ਅੰਮ੍ਰਿਤਸਰ : ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਕੇ ਸਿੱਖ ਧਰਮ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਦੇ ਦੋਸ਼ ਹੇਠ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ਤੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਆਦੇਸ਼ ਉਨ੍ਹਾਂ ਨੇ ਅਕਾਲ ਤਖ਼ਤ ਦੇ ਸਕੱਤਰੇਤ ਸਾਹਮਣੇ ਜਾਰੀ ਕੀਤਾ।
ਪਿਛਲੇ ਮਹੀਨੇ ਵਿਧਾਨ ਸਭਾ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰਦੁਆਰਾ ਐਕਟ 1925 ਦੇ ਵਿੱਚ ਸੋਧ ਕਰਨ ਤੋਂ ਬਾਅਦ ਅਤੇ ਇੱਕ ਸਿੱਖ ਦੀ ਦਾੜ੍ਹੀ ਦੇ ਉਪਰ ਟਿੱਪਣੀ ਕਰਨ ਦੇ ਮਾਮਲੇ ਵਿੱਚ ਸਰਬੱਤ ਖ਼ਾਲਸਾ ਵੱਲੋਂ ਥਾਪੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਉੱਪਰ ਆ ਕੇ ਪੇਸ਼ ਹੋਣ ਲਈ ਤਲਬ ਕੀਤਾ ਸੀ।
ਤਿੰਨ ਵਾਰ ਮੌਕਾ ਦੇਣ ਦੇ ਬਾਅਦ ਭਗਵੰਤ ਸਿੰਘ ਮਾਨ ਦੇ ਦੋ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਸਪਸ਼ਟੀਕਰਨ ਭਾਈ ਧਿਆਨ ਸਿੰਘ ਮੰਡ ਨੂੰ ਦਿੱਤਾ ਗਿਆ। ਅੱਜ ਉਸ ਸਪਸ਼ਟੀਕਰਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੰਗਤ ਨੂੰ ਦਿਖਾਉਂਦੇ ਹੋਏ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਦਾ ਕਹਿਣਾ ਹੈ ਸੰਗਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਪਸ਼ਟੀਕਰਨ ਤੋਂ ਖ਼ੁਸ਼ ਨਹੀਂ ਹੈ ਜਿਸ ਕਰਕੇ ਅੱਜ ਭਗਵੰਤ ਸਿੰਘ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ।
ਉਨ੍ਹਾਂ ਨੇ ਕਿਹਾ ਕਿ ਪ੍ਰੰਤੂ ਹੁਣ ਜਦੋਂ ਉਹ ਚਿੱਠੀ ਪੜ੍ਹੀ ਹੈ ਤਾਂ ਇਸ ਨਾਲ ਅਕਾਲ ਤਖ਼ਤ ਸਾਹਿਬ ਜਾਂ ਪੰਥਕ ਜਜ਼ਬਾਤਾਂ ਅਨੁਸਾਰ ਕੋਈ ਅਹਿਮੀਅਤ ਨਹੀਂ ਬਣਦੀ, ਇਸ ਕਰਕੇ ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਇਹ ਸਭ ਕੁੱਝ ਇੱਕ ਸਾਜ਼ਸ਼ ਅਧੀਨ ਜਾਣ ਬੁੱਝ ਕੇ, ਬਦਨੀਤੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਰਕੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਵਿਚਾਰ ਕਰਨ ਉਪਰੰਤ ਇਹ ਗੁਰਮਤਾ ਸੋਧਿਆ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜਾਣ ਬੁੱਝ ਕੇ ਅਕਾਲ ਤਖ਼ਤ ਸਾਹਿਬ ਦਾ ਸਮਾਂ ਖ਼ਰਾਬ ਕਰਦੇ ਰਹੇ ਹਨ ਅਤੇ ਉਸ ਨੂੰ ਆਪਣੇ ਕੀਤੇ ਉੱਤੇ ਕੋਈ ਪਛਤਾਵਾ ਨਹੀਂ ਹੋ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਜਾਣ-ਬੁੱਝ ਕੇ ਭਗਵੰਤ ਮਾਨ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸਮਾਂ ਖ਼ਰਾਬ ਕੀਤਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮਜ਼ਾਕੀਆ ਅੰਦਾਜ਼ ਵਿੱਚ ਲਿਆ ਹੈ। ਇਸ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਕੀਤਾ ਜਾਂਦਾ ਹੈ ਕਿ ਕਿਸੇ ਵੀ ਪੰਥਕ ਸਮਾਗਮ ਜਾਂ ਪੰਥਕ ਸਟੇਜ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਣ ਨੂੰ ਬੋਲਣ ਨਾ ਦਿੱਤਾ ਜਾਵੇ ਅਤੇ ਜਿੰਨੀ ਦੇਰ ਤੱਕ ਭਗਵੰਤ ਸਿੰਘ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮਾਫ਼ੀ ਨਹੀਂ ਮੰਗਦੇ ਓਨੀ ਦੇਰ ਤੱਕ ਉਹ ਤਨਖ਼ਾਹੀਆ ਕਰਾਰ ਰਹਿਣਗੇ