ਬਿਊਰੋ ਰਿਪੋਰਟ : ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਆਪਣੀ ਸੁਰੱਖਿਆ ਵਧਾਉਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ‘Y’ ਤੋਂ ਵਧਾ ਕੇ ‘Z’ ਸੁਰੱਖਿਆ ਕੀਤੀ ਜਾਵੇ। ਇਸਦੇ ਪਿੱਛੇ ਉਨ੍ਹਾਂ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ।
ਸਿੱਧੂ ਨੇ ਅਦਾਲਤ ਵਿੱਚ ਆਪਣਾ ਪੱਖ ਰੱਖ ਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ, ਇਸੇ ਲਈ ਕੇਂਦਰ ਨੇ ਉਨ੍ਹਾਂ ਨੂੰ ‘Z’ ਸੁਰੱਖਿਆ ਦਿੱਤੀ ਸੀ। ਰੋਡ ਰੇਜ ਮਾਮਲੇ ਵਿੱਚ ਜਦੋਂ ਉਹ ਜੇਲ੍ਹ ਗਏ ਤਾਂ ਸੁਰੱਖਿਆ ਵਾਪਸ ਲੈ ਲਈ ਗਈ । ਉਸ ਵੇਲੇ ਭਰੋਸਾ ਦਿੱਤਾ ਗਿਆ ਸੀ ਕਿ ਜਦੋਂ ਉਹ ਬਾਹਰ ਆਉਣਗੇ ਤਾਂ ਸੁਰੱਖਿਆ ਵਾਪਸ ਦਿੱਤੀ ਜਾਵੇਗੀ ।
ਇੱਕ ਸ਼ੱਕੀ ਵਿਅਕਤੀ ਘਰ ਵਿੱਚ ਵੜਿਆ ਸੀ
ਨਵਜੋਤ ਸਿੰਘ ਸਿੱਧੂ ਨੇ ਅਦਾਲਤ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਘਰ ਵਿੱਚ ਕੋਈ ਅਣਜਾਨ ਵਿਅਕਤੀ ਵੇਖਿਆ ਗਿਆ ਸੀ, ਇਸ ਮਾਮਲੇ ਵਿੱਚ ਉਨ੍ਹਾਂ ਨੇ ਪਟਿਆਲਾ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਸਿੱਧੂ ਦੀ ਪਟੀਸ਼ਨ ‘ਤੇ ਵੀਰਵਾਰ ਨੂੰ ਸੁਣਵਾਈ ਹੋਵੇਗੀ।
ਇਸ ਤੋਂ ਪਹਿਲਾਂ ਜਦੋਂ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਤੋਂ ਬਾਹਰ ਕਦਮ ਰੱਖਿਆ ਸੀ ਤਾਂ ਸਭ ਤੋਂ ਪਹਿਲਾਂ ਮੁੱਦਾ ਇਹ ਹੀ ਚੁੱਕਿਆ ਸੀ ਕਿ ਉਨ੍ਹਾਂ ਦੀ ਸੁਰੱਖਿਆ ਘੱਟ ਕੀਤੀ ਗਈ ਹੈ। ਉਨ੍ਹਾਂ ਨੇ ਮਾਨ ਸਰਕਾਰ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਸੀ ਕਿ ਇੱਕ ਸਿੱਧੂ ਨੂੰ ਤੁਸੀਂ ਮਾਰ ਦਿੱਤਾ ਹੈ ਦੂਜੇ ਨੂੰ ਵੀ ਮਾਰਨਾ ਚਾਉਂਦੇ ਹੋ। ਸਿੱਧੂ ਦੀ ਪਤਨੀ ਨੇ ਵੀ ਆਪਣੇ ਪਤੀ ਦੀ ਸੁਰੱਖਿਆ ਨੂੰ ਲੈਕੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੇ ਸਿੱਧੂ ਮੂ੍ਸੇਵਾਲਾ ਦੇ ਹੱਕ ਵਿੱਚ ਬੋਲਿਆ ਅਤੇ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰਾਂ ਤੋਂ ਉਨ੍ਹਾਂ ਨੂੰ ਖ਼ਤਰਾ ਹੈ।
ਜਦੋਂ 2018 ਵਿੱਚ ਉਹ ਛੱਤੀਸਗੜ੍ਹ ਵਰਗੇ ਨਕਸਲੀ ਇਲਾਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ ਤਾਂ ਉਸ ਵੇਲੇ ਕੇਂਦਰ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਨੂੰ ਉਸ ਵੇਲੇ ‘Z’ ਸੁਰੱਖਿਆ ਦਿੱਤੀ ਸੀ। ਕਾਂਗਰਸ ਦੀ ਚਿੱਠੀ ‘ਤੇ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ‘Z’ ਕੀਤੀ ਸੀ, ਉਸ ਵੇਲੇ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਬੁਲੇਟ ਪਰੂਫ ਕਾਰ ਵੀ ਨਵਜੋਤ ਸਿੰਘ ਸਿੱਧੂ ਨੂੰ ਦਿੱਤੀ ਸੀ। ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਕਈ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਦੀ ਸੁਰੱਖਿਆ ਘੱਟ ਕੀਤੀ ਸੀ ਪਰ ਜਦੋਂ ਕੁਝ ਆਗੂਆਂ ਨੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁੱਖ ਕੀਤੀ ਸੀ ਤਾਂ ਮੁੜ ਤੋਂ ਸੁਰੱਖਿਆ ਬਹਾਰ ਕਰ ਦਿੱਤੀ ਗਈ ਸੀ।