The Khalas Tv Blog Khetibadi ਪੰਜਾਬ ‘ਚ ਝੋਨੇ ਦੇ ਸੀਜ਼ਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ
Khetibadi Punjab

ਪੰਜਾਬ ‘ਚ ਝੋਨੇ ਦੇ ਸੀਜ਼ਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰੀ ਕੀਤੀ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ 16 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਸਮੀਖਿਆ ਮੀਟਿੰਗ ਵਿੱਚ ਦਿੱਤੀ।

ਬਰਸਟ ਨੇ ਸਕੱਤਰ ਰਾਮਵੀਰ ਨਾਲ ਮਿਲ ਕੇ ਜ਼ਿਲ੍ਹਾ ਮੰਡੀ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਅਨੁਸਾਰ ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ 1,822 ਮੰਡੀਆਂ ਅਤੇ ਖਰੀਦ ਕੇਂਦਰਾਂ ਨੂੰ ਝੋਨੇ ਦੀ ਫਸਲ ਦੀ ਸੰਭਾਲ ਲਈ ਪੁਖ਼ਤਾ ਪ੍ਰਬੰਧਾਂ ਨਾਲ ਲੈਸ ਕੀਤਾ ਜਾਵੇ। ਇਸ ਨਾਲ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਕੋਈ ਦਿੱਕਤ ਨਾ ਹੋਵੇ।

ਉਨ੍ਹਾਂ ਨੇ ਮੰਡੀਆਂ ਵਿੱਚ ਸਫਾਈ, ਨਿਰਵਿਘਨ ਬਿਜਲੀ, ਪੀਣ ਵਾਲੇ ਪਾਣੀ, ਪਖਾਨੇ ਅਤੇ ਬੈਠਣ ਲਈ ਛਾਂ ਵਰਗੇ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਖਾਸ ਤੌਰ ‘ਤੇ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਛਾਂਦਾਰ ਖੇਤਰ ਅਤੇ ਬੈਠਣ ਦੇ ਪ੍ਰਬੰਧ ਕਰਨ ਨੂੰ ਕਿਹਾ ਗਿਆ, ਤਾਂ ਜੋ ਉਨ੍ਹਾਂ ਦੇ ਆਰਾਮ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਿਆ ਜਾਵੇ।

ਜ਼ਿਲ੍ਹਾ ਮੰਡੀ ਅਫਸਰਾਂ ਅਤੇ ਮੁੱਖ ਦਫ਼ਤਰੀ ਅਧਿਕਾਰੀਆਂ ਨੂੰ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਨ, ਜ਼ਮੀਨੀ ਪੱਧਰ ‘ਤੇ ਮੁਲਾਂਕਣ ਕਰਨ ਅਤੇ ਨਿਰੰਤਰ ਨਿਗਰਾਨੀ ਰੱਖਣ ਦੀ ਹਦਾਇਤ ਦਿੱਤੀ ਗਈ, ਤਾਂ ਜੋ ਕਿਸੇ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ। ਚੇਅਰਮੈਨ ਨੇ ਕਿਸਾਨਾਂ ਲਈ ਅਨੁਕੂਲ ਮਾਹੌਲ ਬਣਾਉਣ ‘ਤੇ ਜ਼ੋਰ ਦਿੱਤਾ, ਜਿਸ ਨਾਲ ਉਹ ਆਪਣੀ ਉਪਜ ਨੂੰ ਬਿਨਾਂ ਮੁਸ਼ਕਲ ਵੇਚ ਸਕਣ। ਇਹ ਸਾਰੇ ਉਪਰਾਲੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਖਰੀਦ ਸੀਜ਼ਨ ਨੂੰ ਸਫਲ ਬਣਾਉਣ ਲਈ ਹਨ।

 

Exit mobile version