ਚੰਡੀਗੜ੍ਹ : ਭਾਰਤੀ ਜਾਂਚ ਏਜੰਸੀਆਂ ਵੱਲੋਂ ਖ਼ਾਲਿਸਤਾਨੀ ਸੰਗਠਨਾਂ ਅਤੇ ਉਨ੍ਹਾਂ ਨਾਲ ਜੁੜੇ ਅੱਤਵਾਦੀਆਂ ‘ਤੇ ਸ਼ਿਕੰਜਾ ਕੱਸਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜਾਂਚ ਏਜੰਸੀਆਂ ਵੱਲੋਂ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। NIA ਦੇ ਸੂਤਰਾਂ ਮੁਤਾਬਕ ਰਾਜਸਥਾਨ, ਉੱਤਰ ਪ੍ਰਦੇਸ਼, ਪੰਜਾਬ ਅਤੇ ਦਿੱਲੀ ‘ਚ ਕਰੀਬ 50 ਥਾਵਾਂ ‘ਤੇ ਇਹ ਛਾਪੇਮਾਰੀ ਚੱਲ ਰਹੀ ਹੈ।
ਖਾਲਿਸਤਾਨੀ ਕੱਟੜਪੰਥੀਆਂ ਨਾਲ ਜੁੜੇ ਗੈਂਗਸਟਰਾਂ ਦੇ ਹਵਾਲਾ ਸੰਚਾਲਕਾਂ ਅਤੇ ਲੌਜਿਸਟਿਕ ਕੋਆਰਡੀਨੇਟਰਾਂ ਨੂੰ ਫੜਨ ਲਈ ਪੰਜਾਬ ਦੇ 30 ਟਿਕਾਣਿਆਂ, ਰਾਜਸਥਾਨ ਵਿੱਚ 13, ਹਰਿਆਣਾ ਵਿੱਚ 4, ਉੱਤਰਾਖੰਡ ਵਿੱਚ 2 ਅਤੇ ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਇੱਕ-ਇੱਕ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ।
ਮੀਡੀਆ ਰਿਪੋਰਟ ਵਿੱਚ ਦੱਸਿਆ ਜਾ ਰਿਹਾ ਹੈ ਕਿ NIA ਨੇ ਖ਼ਾਲਿਸਤਾਨ-ISI ਅਤੇ ਗੈਂਗਸਟਰਾਂ ਦੇ ਗੱਠਜੋੜ ਦੇ ਕਈ ਇਨਪੁੱਟ ਇਕੱਠੇ ਕੀਤੇ ਹਨ। ਯੂ.ਏ.ਪੀ.ਏ. ਤਹਿਤ ਗ੍ਰਿਫ਼ਤਾਰ ਕੀਤੇ ਗਏ ਸਾਰੇ ਗੈਂਗਸਟਰਾਂ ਅਤੇ ਖਾਲਿਸਤਾਨੀ ਅੱਤਵਾਦੀਆਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗੈਂਗਸਟਰ-ਖਾਲਿਸਤਾਨੀ ਗੱਠਜੋੜ ਦੀ ਵਰਤੋਂ ਟੈਰਰ ਫੰਡਿੰਗ, ਹਥਿਆਰਾਂ ਦੀ ਸਪਲਾਈ ਦੇ ਨਾਲ-ਨਾਲ ਵਿਦੇਸ਼ੀ ਧਰਤੀ ਤੋਂ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ ਜਾਂਦੀ ਸੀ। ਅਜਿਹੇ ‘ਚ ਹੁਣ NIA ਨੇ ਖਾਲਿਸਤਾਨੀ ਸਮਰਥਕਾਂ ਅਤੇ ਵਿਦੇਸ਼ੀ ਧਰਤੀ ਤੋਂ ਕੰਮ ਕਰ ਰਹੇ ਗੈਂਗਸਟਰਾਂ ‘ਤੇ ਸਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।
ਹਾਲ ਹੀ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੀ ਪਾਰਲੀਮੈਂਟ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਭਾਰਤ ਉੱਤੇ ਦੋਸ਼ ਲਾਏ ਜਾਣ ਤੋਂ ਬਾਅਦ ਖ਼ਾਲਿਸਤਾਨ ਦਾ ਮੁੱਦਾ ਗਰਮਾ ਗਿਆ ਹੈ।
ਦੱਸ ਦੇਈਏ ਕਿ ਕੈਨੇਡਾ ‘ਚ ਸਰਗਰਮ ਖ਼ਾਲਿਸਤਾਨ ਸਮਰਥਕਾਂ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਏਜੰਸੀਆਂ ਉਨ੍ਹਾਂ ਦੇ ਨੈੱਟਵਰਕ ਦੀ ਜਾਂਚ ‘ਚ ਰੁੱਝੀਆਂ ਹੋਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਫੰਡਿੰਗ ਸਰੋਤਾਂ ‘ਤੇ ਵੀ ਰੋਕ ਲਗਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਲਈ ਫਾਇਨਾਂਸ਼ੀਅਲ ਇੰਟੈਲੀਜੈਂਸ ਯੂਨਿਟ, ਆਈਬੀ ਸਮੇਤ ਕਈ ਏਜੰਸੀਆਂ ਸਰਗਰਮ ਹੋ ਗਈਆਂ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਖ਼ਾਲਿਸਤਾਨੀ ਗੈਂਗਸਟਰਾਂ ਦਾ ਗੱਠਜੋੜ ਭਾਰਤ ਲਈ ਖ਼ਤਰਨਾਕ ਬਣ ਰਿਹਾ ਹੈ।
ਦੱਸ ਦੇਈਏ ਕਿ ਖਾਲਿਸਤਾਨੀ ਕੱਟੜਪੰਥੀ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਸਿਆਸੀ ਹਮਾਇਤ ਦੀ ਆੜ ‘ਚ ਪਿਛਲੇ 50 ਸਾਲਾਂ ਤੋਂ ਕੈਨੇਡਾ ਦੀ ਧਰਤੀ ‘ਤੇ ਆਪਣੀਆਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਪਰ ਫਿਰ ਵੀ ਕੈਨੇਡੀਅਨ ਸਰਕਾਰ ਚੁੱਪ ਹੈ। ਹਾਲ ਹੀ ਵਿੱਚ ਇੱਕ ਰਿਪੋਰਟ ਸਾਹਮਣੇ ਆਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਭਾਰਤ ਸਰਕਾਰ ਨੇ ਕੈਨੇਡਾ ਨੂੰ ਕਈ ਵਾਰ ਖਾਲਿਸਤਾਨੀਆਂ ਖ਼ਿਲਾਫ਼ ਸਬੂਤ ਦਿੱਤੇ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਅੱਤਵਾਦੀਆਂ ਦਾ ਟਿਕਾਣਾ ਦੱਸਣ ਤੋਂ ਬਾਅਦ ਵੀ ਕੈਨੇਡਾ ਸਰਕਾਰ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ।