Punjab

ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਮੰਗ

ਪਟਿਆਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲਾਂਘਾ ਸਿੱਖ ਭਾਈਚਾਰੇ ਲਈ ਧਾਰਮਿਕ ਅਤੇ ਭਾਵਨਾਤਮਕ ਮਹੱਤਵ ਰੱਖਦਾ ਹੈ, ਕਿਉਂਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਆਖਰੀ 18 ਸਾਲਾਂ ਨਾਲ ਜੁੜਿਆ ਪਵਿੱਤਰ ਸਥਾਨ ਹੈ। 2019 ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਗਿਆ ਇਹ ਲਾਂਘਾ ਸ਼ਾਂਤੀ ਅਤੇ ਧਾਰਮਿਕ ਏਕਤਾ ਦਾ ਪ੍ਰਤੀਕ ਹੈ। ਡਾ. ਗਾਂਧੀ ਨੇ ਜ਼ੋਰ ਦਿੱਤਾ ਕਿ ਇਸ ਦੇ ਬੰਦ ਹੋਣ ਨਾਲ ਸ਼ਰਧਾਲੂਆਂ ਨੂੰ ਇਸ ਪਵਿੱਤਰ ਸਥਾਨ ਦੇ ਦਰਸ਼ਨਾਂ ਅਤੇ ਅਧਿਆਤਮਿਕ ਸੰਬੰਧ ਬਣਾਉਣ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ।

ਡਾ. ਗਾਂਧੀ, ਜੋ ਰੇਲਵੇ ਅਤੇ ਸਿਹਤ ਤੇ ਪਰਿਵਾਰ ਭਲਾਈ ਬਾਰੇ ਸੰਸਦ ਦੀਆਂ ਸਥਾਈ ਕਮੇਟੀਆਂ ਦੇ ਮੈਂਬਰ ਹਨ, ਨੇ ਪੰਜਾਬੀਆਂ, ਖਾਸ ਕਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਪ੍ਰਧਾਨ ਮੰਤਰੀ ਸਾਹਮਣੇ ਰੱਖਿਆ। ਉਨ੍ਹਾਂ ਕਿਹਾ ਕਿ ਇਹ ਲਾਂਘਾ ਧਾਰਮਿਕ ਮਕਸਦਾਂ ਲਈ ਬਣਾਇਆ ਗਿਆ ਸੀ ਅਤੇ ਇਸ ਦਾ ਭਾਰਤ-ਪਾਕਿਸਤਾਨ ਤਣਾਅ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਲਾਂਘੇ ਨੂੰ ਜਲਦ ਖੋਲ੍ਹ ਕੇ ਸ਼ਰਧਾਲੂਆਂ ਦੀ ਪਹੁੰਚ ਬਹਾਲ ਕੀਤੀ ਜਾਵੇ।

ਸ਼ੁੱਕਰਵਾਰ ਨੂੰ ਅਕਾਲ ਯੂਥ ਅਤੇ ਸਮੂਹ ਸਿੱਖ ਜਥੇਬੰਦੀਆਂ ਨੇ ਡਾ. ਗਾਂਧੀ ਨੂੰ ਪਟਿਆਲਾ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਮੰਗ ਪੱਤਰ ਸੌਂਪਿਆ। ਸਿੱਖ ਆਗੂਆਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਲਈ ਗੂੜ੍ਹੀ ਭਾਵਨਾਤਮਕ ਅਹਿਮੀਅਤ ਰੱਖਦਾ ਹੈ, ਕਿਉਂਕਿ ਗੁਰੂ ਨਾਨਕ ਦੇਵ ਜੀ ਨੇ ਇੱਥੇ ਕਈ ਸਾਲ ਬਿਤਾਏ। ਇਹ ਸਥਾਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਸ਼ਾਂਤੀ ਦਾ ਪ੍ਰਤੀਕ ਵੀ ਹੈ। ਉਨ੍ਹਾਂ ਮੰਗ ਕੀਤੀ ਕਿ ਲਾਂਘੇ ਨੂੰ ਨਾ ਸਿਰਫ਼ ਖੋਲ੍ਹਿਆ ਜਾਵੇ, ਸਗੋਂ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵੀ ਵਧਾਈ ਜਾਵੇ। ਸਿੱਖ ਜਥੇਬੰਦੀਆਂ ਨੇ ਡਾ. ਗਾਂਧੀ ਰਾਹੀਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਹੋਰ ਅਧਿਕਾਰੀਆਂ ਨੂੰ ਇਹ ਮੁੱਦਾ ਜਲਦ ਹੱਲ ਕਰਨ ਦੀ ਅਪੀਲ ਕੀਤੀ।

ਡਾ. ਗਾਂਧੀ ਦੀ ਇਸ ਪਹਿਲ ਨੂੰ ਸਿੱਖ ਭਾਈਚਾਰੇ ਵੱਲੋਂ ਸਰਾਹਿਆ ਜਾ ਰਿਹਾ ਹੈ, ਜੋ ਇਸ ਲਾਂਘੇ ਦੇ ਮੁੜ ਖੁੱਲ੍ਹਣ ਦੀ ਉਡੀਕ ਕਰ ਰਹੇ ਹਨ।

ਇਹ ਲਾਂਘਾ ਨਵੰਬਰ 2019 ਵਿੱਚ ਖੋਲ੍ਹਿਆ ਗਿਆ ਸੀ ਪਰ  ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨੂੰ ਜਾਣ ਵਾਲਾ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਸੀ। ਸੰਸਦ ਮੈਂਬਰ ਦੀ ਅਪੀਲ ਭਾਰਤੀ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਭਾਰਤੀ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਤੱਕ ਨਿਰਵਿਘਨ ਅਤੇ ਬੇਰੋਕ ਪਹੁੰਚ ਦੀ ਮੰਗ ਕਰਨ ਵਾਲੀਆਂ ਵਧਦੀਆਂ ਆਵਾਜ਼ਾਂ ਦਾ ਹਿੱਸਾ ਹੈ।