‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਹਰ ਸ਼ਨੀਵਾਰ ਅਤੇ ਐਤਵਾਰ ਵੀਕੈਂਡ ਲਾਕਡਾਊਨ ਲੱਗਿਆ ਕਰੇਗਾ। ਇਹ ਫੈਸਲਾ ਪੰਜਾਬ ਰਾਜ ਭਵਨ ਵਿਖੇ ਹੋਈ ਕੋਵਿਡ -19 ਵਾਰ ਰੂਮ ਮੀਟਿੰਗ ਦੌਰਾਨ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਹੈ। ਚੰਡੀਗੜ੍ਹ ਵਿੱਚ ਵੀਕੈਂਡ ਲਾਕਡਾਉਨ ਸ਼ੁੱਕਰਵਾਰ ਰਾਤ 10:00 ਵਜੇ ਤੋਂ ਸੋਮਵਾਰ ਸਵੇਰੇ 5:00 ਵਜੇ ਤੱਕ ਜਾਰੀ ਰਹੇਗਾ। ਇਸ ਮਿਆਦ ਦੇ ਦੌਰਾਨ, ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਭ ਕੁੱਝ ਬੰਦ ਰਹੇਗਾ। ਸਵਿਮਿੰਗ ਪੂਲ ਅਤੇ ਕੋਚਿੰਗ ਸੈਂਟਰ ਵੀ 30 ਅਪ੍ਰੈਲ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਕੱਲ੍ਹ ਹੀ ਚੰਡੀਗੜ੍ਹ ਵਿੱਚ ਯੂ.ਕੇ. ਸਟ੍ਰੇਨ ਦੀ ਪੁਸ਼ਟੀ ਹੋਈ ਸੀ।
ਚੰਡੀਗੜ੍ਹ ਵਿੱਚ 12 ਅਪ੍ਰੈਲ ਨੂੰ ਅਗਲੇ ਹੁਕਮਾਂ ਤੱਕ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਰਾਤ ਦਾ ਕਰਫਿਊ ਲਗਾਇਆ ਗਿਆ। ਇਸ ਤਹਿਤ ਸਾਰੀਆਂ ਗ਼ੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ ’ਤੇ ਪਾਬੰਦੀ ਲਗਾਈ ਗਈ ਹੈ। ਹਾਲਾਂਕਿ, 13 ਅਪ੍ਰੈਲ ਨੂੰ ਯੂਟੀ ਪ੍ਰਸ਼ਾਸਨ ਨੇ ਰਾਤ ਦੇ ਕਰਫਿਊ ਦਾ ਸਮਾਂ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ, ਜੋ ਕਿ ਪਹਿਲਾਂ ਪ੍ਰਸ਼ਾਸਨ ਨੇ 10.30 ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਇਆ ਸੀ।
ਯੂਟੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਅਤੇ ਮਾਸਕ ਦੀ ਵਰਤੋਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਯੂ.ਟੀ. ਪ੍ਰਸ਼ਾਸਨ ਨੇ ਰੌਕ ਗਾਰਡਨ ਨੂੰ ਵੀ ਬੰਦ ਕਰ ਦਿੱਤਾ ਅਤੇ ਸੁਖਨਾ ਝੀਲ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।
ਯੂਟੀ ਦੇ ਪ੍ਰਸ਼ਾਸਕ ਨੇ ਚੰਡੀਗੜ੍ਹ ਦੇ ਡੀਜੀਪੀ ਨੂੰ ਆਦੇਸ਼ ਵੀ ਦਿੱਤੇ ਹਨ ਕਿ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸ਼ਹਿਰ ਦੀਆਂ ਰੈਜੀਡੇਂਟ ਵੈਲਫੇਅਰ ਐਸੋਸੀਏਸ਼ਨ, ਮਾਰਕੀਟ ਐਸੋਸੀਏਸ਼ਨ, ਸਮਾਜਿਕ ਜਥੇਬੰਦੀਆਂ ਅਤੇ ਰਾਜਨੀਤਕ ਲੀਡਰਾਂ ਨੂੰ ਕਰੋਨਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਕਾਰਜ ਵਿੱਚ ਮਦਦ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਜਨਤਕ ਖੇਤਰਾਂ ਵਿੱਚ ਕੰਮ ਕਰਨ ਵਾਲੇ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕਰੋਨਾ ਰੋਕੂ ਟੀਕਾ ਲਗਵਾਉਣ ਲਈ ਪ੍ਰੇਰਿਆ।
ਬਦਨੌਰ ਨੇ ਸ਼ਹਿਰ ਦੇ ਸੈਕਟਰ-48 ਹਸਪਤਾਲ ਨੂੰ ਕਰੋਨਾ ਹਸਪਤਾਲ ’ਚ ਤਬਦੀਲ ਕਰ ਦਿੱਤਾ ਸੀ। ਵੀਪੀ ਸਿੰਘ ਬਦਨੌਰ ਨੇ ਕਿਹਾ ਕਿ ਨਵਰਾਤਿਆਂ ਦੌਰਾਨ ਮੰਦਰਾਂ ਅਤੇ ਗੁਰਦੁਆਰਿਆਂ ਦੇ ਬਾਹਰ ਮੋਬਾਈਲ ਟੈਸਟ ਵੈਨਾਂ ਲਗਾਈਆਂ ਜਾ ਰਹੀਆਂ ਹਨ।
ਸ਼ਹਿਰ ਵਿੱਚ ਕਰੋਨਾ ਦੇ ਕੇਸਾਂ ਨੂੰ ਕਾਬੂ ਕਰਨ ਲਈ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿਚਲੀ ਰੈਸਟੋਰੈਂਟ ਅਤੇ ਹੋਟਲਾਂ ਨੂੰ 9.30 ਵਜੇ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ ਅਤੇ ਕਲੱਬਾਂ ਵਿੱਚ 50 ਫ਼ੀਸਦ ਲੋਕਾਂ ਦੇ ਬੈਠਣ ਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।