Punjab

ਸ੍ਰੀ ਦਰਬਾਰ ਸਾਹਿਬ ਵਿਖੇ ਸਜਾਇਆ ਗਿਆ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਆਰੰਭਤਾ ਸਮੇਂ ਫੁੱਲਾਂ ਦੀ ਵਰਖਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। 

ਨਗਰ ਕੀਰਤਨ ਸਮੇਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਖੇ ਪੁਲਿਸ ਪਾਰਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ। ਨਗਰ ਕੀਰਤਨ ਦੌਰਾਨ ਹਵਾਈ ਜਹਾਜ਼ ਦੁਆਰਾ ਫੁੱਲਾਂ ਦੀ ਵਰਖਾ ਵੀ ਕੀਤੀ ਗਈ।

ਇਸ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਵੱਖ-ਵੱਖ ਥਾਵਾਂ ’ਤੇ ਲੰਗਰਾਂ ਦੁਆਰਾ ਸੇਵਾ ਕਰਕੇ ਸੰਗਤਾਂ ਨੇ ਸ਼ਰਧਾ ਪ੍ਰਗਟਾਈ।

ਦੱਸਣਯੋਗ ਹੈ ਕਿ ਇਸ ਵਾਰ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਜਾਇਆ ਗਿਆ, ਜਿਥੇ ਵੱਖ-ਵੱਖ ਥਾਂਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ।

ਬੀਬੀ ਜਗੀਰ ਕੌਰ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ

ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ਵ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਹਰ ਪੱਖ ਤੋਂ ਅਗਵਾਈ ਦੇਣ ਵਾਲਾ ਹੈ ਅਤੇ ਉਨ੍ਹਾਂ ਦੀ ਸਿੱਖ ਧਰਮ ਨੂੰ ਦੇਣ ਵੀ ਲਾਸਾਨੀ ਹੈ।

ਗੁਰੂ ਸਾਹਿਬ ਵੱਲੋਂ ਵਸਾਇਆ ਗਿਆ ਸ੍ਰੀ ਅੰਮ੍ਰਿਤਸਰ ਸ਼ਹਿਰ ਅੱਜ ਪੂਰੇ ਵਿਸ਼ਵ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਸੁਸ਼ੋਭਿਤ ਹਨ। ਬੀਬੀ ਜਗੀਰ ਕੌਰ ਨੇ ਮਹਾਨ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਪ੍ਰਾਪਤ ਕਰਕੇ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦਾ ਭਾਵ ਪੈਦਾ ਕਰਨ ਦਾ ਸੱਦਾ ਦਿੱਤਾ ਅਤੇ ਸਿੱਖ ਸਿਧਾਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਅਪੀਲ ਕੀਤੀ।