜ ਤੋਂ ਵੱਧ ਗਿਣਤੀ ਵਿੱਚ ਛਪਵਾਏ ਗਏ ਹਨ।

BLOs ਰਾਹੀਂ ਨਾਜਾਇਜ਼ ਵੋਟਾਂ ਪਾਉਣ ਦੀ ਕੋਸ਼ਿਸ਼

ਸਾਬਕਾ ਮੁੱਖ ਮੰਤਰੀ ਨੇ ‘ਆਮ ਆਦਮੀ ਪਾਰਟੀ’ (ਆਪ) ਸਰਕਾਰ ’ਤੇ ਯੋਜਨਾਬੱਧ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਅਤੇ ਕੁਝ ਬੂਥ ਲੈਵਲ ਅਧਿਕਾਰੀਆਂ (BLO) ’ਤੇ ਦਬਾਅ ਬਣਾ ਕੇ ਬੈਲਟ ਬਾਕਸ ਵਿੱਚ ਨਾਜਾਇਜ਼ ਵੋਟਾਂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਕਈ ਇਲਾਕਿਆਂ ਵਿੱਚ ਵਿਰੋਧੀ ਧਿਰ ਦੇ ਸਮਰਥਕਾਂ ਨੂੰ ਡਰਾਇਆ-ਧਮਕਾਇਆ ਗਿਆ ਅਤੇ ਪੁਲਿਸ ਰਾਹੀਂ ਦਬਾਅ ਪਾ ਕੇ ਉਨ੍ਹਾਂ ਨੂੰ ਵੋਟ ਪਾਉਣ ਲਈ ਘਰਾਂ ਤੋਂ ਬਾਹਰ ਨਿਕਲਣ ਤੋਂ ਰੋਕਿਆ ਗਿਆ।

ਵੋਟਾਂ ਦੀ ਗਿਣਤੀ ਦੀ ਵੀਡੀਓਗ੍ਰਾਫ਼ੀ ਦੀ ਮੰਗ

ਚੰਨੀ ਨੇ ਚੋਣ ਕਮਿਸ਼ਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਬੈਲਟ ਬਾਕਸ ਦੀ ਸੁਰੱਖਿਆ, ਸਟਰਾਂਗ ਰੂਮ ਦੀ ਨਿਗਰਾਨੀ ਅਤੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਸਿਆਸੀ ਦਬਾਅ ਦੇ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ।

ਚੰਨੀ ਨੇ ਸਪੱਸ਼ਟ ਕੀਤਾ ਕਿ ਲੋਕਤੰਤਰ ਦੀ ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਇਸ ਮੁੱਦੇ ’ਤੇ ਪੂਰੀ ਮਜ਼ਬੂਤੀ ਨਾਲ ਸੰਘਰਸ਼ ਕਰਦੀ ਰਹੇਗੀ।