‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 16ਵੀਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਨਵੇਂ ਚੁਣੇ ਵਿਧਾਇਕਾਂ ਨੂੰ ਅੱਜ ਪ੍ਰੋਟੈਮ ਸਪੀਕਰ ਡਾ.ਇੰਦਰਬੀਰ ਸਿੰਘ ਨਿੱਝਰ ਨੇ ਸਹੁੰ ਚੁਕਾਈ ਹੈ। ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸਹੁੰ ਚੁੱਕੀ। ਉਨ੍ਹਾਂ ਤੋਂ ਬਾਅਦ ਔਰਤ ਵਿਧਾਇਕਾਂ ਨੇ ਸਹੁੰ ਚੁੱਕੀ। ਇਸ ਤੋਂ ਮਗਰੋਂ ਜ਼ਿਲ੍ਹਾਵਾਰ ਗੁਰਮੁਖੀ ਲਿਪੀ ਦੇ ਅੱਖਰਾਂ ਮੁਤਾਬਕ ਜ਼ਿਲ੍ਹਾਵਾਰ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਅੱਜ ਸਹੁੰ ਚੁੱਕਣ ਵੇਲੇ ਭਗਵੰਤ ਮਾਨ ਨੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਆਮ ਆਦਮੀ ਪਾਰਟੀ ਦੇ ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਦਾਖਲ ਹੋਣ ਤੋਂ ਪਹਿਲਾਂ ਮੱਥਾ ਟੇਕਿਆ ਅਤੇ ਇਸ ਉਪਰੰਤ ਵਿਧਾਨ ਸਭਾ ਵਿੱਚ ਦਾਖਲ ਹੋਏ।
ਤੁਹਾਨੂੰ ਦੱਸ ਦੇਈਏ ਕਿ 18, 19 ਤੇ 20 ਮਾਰਚ ਨੂੰ ਛੁੱਟੀ ਹੋਣ ਕਾਰਨ ਇਹ ਇਜਲਾਸ 21 ਤੇ 22 ਮਾਰਚ ਨੂੰ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕੱਲ੍ਹ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।