Punjab

ਬਲਵਿੰਦਰ ਸੇਖੋਂ ਨਹੀਂ ਛੱਡਣਗੇ ਨਵਜੋਤ ਸਿੱਧੂ ਦਾ ਪਿੱਛਾ, ਹੁਣ ਨਵੇਂ ਕਾਨੂੰਨੀ ਦਾਅ ਪੇਚ ਨਾਲ ਘੇਰਨਗੇ

Navjot Sidhu appeared in Ludhiana court

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ CLU ਕੇਸ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਲੁਧਿਆਣਾ ਅਦਾਲਤ ਵਿੱਚ ਪੇਸ਼ ਹੋਏ ਹਨ। ਹਾਲਾਂਕਿ, ਉਨ੍ਹਾਂ ਕੋਲੋ ਕੋਈ ਪੁੱਛਗਿੱਛ ਨਹੀਂ ਹੋਈ ਕਿਉਂਕਿ ਸ਼ਿਕਾਇਤਕਰਤਾ ਨੇ ਪਹਿਲਾਂ ਹੀ ਨਵਜੋਤ ਸਿੱਧੂ ਦੇ ਫਿਜ਼ੀਕਲੀ ਹਾਜ਼ਰ ਹੋਣ ਦੀ ਅਪੀਲ ਦਾਇਰ ਕੀਤੀ ਗਈ ਸੀ। ਇਸ ਕੇਸ ਵਿੱਚ ਸਿੱਧੂ ਨੂੰ ਗਵਾਹ ਬਣਾਇਆ ਗਿਆ ਸੀ। ਅਗਲੀ ਸੁਣਵਾਈ 4 ਨਵੰਬਰ ਨੂੰ ਹੋਵੇਗੀ।

ਸ਼ਿਕਾਇਤਕਰਤਾ ਬਲਵਿੰਦਰ ਸੇਖੋਂ ਨੇ ਸਿੱਧੂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਣ ਉੱਤੇ ਇਤਰਾਜ਼ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਮੁੜ ਹਾਈਕੋਰਟ ਵਿੱਚ ਸਿੱਧੂ ਨੂੰ ਫਿਜ਼ੀਕਲੀ ਅਦਾਲਤ ਵਿੱਚ ਪੇਸ਼ ਹੋ ਕੇ ਗਵਾਹੀ ਦੇਣ ਦੇ ਹੁਕਮ ਦੇਣ ਵਾਸਤੇ ਅਪੀਲ ਕਰਨਗੇ।

ਸਿੱਧੂ ਨੂੰ ਇਸ ਤੋਂ ਪਹਿਲਾਂ ਵੀ ਪੇਸ਼ੀ ਉੱਤੇ ਬੁਲਾਇਆ ਗਿਆ ਸੀ ਪਰ ਸਿੱਧੂ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਅਦਾਲਤ ਵਿੱਚ ਪੇਸ਼ ਨਹੀਂ ਸਨ ਹੋਏ। ਸਿੱਧੂ ਦੀ ਪੇਸ਼ੀ ਲਈ ਅਦਾਲਤ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸਿੱਧੂ ਵੱਲੋਂ ਜੇਲ੍ਹ ਸੁਪਰਡੈਂਟ ਨੂੰ ਇੱਕ ਪੱਤਰ ਲਿਖ ਕੇ ਅਦਾਲਤ ਵਿੱਚ ਹੋਣ ਵਾਲੀ ਪੇਸ਼ੀ ਲਈ ਸੁਰੱਖਿਆ ਦੀ ਮੰਗ ਕੀਤੀ ਗਈ ਸੀ। ਸਿੱਧੂ ਦਾ ਕਹਿਣਾ ਸੀ ਕਿ ਲੁਧਿਆਣਾ ਅਦਾਲਤ ਵਿੱਚ ਪਹਿਲਾਂ ਬੰਬ ਧਮਾਕਾ ਹੋ ਚੁੱਕਿਆ ਹੈ, ਇਸ ਲ਼ਈ ਉੱਥੇ ਜਾਣ ਲਈ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਸਿੱਧੂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਜਾਣ ਦੀ ਜਾਣਕਾਰੀ ਸਾਂਝੀ ਕੀਤੀ ਸੀ।

ਨਵਜੋਤ ਸਿੱਧੂ ਦਾ ਇਸ ਵਾਰੀ ਫੇਰ ਹੋਇਆ ‘ਬਚਾਅ’

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕੇਸ ਵਿੱਚ ਅਦਾਲਤ ਨੇ ਸਿੱਧੂ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ। ਸਿੱਧੂ ਨੇ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਪਟੀਸ਼ਨ ਦੇ ਮਾਮਲੇ ਵਿੱਚ ਗਵਾਹੀ ਦੇਣੀ ਸੀ। DSP ਬਲਵਿੰਦਰ ਸਿੰਘ ਸੇਖੋਂ ਨੂੰ ਉਸ ਸਮੇਂ ਦੇ ਮੰਤਰੀ ਸਿੱਧੂ ਨੇ ਮਾਮਲੇ ਦੀ ਜਾਂਚ ਸੌਂਪੀ ਸੀ। ਘਪਲੇ ਦੀ ਜਾਂਚ ਕਰ ਰਹੇ DSP ਸੇਖੋਂ ਦਾ ਦੋਸ਼ ਹੈ ਕਿ ਜਾਂਚ ਨੂੰ ਅਟਕਾਉਣ ਲਈ ਸਾਬਕਾ ਮੰਤਰੀ ਆਸ਼ੂ ਨੇ ਉਸਨੂੰ ਫ਼ੋਨ ’ਤੇ ਧਮਕੀ ਦਿੱਤੀ ਸੀ। ਸੋ, ਹੁਣ ਇਸ ਕੇਸ ’ਚ ਸਿੱਧੂ ਦੀ ਗਵਾਹੀ ਦੀ ਜ਼ਰੂਰਤ ਹੈ ਤਾਂ ਜੋ ਨਿਰਪੱਖਤਾ ਨਾਲ ਜਾਂਚ ਕੀਤੀ ਜਾ ਸਕੇ।