Punjab

ਮੋਟਰਸਾਈਕਲਾਂ ਤੋਂ ਬਣੀਆਂ “ਜੁਗਾੜੂ ਰੇਹੜੀਆਂ” ‘ਤੇ ਛਾਇਆ ਸੰਕਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਨੇ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਸਰਕਾਰ ਦੇ ਹੁਕਮਾਂ ’ਚ ਕਿਹਾ ਗਿਆ ਹੈ ਕਿ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਬਣਾ ਕੇ ਲੋਕਾਂ ਵੱਲੋਂ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਸਵਾਰੀਆਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ। ਇਨ੍ਹਾਂ ਰੇਹੜੀਆਂ ਨੂੰ ਕੌਮੀ ਮਾਰਗਾਂ ’ਤੇ ਲੋਕਾਂ ਦੀ ਜਾਨ ਲਈ ਖ਼ਤਰਾ ਵੀ ਦੱਸਿਆ ਗਿਆ ਹੈ।

ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਜੁਗਾੜੂ ਰੇਹੜੀਆਂ ਦੀ ਵਰਤੋਂ ਸੀਮਿੰਟ, ਬੱਜਰੀ, ਇੱਟਾਂ, ਰੇਤ, ਸਰੀਆ ਅਤੇ ਇਲੈਕਟ੍ਰਾਨਿਕ ਦਾ ਸਾਮਾਨ ਢੋਣ ਲਈ ਵੀ ਕੀਤੀ ਜਾਂਦੀ ਹੈ। ਭਾਰੀ ਸਾਮਾਨ ਲੱਦੀਆਂ ਇਹ ਰੇਹੜੀਆਂ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ। ਵਧੀਕ ਡੀਜੀਪੀ (ਟਰੈਫਿਕ) ਨੇ ਇਹ ਰੇਹੜੀਆਂ ਬੰਦ ਕਰਾਉਣ ਲਈ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ। ਵਧੀਕ ਡੀਜੀਪੀ ਨੇ ਇਨ੍ਹਾਂ ਰੇਹੜੀਆਂ ਨੂੰ ਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।

ਪਰ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਇਹ ਹੁਕਮ ਵਾਪਸ ਲੈਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਟਵੀਟ ਕਰਕੇ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੂਬੇ ਵਿੱਚ ‘ਜੁਗਾੜੂ ਰੇਹੜੀਆਂ’ ‘ਤੇ ਪਾਬੰਦੀ ਲਗਾਉਣ ਵਾਲੇ ਹੁਕਮ ਨੂੰ ਵਾਪਸ ਲੈਣ। ਇਸ ਨਾਲ ਹਜ਼ਾਰਾਂ ਸਵੈ-ਰੁਜ਼ਗਾਰ ਵਾਲੇ ਵਿਅਕਤੀਆਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ ਜੋ ਇਨ੍ਹਾਂ ਰੇਹੜੀਆਂ ਨਾਲ ਆਪਣੀ ਰੋਜ਼ੀ-ਰੋਟੀ ਕਮਾ ਰਹੇ ਸਨ। ਉਨ੍ਹਾਂ ਨੇ ਸਰਕਾਰ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਅਜਿਹੇ ਸਖ਼ਤ ਫੈਸਲੇ ਲੈਣ ਤੋਂ ਪਹਿਲਾਂ ਸਰਕਾਰ ਨੂੰ ਕੁੱਝ ਪੁਨਰਵਾਸ ਯੋਜਨਾ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ।”