Punjab

ਨਵਜੋਤ ਸਿੱਧੂ ਦੇ ਵਾਅਦੇ ਸਚਾਈ ਤੋਂ ਕੋਹਾਂ ਦੂਰ

ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਇੰਚਾਰਜ਼ ਹਰੀਸ਼ ਚੋਧਰੀ ਨੇ ਕਿਹਾ ਹੈ ਕਿ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦਾਅਵੇ ਸਚਾਈ ਤੋਂ ਕੋਹਾਂ ਦੂਰ ਹਨ। ਉਨ੍ਹਾਂ ਨੇ ਕਿਹਾ ਕਿ ਸਿੱਧੂ ਦੇ ਪ੍ਰਧਾਨ ਹੁੰਦਿਆਂ ਹਾਈ ਕਮਾਂਡ ਨੇ ਉਨ੍ਹਾਂ ਦੇ ਹੱਥ ਬੰਨ ਕੇ ਨਹੀਂ ਰੱਖੇ ਸਨ। ਜੇ ਉਹ ਕੋਈ ਅਜਿਹਾ ਦਾਅਵਾ ਕਰਦੇ ਹਨ ਤਾਂ ਇਹ ਗਲਤ ਹੈ। ਕਾਂਗਰਸ ਦੇ ਸੀਨੀਅਰ ਨੇਤਾ ਹਰੀਸ਼ ਚੋਧਰੀ ਨੇ ਰਾਜਾ ਵੜਿੰਗ ਦੀ ਤਾਜਪੋਸ਼ੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਅਨੁਸ਼ਾਸ਼ਨ ਭੰਗ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਨੇ ਇੱਥੋ ਤੱਕ ਕਹਿ ਦਿੱਤਾ ਕਿ ਨਵਜੋਤ ਸਿੰਘ ਸਿੱਧੂ ਕੀ ਕਰ ਰਹੇ ਹਨ ਇਹ ਨਾ ਤਾਂ ਪਾਰਟੀ ਤੋਂ ਲੁਕਿਆ ਹੋਇਆ ਅਤੇ ਨਾ ਹੀ ਪੰਜਾਬ ਦੇ ਲੋਕਾਂ ਤੋਂ ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਮੁੜ ਤੋਂ ਸਰਗਰਮ ਹੋਣ ਜਾ ਰਹੀ ਹੈ। ਪਾਰਟੀ ਦੇ ਕੰਮਾਂ ਵਿੱਚ ਅੜਿਕਾ ਡਾਹੁਣ ਵਾਲੇ ਲੀਡਰ ਨੂੰ ਬਖਸ਼ਿਆਂ ਨਹੀਂ ਜਾਵੇਗਾ। ਚਾਹੇ ਉਹ ਕਿਸੇ ਵੀ ਰੁਤਵੇ ‘ਤੇ ਬੈਠਿਆ ਹੋਵੇ। ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੁੜ ਤੋਂ ਪਿੱਠ ਥਾਪੜਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ 111 ਦਿਨਾਂ ਦੇ ਰਾਜ ਵਿੱਚ ਬਿਹਤਰ ਕੰਮ ਕੀਤਾ ਹੈ। ਚੰਨੀ ਉੱਤੇ ਭ੍ਰਿਸ਼ਟਾਚਾਰ ਦੇ ਲੱਗੇ ਦੋਸ਼ਾ ਵਿੱਚ ਕੋਈ ਸਚਾਈ ਨਹੀਂ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਮਜ਼ਬੂਤ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਅਤੇ ਸਰਕਾਰ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦ ਯਾਦ ਕਰਾਉਦਿਆਂ ਲੋਕਾਂ ਦਾ ਵਿਸਵਾਸ਼ ਨਾ ਤੋੜਨ ਦੀ ਅਪੀਲ ਵੀ ਕੀਤੀ ।