ਪਟਿਆਲਾ : ਇੱਕ ਪਾਸੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Former Chief Minister Captain Amarinder Singh) ਭਾਜਪਾ(BJP) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਦੂਜੇ ਪਾਸੇ ਉਨ੍ਹਾਂ ਦੀ ਪਤਨੀ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ(MP Preneet Kaur) ਨੇ ਕਿਹਾ ਹੈ ਕਿ ਉਹ ਕਾਂਗਰਸ ਪਾਰਟੀ ਵਿੱਚ ਹੀ ਰਹੇਗੀ। ਅਗਰਵਾਲ ਗਊਸ਼ਾਲਾ ’ਚ ਬੀਤੇ ਕਈ ਦਿਨਾਂ ਤੋਂ ਚੱਲ ਰਹੇ ਇਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਸਮੇਂ ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ। ਉਨ੍ਹਾਂ ਨੇ ਕਿਹਾ ਕਿ ਭਾਵੇਂ ਪਾਰਟੀ ਉਨ੍ਹਾਂ ਨੂੰ ਟਿਕਟ ਨਾ ਵੀ ਦੇਵੇ ਪਰ ਉਹ ਭਵਿੱਖ ਵਿੱਚ ਵੀ ਪਾਰਟੀ ਦਾ ਸਾਥ ਨਹੀਂ ਛੱਡੇਗੀ।
ਸਾਂਸਦ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਟੀਮ ਨਾਲ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸਦਾ ਸਿੱਧਾ ਲਾਹਾ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਮਿਲੇਗਾ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਨਿਸ਼ਾਨ ਸਾਧਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਲੀਡਰਸ਼ਿੱਪ ਨੂੰ ਵੋਟ ਪਾਈ ਸੀ ਪਰ ਦੁਖ ਦੀ ਗੱਲ ਹੈ ਕਿ ਸੂਬੇ ਦੀ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ।
MP ਪ੍ਰਨੀਤ ਨੂੰ ਕਾਂਗਰਸ ਪਾਰਟੀ ਚੋਂ ਕੱਢਣ ਦੀ ਉੱਠੀ ਮੰਗ
ਦੱਸ ਦੇਈਏ ਕਿ ਪੰਜਾਬ ਵਿੱਚ ਕਾਂਗਰਸੀਆਂ ਆਗੂਆਂ ਨੇ ਐਮਪੀ ਪ੍ਰਨੀਤ ਕੌਰ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਪ੍ਰਨੀਤ ਕੌਰ ਨੂੰ ਕਾਂਗਰਸ ਤੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪਿਛਲੇ ਮਹੀਨੇ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਇਸ ਸਬੰਧੀ ਮਤਾ ਵੀ ਪਾਸ ਕੀਤਾ ਗਿਆ ਸੀ। ਮੀਟਿੰਗ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦੀ ਮੌਜੂਦਗੀ ਵਿੱਚ ਹੋਈ।
ਪੰਜਾਬ ਕਾਂਗਰਸ ਦਾ ਦਾਅਵਾ ਹੈ ਕਿ ਸੰਸਦ ਮੈਂਬਰ ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੀ ਹੈ। ਦਰਅਸਲ, ਜੇਕਰ ਕਾਂਗਰਸ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਹਟਾਉਂਦੀ ਹੈ ਤਾਂ ਉਨ੍ਹਾਂ ਦਾ ਸੰਸਦ ਮੈਂਬਰ ਦਾ ਅਹੁਦਾ ਬਰਕਰਾਰ ਰਹੇਗਾ। ਦੂਜੇ ਪਾਸੇ ਜੇਕਰ ਉਹ ਖੁਦ ਕਾਂਗਰਸ ਛੱਡ ਦਿੰਦੇ ਹਨ ਤਾਂ ਨਿਰਧਾਰਤ ਕਾਨੂੰਨ ਮੁਤਾਬਿਕ ਉਨ੍ਹਾਂ ਨੂੰ ਸੰਸਦ ਮੈਂਬਰ ਦਾ ਅਹੁਦਾ ਛੱਡਣਾ ਪਵੇਗਾ। ਇਸ ਕਾਰਨ ਕਾਂਗਰਸ ਉਨ੍ਹਾਂ ਨੂੰ ਹਟਾ ਨਹੀਂ ਰਹੀ ਹੈ ਅਤੇ ਪ੍ਰਨੀਤ ਖੁਦ ਪਾਰਟੀ ਨਹੀਂ ਛੱਡ ਰਹੇ ਹਨ।
“ਕਾਰਨ ਦੱਸੋ ਨੋਟਿਸ”
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ 24 ਨਵੰਬਰ ਨੂੰ ਐਮਪੀ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਹਮਾਇਤ ਕਿਉਂ ਕਰ ਰਹੀ ਹੈ। ਨੋਟਿਸ ਵਿੱਚ ਲਿਖਿਆ ਹੈ ਕਿ, “ਪਿਛਲੇ ਕਈ ਦਿਨਾਂ ਤੋਂ ਸਾਨੂੰ ਲਗਾਤਾਰ ਕਾਂਗਰਸੀ ਵਰਕਰਾਂ, ਵਿਧਾਇਕਾਂ, ਪਟਿਆਲਾ ਦੇ ਨੇਤਾਵਾਂ ਅਤੇ ਮੀਡੀਆ ਤੋਂ ਤੁਹਾਡੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਰਿਪੋਰਟਾਂ ਮਿਲ ਰਹੀਆਂ ਹਨ। ਇਹ ਜਾਣਕਾਰੀ ਅਤੇ ਖ਼ਬਰਾਂ ਉਦੋਂ ਤੋਂ ਹੀ ਆ ਰਹੀਆਂ ਹਨ ਜਦੋਂ ਤੁਹਾਡੇ ਪਤੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ ਅਤੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਸਥਾਪਨਾ ਕੀਤੀ ਹੈ। ਸਾਨੂੰ ਤੁਹਾਡੇ ਪਤੀ ਦੀ ਪਾਰਟੀ ਦਾ ਸਾਥ ਦੇਣ ਬਾਰੇ ਮੀਡੀਆ ਵਿੱਚ ਤੁਹਾਡੇ ਖੁੱਲ੍ਹੇ ਐਲਾਨਾਂ ਤੋਂ ਵੀ ਜਾਣੂ ਕਰਵਾਇਆ ਗਿਆ ਹੈ। ਕਿਰਪਾ ਕਰਕੇ ਸੱਤ ਦਿਨਾਂ ਦੇ ਅੰਦਰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰੋ ਨਹੀਂ ਤਾਂ ਪਾਰਟੀ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।‘’