Punjab

ਸਿੱਧੂ ਨੇ ਆਪਣੀ ਸਰਕਾਰ ਨੂੰ ਯਾਦ ਕਰਵਾਏ ਪੁਰਾਣੇ ਵਾਅਦੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਉਸਦੇ ਵਾਅਦੇ ਯਾਦ ਦਿਵਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਬਿਜਲੀ ਖਰੀਦ ਸਮਝੌਤੇ ਰੱਦ ਕਰਕੇ ਘਰੇਲੂ ਬਿਜਲੀ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਿਕ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੇਣ ਦੇ ਆਪਣੇ ਸੰਕਲਪ ਨੂੰ ਪੂਰਾ ਕਰੇ।

ਸਿੱਧੂ ਨੇ ਕਿਹਾ ਕਿ ਸਰਕਾਰ ਕਿਸਾਨਾਂ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਬੀਪੀਐੱਲ ਪਰਿਵਾਰਾਂ ਨੂੰ ਪਹਿਲਾਂ ਹੀ 10 ਹਜ਼ਾਰ ਕਰੋੜ ਤੋਂ ਵੱਧ ਦੀ ਬਿਜਲੀ ਸਬਸਿਡੀ ਦੇ ਰਹੀ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬਿਜਲੀ ਸਮਝੌਤੇ ਰੱਦ ਕਰਕੇ ਲੋਕਾਂ ਨੂੰ ਰਾਹਤ ਦੇਣ ਵਾਲਾ ਆਪਣਾ ਇਹ ਵਾਅਦਾ ਵੀ ਲਾਜ਼ਮੀ ਪੂਰਾ ਕਰਨਾ ਚਾਹੀਦਾ ਹੈ। ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਵੀਡੀਓ ਕਲਿੱਪ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਚੋਣਾਂ ਤੋਂ ਪਹਿਲਾਂ ਬਿਜਲੀ ਸਮਝੌਤਿਆਂ ਬਾਰੇ ਵਾਅਦੇ ਕਰਦੇ ਨਜ਼ਰ ਆ ਰਹੇ ਹਨ।

ਸਿੱਧੂ ਨੇ ਨਸ਼ਿਆਂ ਬਾਰੇ ਬੋਲਦਿਆਂ ਕਿਹਾ ਕਿ ਢਾਈ ਸਾਲਾਂ ਦੀ ਲੰਮੀ ਉਡੀਕ ਤੋਂ ਬਾਅਦ ਨਸ਼ਾ ਵਪਾਰ ਉੱਪਰ ਸਪੈਸ਼ਲ ਟਾਸਕ ਫੋਰਸ ਅਤੇ ਸੂਬਾ ਸਰਕਾਰ ਦੀਆਂ ਬਿਕਰਮਜੀਤ ਸਿੰਘ ਮਜੀਠੀਆ ਵਿਰੁੱਧ ਰਿਪੋਰਟਾਂ ਦੀ ਜਾਂਚ ਕੱਲ੍ਹ ਮਾਣਯੋਗ ਉੱਚ-ਅਦਾਲਤ ਕਰੇਗੀ। ਆਸ ਹੈ ਕਿ ਮੁੱਖ ਅਪਰਾਧੀਆਂ ਦਾ ਪਰਦਫ਼ਾਸ ਹੋਵੇਗਾ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਮਿਲੇਗੀ। ਇਹ ਪੰਜਾਬ ਦੀ ਜਵਾਨੀ ਲਈ ਇਨਸਾਫ਼ ਦਾ ਸਭ ਤੋਂ ਅਹਿਮ ਮਸਲਾ ਹੈ।