Punjab

ਵਿਰੋਧੀਆਂ ਦੇ ਨਿਸ਼ਾਨੇ ਉੱਤੇ ਨਵਜੋਤ ਸਿੱਧੂ ਦਾ ਸਲਾਹਕਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸੰਵਿਧਾਨ ਦੀ ਧਾਰਾ 370 ਦੇ ਤਹਿਤ ਜੰਮੂ -ਕਸ਼ਮੀਰ ਨੂੰ ਦਿੱਤੇ ਵਿਸ਼ੇਸ਼ ਦਰਜੇ ਅਤੇ ਖੁਦਮੁਖਤਿਆਰੀ ਨੂੰ ਰੱਦ ਕਰਨ ਦੇ ਵਿਰੁੱਧ ਆਪਣੀ ਫੇਸਬੁੱਕ ਪੋਸਟ ਨਾਲ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ।ਇਸ ਨਾਲ ਮਾਲੀ ਵਿਰੋਧੀ ਧਿਰਾਂ ਦੇ ਨਿਸ਼ਾਨੇ ਉੱਤੇ ਆ ਗਏ ਹਨ।

ਉਨ੍ਹਾਂ ਲਿਖਿਆ ਸੀ ਕਿ ਕਸ਼ਮੀਰ ਕਸ਼ਮੀਰੀਆਂ ਦਾ ਹੈ। ਭਾਰਤ ਅਤੇ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਦੇ ਮਤਿਆਂ ਦੇ ਸਿਧਾਂਤਾਂ ਦੇ ਵਿਰੁੱਧ ਜਾ ਕੇ ਕਸ਼ਮੀਰ ਖੇਤਰ ਨੂੰ ਗੈਰਕਨੂੰਨੀ ਢੰਗ ਨਾਲ ਜੋੜਿਆ ਹੈ।ਜੇ ਕਸ਼ਮੀਰ ਭਾਰਤ ਦਾ ਹਿੱਸਾ ਸੀ ਤਾਂ ਧਾਰਾ 370 ਅਤੇ 35-ਏ ਰੱਖਣ ਦੀ ਕੀ ਲੋੜ ਸੀ। ਰਾਜਾ ਹਰੀ ਸਿੰਘ ਨਾਲ ਵਿਸ਼ੇਸ਼ ਸਮਝੌਤਾ ਕੀ ਸੀ? ਲੋਕਾਂ ਨੂੰ ਦੱਸੋ ਕਿ ਸਮਝੌਤੇ ਦੀਆਂ ਸ਼ਰਤਾਂ ਕੀ ਸਨ।” ਵਿਰੋਧੀ ਪਾਰਟੀਆਂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਾਲੀ ਦੀ ਕਸ਼ਮੀਰ ਬਾਰੇ ਵਿਵਾਦਤ ਟਿੱਪਣੀਆਂ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਇਸ ਟਿੱਪਣੀ ਨੂੰ ਮੰਦਭਾਗਾ ਕਰਾਰ ਦਿੱਤਾ, ਜਦੋਂ ਕਿ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਮਾਲੀ ਨੂੰ ਸਲਾਹਕਾਰ ਦੇ ਅਹੁਦੇ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ।

ਮਾਲੀ ਨੇ ਕਿਹਾ ਕਿ ਉਹ ਆਪਣੇ ਬਿਆਨ ‘ਤੇ ਕਾਇਮ ਹਨ।ਧਾਰਾ 370 ਅਤੇ 35 ਏ ਨੂੰ ਕਿਵੇਂ ਰੱਦ ਕੀਤਾ ਜਾ ਸਕਦਾ ਹੈ ਜਦੋਂ ਮਾਮਲਾ ਅਜੇ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ।

ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਵੀ ਮਾਲਵਿੰਦਰ ਸਿੰਘ ਮਾਲੀ ਦੇ ਬਿਆਨ ਦੀ ਤਿੱਖੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਸਲਾਹਕਾਰ ਉੱਤੇ ਇਸ ਬਿਆਨ ਨੂੰ ਲੈ ਕੇ ਕਾਰਵਾਈ ਕਰਨੀ ਚਾਹੀਦੀ ਹੈ ਤੇ ਨਕੇਲ ਕੱਸ ਕੇ ਰੱਖਣੀ ਚਾਹੀਦੀ ਹੈ।