‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਗੈਂਗਸਟਰ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਤੋਂ ਉੱਤਰ ਪ੍ਰਦੇਸ਼ ਰਵਾਨਾ ਕਰ ਦਿੱਤਾ ਗਿਆ ਹੈ। ਮੁਖਤਾਰ ਅੰਸਾਰੀ ਨੂੰ ਯੂਪੀ ਦੀ ਬਾਂਦਾ ਜੇਲ ਲਿਜਾਇਆ ਜਾ ਰਿਹਾ ਹੈ। ਮੁਖਤਾਰ ਅੰਸਾਰੀ ਦੀ ਪਤਨੀ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਲਾਈ ਹੈ ਤੇ ਮੁਖਤਾਰ ਅੰਸਾਰੀ ਨੂੰ ਰੋਪੜ ਤੋਂ ਬਾਂਦਾ ਲਿਜਾਣ ਸਮੇਂ ਪੁਖਤਾ ਸੁਰੱਖਿਆ ਦੀ ਮੰਗ ਕੀਤੀ ਗਈ ਹੈ। ਅਦਾਲਤ ‘ਚ ਪੇਸ਼ੀ ਦੌਰਾਨ ਵੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਪਟੀਸ਼ਨ ‘ਚ ਵਿਕਾਸ ਦੂਬੇ ਐਨਕਾਊਂਟਰ ਮਾਮਲੇ ਦੀ ਉਦਾਹਰਣ ਦਿੱਤੀ ਗਈ ਹੈ। ਹਾਲਾਂਕਿ, ਅਰਜ਼ੀ ‘ਤੇ ਅਜੇ ਸੁਣਵਾਈ ਨਹੀਂ ਹੋਈ ਹੈ।
ਦੱਸ ਦਈਏ ਕਿ ਮੁਖਤਾਰ ਅੰਸਾਰੀ ਇਕ ਮਾਮਲੇ ‘ਚ ਪੰਜਾਬ ਦੀ ਰੋਪੜ ਜੇਲ ‘ਚ ਬੰਦ ਸੀ। ਅੰਸਾਰੀ ਨੂੰ ਲਿਆਉਣ ਲਈ ਯੂਪੀ ਸਰਕਾਰ ਤੇ ਪੰਜਾਬ ਸਰਕਾਰ ਵਿਚਕਾਰ ਸੁਪਰੀਮ ਕੋਰਟ ਤਕ ਮਾਮਲਾ ਚਲਾ ਗਿਆ ਸੀ। ਬੀਤੀ 26 ਮਾਰਚ ਨੂੰ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਮੁਖਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਭੇਜਣ ਦਾ ਹੁਕਮ ਦਿੱਤਾ ਸੀ। ਸੁਪਰੀਮ ਕੋਰਟ ਨੇ ਮੁਖਤਾਰ ਨੂੰ ਦੋ ਹਫ਼ਤਿਆਂ ‘ਚ ਉੱਤਰ ਪ੍ਰਦੇਸ਼ ਭੇਜਣ ਦਾ ਨਿਰਦੇਸ਼ ਦਿੱਤਾ ਸੀ।