India Punjab

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ’ਤੇ NIA ਨੇ ਰੱਖਿਆ 10 ਲੱਖ ਦਾ ਇਨਾਮ

Goldy Brar

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਨੂੰ ਇੱਕ ਜਨਤਕ ਨੋਟਿਸ ਜਾਰੀ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਥੀ ਗੋਲਡੀ ਬਰਾੜ ਅਤੇ ਇੱਕ ਹੋਰ ਬਦਮਾਸ਼ ਲਈ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਦੋਵੇਂ ਮੁਲਜ਼ਮ 8 ਮਾਰਚ ਨੂੰ ਫਿਰੌਤੀ ਲਈ ਵਪਾਰੀ ਦੇ ਘਰ ਗੋਲੀ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਸਨ।

ਇਹ ਗੈਂਗਸਟਰ ਚੰਡੀਗੜ੍ਹ ਵਿੱਚ ਇੱਕ ਵਪਾਰੀ ਦੇ ਘਰ ਫਿਰੌਤੀ ਤੇ ਗੋਲੀਬਾਰੀ ਦੇ ਮਾਮਲੇ ਵਿੱਚ ਲੋੜੀਂਦਾ ਸੀ। ਇੱਕ ਜਨਤਕ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਦੇ ਕੈਨੇਡਾ ਜਾਂ ਅਮਰੀਕਾ ਵਿੱਚ ਹੋਣ ਦਾ ਸ਼ੱਕ ਹੈ। ਏਜੰਸੀ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਫੜਨ ਜਾਂ ਗ੍ਰਿਫ਼ਤਾਰ ਕਰਨ ਲਈ ਜਾਣਕਾਰੀ ਪ੍ਰਦਾਨ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਮੁਲਜ਼ਮ ਸਤਵਿੰਦਰ ਸਿੰਘ ਉਰਫ਼ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਵਾਸੀ ਮੁਕਤਸਰ ਸਾਹਿਬ ਸ਼ਹਿਰ ਅਤੇ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਖ਼ਿਲਾਫ਼ ਭਾਰਤੀ ਦੰਡਾਵਲੀ (ਆਈਪੀਸੀ), ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇੰਟਰਪੋਲ ਮੁਤਾਬਕ 30 ਸਾਲਾ ਗੋਲਡੀ ਬਰਾੜ ’ਤੇ ਕਤਲ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਦੇ ਇਲਜ਼ਾਮ ਹਨ। ਉਸ ਵਿਰੁੱਧ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ, ਜੋ ਭਗੌੜੇ ਨੂੰ ਗ੍ਰਿਫਤਾਰ ਕਰਨ ਦੀ ਇਜਾਜ਼ਤ ਦਿੰਦਾ ਹੈ। ਪੰਜਾਬ ਪੁਲਿਸ ਨੇ ਗੋਲਡੀ ਬਰਾੜ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਜ਼ਿਲ੍ਹੇ ਵਿੱਚ 29 ਮਈ, 2022 ਨੂੰ ਹੋਏ ਮੂਸੇਵਾਲਾ ਦੇ ਕਤਲ ਲਈ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।

ਇਹ ਵੀ ਪੜ੍ਹੋ – ਪੰਜਾਬ ਦੇ ਟੈਕਸੀ ਡਰਾਈਵਰਾਂ ਦਾ ਹਿਮਾਚਲ ਜਾਣ ਤੋਂ ਇਨਕਾਰ! ਕੰਗਨਾ ਦਾ ਬਿਆਨ ਵੀ ਆਇਆ ਸੀ ਸਾਹਮਣੇ