India Punjab

ਨਵਜੋਤ ਸਿੱਧੂ ਨੇ ਹੁਣ ਕਿਸਾਨਾਂ ਲਈ ਕੀਤਾ ਟਵੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਅੰਦੋਲਨ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਕੱਲ੍ਹ ਸਵੇਰੇ 9:30 ਵਜੇ ਆਪਣੇ ਦੋਵੇਂ ਘਰਾਂ ਵਿੱਚ, ਜੋ ਕਿ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਹਨ, ‘ਤੇ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਕਾਲੇ ਝੰਡੇ ਲਹਿਰਾਉਣਗੇ। ਸਿੱਧੂ ਨੇ ਸਾਰਿਆਂ ਨੂੰ ਬੇਨਤੀ ਕਰਦਿਆਂ ਕਿਹਾ ਹੈ ਕਿ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਜਾਂ ਫਿਰ ਸੂਬਾ ਸਰਕਾਰ ਰਾਹੀਂ ਫ਼ਸਲਾਂ ਦੀ ਖਰੀਦ ਅਤੇ ਜਿਣਸਾਂ ‘ਤੇ ਐੱਮ.ਐੱਸ.ਪੀ. ਯਕੀਨੀ ਬਣਾਉਣ ਲਈ ਕੋਈ ਵਿਕਲਪਕ ਹੱਲ ਨਹੀਂ ਕੱਢਿਆ ਜਾਂਦਾ, ਉਦੋਂ ਤੱਕ ਹਰ ਘਰ ਦੀ ਛੱਤ ‘ਤੇ ਕਾਲਾ ਝੰਡਾ ਲਹਿਰਾਇਆ ਜਾਵੇ।

ਕਿਸਾਨ ਲੀਡਰਾਂ ਨੇ ਕਿਸਾਨ ਅੰਦੋਲਨ ਦੇ 6 ਮਹੀਨੇ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ 7 ਸਾਲ ਪੂਰੇ ਹੋਣ ‘ਤੇ ਮੋਦੀ ਸਰਕਾਰ ਦੇ ਵਿਰੋਧ ਵਜੋਂ 26 ਮਈ ਨੂੰ ਵਿਰੋਧ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਦਿਨ ਕਿਸਾਨ ਲੀਡਰਾਂ ਨੇ ਦੇਸ਼ ਵਾਸੀਆਂ ਨੂੰ ਆਪਣੇ ਘਰਾਂ, ਦੁਕਾਨਾਂ, ਵਾਹਨਾਂ ‘ਤੇ ਕਾਲੇ ਝੰਡੇ ਲਗਾ ਕੇ ਮੋਦੀ ਸਰਕਾਰ ਦਾ ਵਿਰੋਧ ਕਰਨ ਅਤੇ ਮੋਦੀ ਸਰਕਾਰ ਦੇ ਪੁਤਲੇ ਸਾੜਣ ਦੀ ਅਪੀਲ ਕੀਤੀ ਹੈ।