ਅੰਬਾਲਾ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਇਕ ਰਾਤ ਪਹਿਲਾਂ ਨਵਦੀਪ ਸਿੰਘ ਜਲਬੇੜਾ ਨੂੰ ਜੇਲ੍ਹ ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਕੱਲ੍ਹ ਹੀ ਹਾਈਕੋਰਟ ਨੇ ਨਵਦੀਪ ਨੂੰ ਜ਼ਮਾਨਤ ਦਿੱਤੀ ਸੀ। ਰਿਹਾਈ ਮਗਰੋਂ ਮੀਡੀਆ ਨਾਲ ਗੱਲਬਾਤ ’ਚ ਨਵਦੀਪ ਨੇ ਰਿਹਾਈ ਲਈ ਯੋਗਦਾਨ ਦੇ ਵਾਲੇ ਹਰ ਕਿਸੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੁੱਧਵਾਰ ਨੂੰ ਅੰਬਾਲਾ ’ਚ ਹੀ ਅਨਾਜ ਮੰਡੀ ’ਚ ਕਿਸਾਨਾਂ ਦਾ ਇਕੱਠ ਹੋਵੇਗਾ ਜਿਸ ’ਚ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਕਿਉਂਕਿ ਇਹ ਨਸਲਾਂ ਦੀ ਲੜਾਈ ਬਣ ਚੁੱਕੀ ਹੈ।
ਅੰਬਾਲਾ ‘ਚ SP ਦਫ਼ਤਰ ਦਾ ਘਿਰਾਓ ਨਹੀਂ ਕਿਸਾਨ ਕਰਨਗੇ। ਕਿਸਾਨਾਂ ਨੇ ਐਲਾਨ ਕੀਤਾ ਹੋਇਆ ਸੀ ਕਿ ਜੇਕਰ ਨਵਦੀਪ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ ਬੁੱਧਵਾਰ ਨੂੰ ਅੰਬਾਲਾ ਵਿਚ SP ਦਫ਼ਤਰ ਦਾ ਘਿਰਾਓ ਕਰਨਗੇ। ਨਵਦੀਪ ਦੀ ਰਿਹਾਈ ਤੋਂ ਬਾਅਦ ਕਿਸਾਨ ਆਗੂਆਂ ਨੇ SP ਦਫ਼ਤਰ ਦਾ ਘਿਰਾਓ ਕਰਨ ਦੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਨਵਦੀਪ ਦੀ ਰਿਹਾਈ ਲਈ 17 ਅਤੇ 18 ਜੁਲਾਈ ਨੂੰ SP ਦਫ਼ਤਰ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਸੀ ਉਸਨੂੰ ਨਵਦੀਪ ਦੀ ਰਿਹਾਈ ਤੋਂ ਬਾਅਦ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਦਿਨ ਸਮੇਂ ਕਿਸਾਨਾਂ ਨੇ ਕਿਹਾ ਸੀ ਕਿ ਉਹ ਕਿਸਾਨ ਕਾਰਕੁਨ ਨਵਦੀਪ ਸਿੰਘ (ਵਾਟਰ ਕੈਨਨ) ਦੀ ਗ੍ਰਿਫਤਾਰੀ ਦੇ ਵਿਰੋਧ ’ਚ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸ.ਪੀ. ਦੇ ਦਫ਼ਤਰ ਦਾ ਘਿਰਾਓ ਕਰਨਗੇ। ਨਵਦੀਪ ਨੂੰ ਮਾਰਚ ’ਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ। ਉਸ ’ਤੇ ਦੰਗੇ ਅਤੇ ਕਤਲ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਗਿਆ ਸੀ।