Punjab

ਮੁਲਤਾਨੀ ਕਤਲ ਕੇਸ: ਸਰਬਉੱਚ ਅਦਾਲਤ ਨੇ ਸੁਮੇਧ ਸੈਣੀ ਨੂੰ ਦਿੱਤੀ ਅੰਤਰਿਮ ਜ਼ਮਾਨਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਬਲਵੰਤ ਸਿਘ ਮੁਲਤਾਨੀ ਕਤਲ ਕੇਸ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ, ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਸੈਣੀ ਨੂੰ ਆਪਣਾ ਪਾਸਪੋਰਟ ਸਪੁਰਦ ਕਰਨ, ਜਾਂਚ ਵਿੱਚ ਸਹਿਯੋਗ ਕਰਨ ਅਤੇ ਕੇਸ ਦੇ ਗਵਾਹਾਂ ਨੂੰ ਪ੍ਰਭਾਵਤ ਨਾ ਕਰਨ ਲਈ ਕਿਹਾ ਹੈ। ਸੈਣੀ ਖ਼ਿਲਾਫ਼ ਧਾਰਾ 302 ਤਹਿਤ ਮਾਮਲਾ ਜਾਰੀ ਹੈ ਪਰ ਸੈਣੀ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਰੱਦ ਕਰਦੇ ਆਏ ਹਨ।

ਪੂਰਾ ਮਾਮਲਾ ਕੀ ਹੈ ?

ਬਲਵੰਤ ਸਿੰਘ ਮੁਲਤਾਨੀ ਨੂੰ ਪੁਲਿਸ ਨੇ 11 ਦਸੰਬਰ 1991 ਨੂੰ ਤੜਕੇ 4 ਵਜੇ ਦੇ ਕਰੀਬ ਉਨ੍ਹਾਂ ਦੇ ਮੁਹਾਲੀ ਸਥਿਤ ਘਰ ਤੋਂ ਹਿਰਾਸਤ ਵਿੱਚ ਲੈ ਲਿਆ ਸੀ। ਉਸ ਵੇਲੇ ਕੁੱਝ ਹੋਰ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ।

ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਨੇ ਸ਼ਿਕਾਇਤ ਦਰਜ ਕਰਵਾਉਂਦਿਆਂ ਕਿਹਾ ਸੀ ਕਿ ਚੰਡੀਗੜ੍ਹ ਪੁਲਿਸ ਨੇ ਦੋ ਦਿਨ ਟਾਰਚਰ ਕਰਨ ਤੋਂ ਬਾਅਦ 13 ਦਸੰਬਰ ਨੂੰ ਮੁਲਤਾਨੀ ਦੇ ਖਿਲਾਫ FIR ਦਰਜ ਕਰ ਲਈ ਸੀ, ਜਿਸ ਵਿੱਚ ਉਸ ਵੇਲੇ ਦੇ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸਿੰਘ ਸੈਣੀ ‘ਤੇ ਹੋਏ ਹਮਲੇ ਵਿਚ ਉਸ ਦਾ ਹੱਥ ਦੱਸਿਆ ਗਿਆ ਸੀ।

ਚੰਡੀਗੜ੍ਹ ਪੁਲਿਸ ਦੀ ਹਿਰਾਸਤ ਵਿੱਚ 7 ਦਿਨਾਂ ਤੱਕ ਟਾਰਚਰ ਕਰਨ ਤੋਂ ਬਾਅਦ ਬਲਵੰਤ ਸਿੰਘ ਨੂੰ ਕਾਦੀਆਂ (ਗੁਰਦਾਸਪੁਰ) ਥਾਣੇ ਲਿਜਾਇਆ ਗਿਆ ਅਤੇ ਉੱਥੇ ਉਸ ਨੂੰ ਫਰਾਰ ਘੋਸ਼ਿਤ ਕਰਕੇ ਉਸ ਖਿਲਾਫ਼ ਇੱਕ ਹੋਰ FIR ਦਰਜ ਕੀਤੀ ਗਈ।

ਦਸੰਬਰ, 1991 ਵਿੱਚ ਬਲਵੰਤ ਸਿੰਘ ਦੇ ਪਿਤਾ ਅਤੇ ਆਈਏਐੱਸ ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਉਨ੍ਹਾਂ ਦੇ ਬੇਟੇ ਬਲਵੰਤ ਸਿੰਘ ਨੂੰ ਅਦਾਲਤ ‘ਚ ਪੁਲਿਸ ਵੱਲੋਂ ਪੇਸ਼ ਕਰਾਉਣ ਲਈ ਕਿਹਾ, ਪਰ ਅਦਾਲਤ ਨੇ ਇਸ ਦਾਅਵੇ ਦੇ ਆਧਾਰ ‘ਤੇ ਪਟੀਸ਼ਨ ਖਾਰਿਜ ਕਰ ਦਿੱਤੀ ਕਿ ਬਲਵੰਤ ਸਿੰਘ ਪੁਲਿਸ ਹਿਰਾਸਤ ਤੋਂ ਭੱਜ ਗਿਆ ਸੀ ਅਤੇ ਉਸ ਦੇ ਟਿਕਾਣੇ ਬਾਰੇ ਹੁਣ ਕਿਸੇ ਨੂੰ ਨਹੀਂ ਪਤਾ।

