‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੱਤਾਧਿਰ ਪਾਰਟੀ ਅਤੇ ਰਾਜ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਨੂੰ ਪੱਕਾ ਕਰਨ ਲਈ ਅਤੇ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ਅਤੇ ਸੁਧਾਰ ਪਹਿਲਕਦਮੀਆਂ ਦੇ ਅਮਲ ਨੂੰ ਹੋਰ ਤੇਜ਼ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ 10 ਮੈਂਬਰੀ ਗਠਜੋੜ ਬਣਾ ਦਿੱਤਾ ਹੈ।
ਇਸ ਰਣਨੀਤੀਘਾੜਿਆਂ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਸੁਰੱਖਿਆ ਮੰਤਰੀ ਅਰੁਣਾ ਚੌਧਰੀ ਮੈਂਬਰ ਹੋਣਗੇ। ਸਿੱਧੂ ਦੇ ਨਾਲ ਪਾਰਟੀ ਦੇ ਚਾਰ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਪ੍ਰਗਟ ਸਿੰਘ ਤੋਂ ਇਲਾਵਾ ਸੰਗਤ ਸਿੰਘ ਗਿਲਜੀਆਂ ਅਤੇ ਪਵਨ ਗੋਇਲ ਦਾ ਨਾ ਵੀ ਸ਼ਾਮਿਲ ਕੀਤਾ ਗਿਆ ਹੈ।
ਇਹ ਫੈਸਲਾ ਅੱਜ ਉਦੋਂ ਲਿਆ ਗਿਆ ਜਦੋਂ ਨਵਜੋਤ ਸਿੰਘ ਸਿੱਧੂ, ਕੁਲਜੀਤ ਸਿੰਘ ਨਾਗਰਾ ਅਤੇ ਪਰਗਟ ਦੇ ਨਾਲ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਪਹੁੰਚੇ। ਇਸ ਮੌਕੇ ਪੰਜਾਬ ਨਾਲ ਜੁੜੇ ਮੁੱਦਿਆਂ ਅਤੇ ਪਾਰਟੀ-ਸਰਕਾਰ ਦੇ ਬਿਹਤਰ ਤਾਲਮੇਲ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ।
ਜਾਣਕਾਰੀ ਅਨੁਸਾਰ ਗਠਜੋੜ ਵਿੱਚ ਹੋਰ ਮੰਤਰੀਆਂ, ਮਾਹਰਾਂ ਆਦਿ ਨਾਲ ਸਲਾਹ ਮਸ਼ਵਰਾ ਕਰਕੇ ਹਫਤਾਵਾਰੀ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।ਇਹਨਾਂ ਵਿਚ ਵੱਖ -ਵੱਖ ਰਾਜ ਸਰਕਾਰ ਦੀਆਂ ਪਹਿਲਕਦਮੀਆਂ ਦੇ ਵਿਕਾਸ ਬਾਰੇ ਵਿਚਾਰ -ਵਟਾਂਦਰਾ ਕੀਤਾ ਜਾਵੇਗਾ।
ਇੱਕ ਹੋਰ ਫੈਸਲੇ ਵਿੱਚ ਕੈਪਟਨ ਅਮਰਿੰਦਰ ਨੇ ਆਪਣੇ ਕੈਬਨਿਟ ਸਹਿਯੋਗੀਆਂ ਨੂੰ ਇਹ ਵੀ ਜ਼ਿੰਮੇਵਾਰੀ ਸੌਂਪੀ ਹੈ ਕਿ ਉਹ ਹਰ ਰੋਜ਼ ਪੰਜਾਬ ਕਾਂਗਰਸ ਭਵਨ ਵਿੱਚ ਮੌਜੂਦ ਰਹਿਣਗੇ। ਵਿਧਾਇਕਾਂ ਅਤੇ ਪਾਰਟੀ ਦੇ ਹੋਰ ਅਧਿਕਾਰੀਆਂ ਨਾਲ ਉਨ੍ਹਾਂ ਦੇ ਹਲਕਿਆਂ/ਖੇਤਰਾਂ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤੇ ਸ਼ਿਕਾਇਤਾਂ ਦੇ ਹੱਲ ਲੱਭੇ ਜਾਣਗੇ।
ਹਦਾਇਤ ਕੀਤੀ ਗਈ ਹੈ ਕਿ ਇਕ ਮੰਤਰੀ ਰੋਜਾਨਾ ਕਾਂਗਰਸ ਭਵਨ ਵਿੱਚ ਸੋਮਵਾਰ ਤੋਂ ਤਿੰਨ ਘੰਟੇ (ਸਵੇਕੇ 11 ਵਜੇ ਤੋਂ 2 ਵਜੇ ਤੱਕ) ਬੈਠਿਆ ਕਰੇਗਾ ਜੋ ਲੋਕਾਂ ਦੀਆਂ ਸਮੱਸਿਆਵਾਂ ਸੁਣੇਗਾ।ਕਿਸੇ ਐਮਰਜੈਂਸੀ ਵਿੱਚ ਉਸਦੀ ਥਾਂ ਕੋਈ ਹੋਰ ਮੰਤਰੀ ਉਸਦੀ ਜਿੰਮੇਦਾਰੀ ਨਿਭਾਇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਬੰਧ ਹਫਤੇ ਵਿੱਚ ਪੰਜ ਦਿਨ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਾਗੂ ਹੋਵੇਗਾ। ਉਨਾਂ ਅੱਗੇ ਕਿਹਾ ਕਿ ਇਸ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨਾਂ ਦੀ ਸਰਕਾਰ ਅਤੇ ਪਾਰਟੀ ਦੇ ਅਹੁਦੇਦਾਰਾਂ ਦਰਮਿਆਨ ਬਿਹਤਰ ਤਾਲਮੇਲ ਬਣੇਗਾ।