India Punjab

ਮੁਖਤਾਰ ਅੰਸਾਰੀ ਮਾਮਲਾ : CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ ਕੈਪਟਨ ਅਮਰਿੰਦਰ ਤੇ ਸੁਖਜਿੰਦਰ ਰੰਧਾਵਾ ਤੋਂ ਵਸੂਲਾਂਗੇ 55 ਲੱਖ

Mukhtar Ansari case: CM Bhagwant Mann's big statement, said he will collect 55 lakhs from Captain Amarinder and Sukhjinder Randhawa

ਚੰਡੀਗੜ੍ਹ : ਪੰਜਾਬ ਦੀ ਜੇਲ੍ਹ ਵਿੱਚ ਰਹੇ UP ਦੇ ਗੈਂਗਸਟਰ ਅੰਸਾਰੀ ਨੂੰ ਲੈ ਕੇ CM ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ CM ਮਾਨ ਨੇ ਕਿਹਾ ਕਿUP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਵਿੱਚ ਲੜਣ ਦੀ ਫੀਸ 55 ਲੱਖ ਰੁਪਏ ਪੰਜਾਬ ਦੇ ਖਜ਼ਾਨੇ ਵਿੱਚੋਂ ਨਹੀ ਦਿੱਤੇ ਜਾਣਗੇ। ਇਹ ਖ਼ਰਚਾ ਉਸ ਵੇਲੇ ਦੇ ਗ੍ਰਹਿ ਮੰਤਰੀ ਤੇ ਜੇਲ੍ਹ ਮੰਤਰੀ ਤੋਂ ਵਸੂਲਿਆ ਜਾਵੇਗਾ।

CM ਮਾਨ ਨੇ ਟਵੀਟ ਕਰਦਿਆਂ ਲਿਖਿਆ,”UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਵਿੱਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖਜ਼ਾਨੇ ਵਿੱਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ।”

ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਇੱਕ ਗੰਭੀਰ ਅਪਰਾਧ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਰੰਧਾਵਾ, ਦੋਵਾਂ ਨੇ ਬਦਨਾਮ ਗੈਂਗਸਟਰ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਐਸ਼ਪ੍ਰਸਤੀ ਨਾਲ ਰਹਿਣ ਦੀ ਖੁੱਲ੍ਹ ਦਿੱਤੀ ਜਿਸ ਦੇ ਕਾਰਨ ਉਹ ਬਿਹਤਰ ਢੰਗ ਨਾਲ ਜਾਣਦੇ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦਾ ਪੈਸਾ ਇਸ ਤਰ੍ਹਾਂ ਬਰਬਾਦ ਕਿਉਂ ਹੋਣ ਦੇਵੇ ਜਦਕਿ ਉਸ ਸਮੇਂ ਸੱਤਾ ‘ਚ ਰਹਿਣ ਵਾਲਿਆਂ ਨੇ ਅੰਸਾਰੀ ਨਾਲ ਆਪਣੀ ਸਾਂਝ-ਭਿਆਲੀ ਪੁਗਾਈ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੇ ਪੈਸੇ ਦੀ ਨਿਰਲੱਜਤਾ ਨਾਲ ਕੀਤੀ ਗਈ ਲੁੱਟ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਹੀ ਇਸ ਬਾਰੇ ਭਲੀ ਭਾਂਤ ਜਾਣਦੀਆਂ ਹੋਣਗੀਆਂ ਕਿ ਇਸ ਬਦਨਾਮ ਅਪਰਾਧੀ ਨੂੰ ਰੋਪੜ ਜੇਲ੍ਹ ਵਿੱਚ ਪੂਰੀਆਂ ਸੁੱਖ-ਸਹੂਲਤਾਂ ਨਾਲ ਕਿਉਂ ਰੱਖਿਆ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਰਾਮਦਾਇਕ ਠਹਿਰ ਯਕੀਨੀ ਬਣਾਉਣ ਤੋਂ ਇਲਾਵਾ ਇਹ ਯਕੀਨੀ ਬਣਾਇਆ ਕਿ ਇਸ ਕੱਟੜ ਅਪਰਾਧੀ ਨੂੰ ਜੇਲ੍ਹ ਦੇ ਅੰਦਰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਤੋਂ ਪਾਸਾ ਵੱਟਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਸ ਸਮੇਂ ਦੀ ਸਰਕਾਰ ਨੇ ਰੋਪੜ ਜੇਲ੍ਹ ਵਿੱਚ ਬੰਦ ਇਸ ਅਪਰਾਧੀ ਦੇ ਹਿੱਤ ਮਹਿਫੂਜ਼ ਰੱਖਣ ਲਈ ਟੈਕਸ ਭਰਨ ਵਾਲਿਆਂ ਦੇ 55 ਲੱਖ ਰੁਪਏ ਖਰਚ ਕੀਤੇ ਸਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਬੇਰਹਿਮੀ ਨਾਲ ਕੀਤੀ ਜਾਣ ਵਾਲੀ ਅਜਿਹੀ ਲੁੱਟ ਪੂਰੀ ਤਰ੍ਹਾਂ ਗੈਰਵਾਜਬ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਪੈਸੇ ਦੀ ਸ਼ਰੇਆਮ ਲੁੱਟ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਰੰਧਾਵਾ ਨੂੰ ਇਹ ਪੈਸਾ ਆਪਣੀ ਜੇਬ ਵਿੱਚੋਂ ਭਰਨਾ ਪਵੇਗਾ ਨਹੀਂ ਤਾਂ ਇਸ ਰਾਸ਼ੀ ਦੀ ਵਸੂਲੀ ਲਈ ਉਨ੍ਹਾਂ ਦੀਆਂ ਪੈਨਸ਼ਨਾਂ ਅਤੇ ਹੋਰ ਲਾਭ ਬੰਦ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਉਨ੍ਹਾਂ ਦੇ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨਾਲ ਸਬੰਧਤ ਲੱਖਾਂ ਰੁਪਏ ਦੇ ਕਾਨੂੰਨੀ ਖ਼ਰਚੇ ਦੀ ਅਦਾਇਗੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਸਬੰਧੀ ਕਰੀਬ 55 ਲੱਖ ਰੁਪਏ ਦੀ ਅਦਾਇਗੀ ਵਾਲੀ ਫਾਈਲ ਵਾਪਸ ਮੋੜ ਦਿੱਤੀ ਸੀ । ਇਹ ਬਿੱਲ ਸੁਪਰੀਮ ਕੋਰਟ ਦੇ ਇੱਕ ਸੀਨੀਅਰ ਵਕੀਲ ਦਾ ਸੀ, ਜਿਸ ਨੇ ਕੈਪਟਨ ਸਰਕਾਰ ਵੇਲੇ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਮੁਖਤਾਰ ਅੰਸਾਰੀ ਦੀ ਮੌਜੂਦਗੀ ਕਾਇਮ ਰੱਖਣ ਸਬੰਧੀ ਸੁਪਰੀਮ ਕੋਰਟ ’ਚ ਕੇਸ ਲੜਿਆ ਸੀ। ਇਸ ਵਕੀਲ ਦੀ ਹਰ ਪੇਸ਼ੀ ਪੰਜਾਬ ਸਰਕਾਰ ਨੂੰ ਕਰੀਬ 11 ਲੱਖ ਰੁਪਏ ਵਿੱਚ ਪਈ ਸੀ ।