ਚੰਡੀਗੜ੍ਹ : ਖਨੌਰੀ ਬਾਰਡਰ ‘ਤੇ ਕਿਸਾਨਾਂ ਵੱਲੋਂ ਲਗਾਏ ਗਏ ਟੈਂਟ ਪੁਲਿਸ ਵੱਲੋਂ ਹਟਾ ਦਿੱਤੇ ਗਏ ਹਨ। ਪੰਜਾਬ ਪੁਲਿਸ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ। ਇਸ ਦੇ ਨਾਲ ਹੀ ਟੈਂਟਾਂ ਵਿੱਚ ਲਗਾਏ ਗਏ ਬੈਨਰ, ਪੋਸਟਰ, ਪੱਖੇ, ਸਟੇਜ ਅਤੇ ਬਿਜਲੀ ਦੇ ਕੁਨੈਕਸ਼ਨ ਵੀ ਹਟਾ ਦਿੱਤੇ ਗਏ ਹਨ। ਖਨੌਰੀ ਬਾਰਡਰ ’ਤੇ ਜੇਸੀਬੀ ਮਸ਼ੀਨਾਂ ਨਾਲ ਕਿਸਾਨਾਂ ਦੇ ਟੈਂਟ ਹਟਾ ਦਿੱਤੇ ਗਏ ਹਨ।
ਇਸੇ ਦੌਰਾਨ MP ਸਰਬਜੀਤ ਸਿੰਘ ਖਾਲਸਾ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਮਿਲਣ ਲਈ ਥਾਣੇ ਪਹੁੰਚੇ ਹਨ। ਕਿਸਾਨਾਂ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਰੇ ਹੀ ਕਿਸਾਨ ਚੜ੍ਹਦੀ ਕਲਾ ਦੇ ਵਿੱਚ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਵਤੀਰਾ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਇਹ ਕਿਸੇ ਮਸਲੇ ਦਾ ਹੱਲ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਸੱਦ ਕੇ ਪਿੱਛੋਂ ਕਾਰਵਾਈ ਕੀਤੀ ਹੈ ਇਸ ਨਾਲ ਕਿਸਾਨ ਆਉਣ ਵਾਲੇ ਸਮੇਂ ਵਿੱਚ ਸਰਕਾਰ ’ਤੇ ਭਰੋਸਾ ਨਹੀਂ ਕਰਨਗੇ।
ਖਾਲਸੇ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿਸਾਨਾਂ ਦੀਆ ਮੰਗਾਂ ਨੂੰ ਮੰਨ ਲਿਆ ਜਾਵੇ। ਮੁੱਖ ਮੰਤਰੀ ਭਗਦਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਖਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਜੋ ਕੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਖੁਦ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਲ ਹੁੰਦਾ ਸੀ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦਾ ਹੁੰਦਾ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਕਿਸਾਨਾਂ ਨਾਲ ਖੜ੍ਹਨ ਦੀਆਂ ਉਨ੍ਹਾਂ ਦੀਆ ਸਿਰਫ਼ ਗੱਲਾਂ ਹੀ ਰਹਿ ਗਈਆਂ। ਉਨ੍ਹਾਂ ਨੇ ਫਿਰ ਤੋਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਤੋਂ ਕੋਈ ਨਾ ਕੋਈ ਹੱਲ ਕੱਢਿਆ ਜਾਵੇ ਤਾਂ ਜੋ ਮੁੜ ਕੇ ਕਿਸਾਨ ਧਰਨਾ ਦੇਣ ਲਈ ਮਜਬੂਰ ਨਾ ਹੋਣ।