ਪਰਿਵਾਰ ਦਾ ਕਹਿਣਾ ਸੀ ਕਿ ਬਲਵੰਤ ਸਿੰਘ ਦੀ ਪੁਲਿਸ ਤਸ਼ੱਦਦ ਦੌਰਾਨ ਮੌਤ ਹੋਈ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਲ 2007 ‘ਚ ਇਹ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ। 2008 ‘ਚ ਸੀਬੀਆਈ ਨੇ ਸੁਪਰੀਮ ਕੋਰਟ ‘ਚ ਆਪਣਾ ਹਲਫ਼ਨਾਮਾ ਸੌਂਪਿਆ। ਸੁਪਰੀਮ ਕੋਰਟ ਵਿੱਚ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਸੈਣੀ ਦੇ ਹੱਕ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਕਿ ਸੈਣੀ ਵਰਗੇ ਇਮਾਨਦਾਰ ਪੁਲਿਸ ਅਧਿਕਾਰੀ ਨੇ ਪੰਜਾਬ ਤੋਂ ਅੱਤਵਾਦ ਖ਼ਤਮ ਕਰਨ ਦੀ ਹਮੇਸ਼ਾ ਕੋਸ਼ਿਸ਼ ਕੀਤੀ ਹੈ।

ਦਸੰਬਰ, 2011 ‘ਚ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਦੀ ਅਪੀਲ ਨੂੰ ਮਨਜ਼ੂਰੀ ਦਿੱਤੀ ਅਤੇ ਹਾਈਕੋਰਟ ਦੇ ਆਦੇਸ਼ਾਂ ਨੂੰ ਗ਼ਲਤ ਘੋਸ਼ਿਤ ਕੀਤਾ। ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ‘ਤੇ 7 ਮਈ 2020 ਨੂੰ ਮੁੜ੍ਹ ਤੋਂ ਸੁਮੇਧ ਸਿੰਘ ਸੈਣੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਪਲਵਿੰਦਰ ਸਿੰਘ ਮੁਲਤਾਨੀ ਵੱਲੋਂ ਕੇਸ ਲੜ ਰਹੇ ਵਕੀਲ ਪ੍ਰਦੀਪ ਵਿਰਕ ਨੇ ਦੱਸਿਆ ਕਿ ਸੈਣੀ ਅਤੇ 7 ਹੋਰਾਂ ਖ਼ਿਲਾਫ਼ ਧਾਰਾ 364, 201, 344, 330 ਅਤੇ 120ਬੀ ਦੇ ਨਾਲ ਅਦਾਲਤ ਦੇ ਹੁਕਮਾਂ ਤੋਂ ਬਾਅਦ ਧਾਰਾ 302 (ਕਤਲ ਦੀ ਧਾਰਾ) ਵੀ ਜੋੜੀ ਗਈ ਹੈ।

ਬਲਵੰਤ ਸਿੰਘ ਮੁਲਤਾਨੀ ਕੌਣ ਸੀ?

ਬਲਵੰਤ ਸਿੰਘ ਮੁਲਤਾਨੀ ਤਤਕਾਲੀ ਆਈਏਐੱਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਸਨ। ਬਲਵੰਤ ਸਿੰਘ ਚੰਡੀਗੜ੍ਹ ਇੰਡਸਟ੍ਰਿਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕੌਰਪੋਰੇਸ਼ਨ (ਸਿਟਕੋ) ਵਿੱਚ ਕੰਮ ਕਰਦੇ ਸਨ।

19 ਸਤੰਬਰ 2007 ਨੂੰ ਲਿਖੀ ਇੱਕ ਰਿਪੋਰਟ ਦੇ ਅਨੁਸਾਰ, ਬਲਵੰਤ ਸਿੰਘ ਨੇ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕੀਤੀ ਹੋਈ ਸੀ ਅਤੇ ਉਹ ਮਈ, 1989 ਤੋਂ ਚੰਡੀਗੜ੍ਹ ਵਿੱਚ ਹੀ ਸਿਟਕੋ ਵਿੱਚ ਜੂਨੀਅਰ ਇੰਜੀਨੀਅਰ ਵਜੋਂ ਕੰਮ ਕਰ ਰਹੇ ਸਨ। 31 ਦਸੰਬਰ, 1991 ਤੱਕ ਉਨ੍ਹਾਂ ਨੂੰ ਐਸ.ਡੀ.ਓ ਵਜੋਂ ਤਰੱਕੀ ਦਿੱਤੀ ਜਾਣੀ ਸੀ। ਉਨ੍ਹਾਂ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਹਾਦਸੇ ਵੇਲੇ ਉਹ 28 ਸਾਲਾਂ ਦੇ ਸਨ।

Comments are closed.