ਅੱਜ ਸਵੇਰੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ਦੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਗੁਰਦਾਸਪੁਰ ਦੇ ਪਿੰਡ ਨੰਗਲ ਬਾਗ ਬਾਨਾ ਵਿੱਚ ਜਸਵਿੰਦਰ ਸਿੰਘ ਜੱਸੀ ਦੇ ਘਰ ਸਵੇਰੇ 4 ਵਜੇ NIA ਦੀ ਟੀਮ ਨੇ ਤਲਾਸ਼ੀ ਲਈ, ਜਿਸ ਵਿੱਚ ਪੁਲਿਸ ਲਾਈਨ ਬਟਾਲਾ ਦੇ 15 ਮੁਲਾਜ਼ਮ ਸ਼ਾਮਲ ਸਨ।
ਅੰਮ੍ਰਿਤਸਰ ਦੇ ਸ਼ਾਸਤਰੀ ਨਗਰ ਵਿੱਚ ਇਮੀਗ੍ਰੇਸ਼ਨ ਏਜੰਟ ਵਿਸ਼ਾਲ ਸ਼ਰਮਾ ਅਤੇ ਗੁਰਦਾਸਪੁਰ ਦੇ ਪਿੰਡ ਚਿਤੌੜਗੜ੍ਹ ਵਿੱਚ ਸੇਵਾਮੁਕਤ ਫੌਜੀ ਕਸ਼ਮੀਰ ਸਿੰਘ ਉਰਫ਼ ਕਾਕਾ ਫੌਜੀ ਦੇ ਘਰ ਵੀ ਜਾਂਚ ਕੀਤੀ ਗਈ। NIA ਟੀਮਾਂ ਦਸਤਾਵੇਜ਼ਾਂ ਦੀ ਪੜਤਾਲ ਕਰ ਰਹੀਆਂ ਹਨ, ਜਦਕਿ ਸਥਾਨਕ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ।
ਸੂਤਰਾਂ ਮੁਤਾਬਕ, NIA ਨੂੰ ਸ਼ੱਕ ਹੈ ਕਿ ਇਹ ਵਿਅਕਤੀ ਗੈਰ-ਕਾਨੂੰਨੀ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਕਾਰੋਬਾਰ ਵਿੱਚ ਸ਼ਾਮਲ ਹੋ ਸਕਦੇ ਹਨ। ਅਧਿਕਾਰੀਆਂ ਨੇ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ, ਅਤੇ ਫਿਲਹਾਲ ਕੋਈ ਗ੍ਰਿਫਤਾਰੀ ਜਾਂ ਅਧਿਕਾਰਤ ਪੁਸ਼ਟੀ ਨਹੀਂ ਹੋਈ। ਜਾਂਚ ਜਾਰੀ ਹੈ।