‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਉਣਗੇ। ਉਨ੍ਹਾਂ ਵੱਲੋਂ ਫਿਰੋਜ਼ਪੁਰ ‘ਚ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸਦੇ ਮੱਦੇਨਜ਼ਰ ਪੁਲਿਸ ਵੱਲੋਂ ਵੱਡੀ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਸੂਤਰਾਂ ਦੀ ਜਾਣਕਾਰੀ ਮੁਤਾਬਕ 10 ਹਜ਼ਾਰ ਸੁਰੱਖਿਆ ਮੁਲਾਜ਼ਮਾਂ ਤੋਂ ਇਲਾਵਾ ਐਂਟੀ ਡਰੋਨ ਸਿਸਟਮ ਵੀ ਫਿੱਟ ਕੀਤਾ ਗਿਆ ਹੈ। ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਕੁੱਝ ਕਿਸਾਨ ਜਥੇਬੰਦੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦਾ ਵਿਰੋਧ ਕਰ ਰਹੀਆਂ ਹਨ।
ਸੂਤਰਾਂ ਦੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ ਪੰਜਾਬ ਆ ਰਹੇ ਹਨ। ਇਸ ਦੌਰੇ ਦੌਰਾਨ ਉਹ 42 ਹਜ਼ਾਰ 750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਕਿਸਾਨ ਕੇਂਦਰ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਵਾਲਾ ਕਾਨੂੰਨ ਲਿਆਂਦਾ ਜਾਵੇ ਅਤੇ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਦਰਜ ਪੁਲਿਸ ਕੇਸ ਵਾਪਸ ਲਏ ਜਾਣ।
ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ ਜੀ.ਨਾਗੇਸ਼ਵਰ ਰਾਓ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬੁੱਧਵਾਰ ਨੂੰ ਫਿਰੋਜ਼ਪੁਰ ਦੌਰੇ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹੇ ਵਿੱਚ ਕਰੀਬ 10 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਪੰਜਾਬ ਪੁਲਿਸ ਐੱਨਐੱਸਜੀ, ਫੌਜ ਅਤੇ ਐੱਸਐੱਸਬੀ ਨਾਲ ਤਾਲਮੇਲ ਕਰਕੇ ਕੰਮ ਕਰ ਰਹੀ ਹੈ। ਡਰੋਨ ਵਿਰੋਧੀ ਟੀਮ ਵੀ ਤਾਇਨਾਤ ਕੀਤੀ ਗਈ ਹੈ। ਪ੍ਰਧਾਨ ਮੰਤਰੀ ਫਿਰੋਜ਼ਪੁਰ ਵਿਖੇ ਪੀਜੀਆਈਐੱਮਈਆਰ ਸੈਟੇਲਾਈਟ ਸੈਂਟਰ ਅਤੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਸਮੇਤ 42 ਹਜ਼ਾਰ 750 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।