The Khalas Tv Blog Punjab ਪਠਾਨਕੋਟ ’ਚ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਨਹੀਂ ਆਇਆ ਸਾਹਮਣੇ : ਖੇਤੀਬਾੜੀ ਵਿਭਾਗ ਦਾ ਦਾਅਵਾ
Punjab

ਪਠਾਨਕੋਟ ’ਚ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਨਹੀਂ ਆਇਆ ਸਾਹਮਣੇ : ਖੇਤੀਬਾੜੀ ਵਿਭਾਗ ਦਾ ਦਾਅਵਾ

stubble burning cases

ਪਠਾਨਕੋਟ ’ਚ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਨਹੀਂ ਆਇਆ ਸਾਹਮਣੇ : ਖੇਤੀਬਾੜੀ ਵਿਭਾਗ ਦਾ ਦਾਅਵਾ

ਪਠਾਨਕੋਟ : ਪੰਜਾਬ ਵਿੱਚ ਨਿੱਤ ਹਜ਼ਾਰਾਂ ਥਾਵਾਂ ’ਤੇ ਪਰਾਲੀ ਸਾੜਨ ਦੇ ਮਾਮਲੇ ( stubble burning cases )ਸਾਹਮਣੇ ਆ ਰਹੇ ਹਨ। ਇਸੇ ਦੌਰਾਨ ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਸਰਹੱਦੀ ਜ਼ਿਲ੍ਹਾ ਪਠਾਨਕੋਟ ( Pathankot ) ਵਿੱਚ ਇਸ ਸਾਲ ਪਰਾਲੀ ਸਾੜਨ ਦਾ ਇਕ ਵੀ ਮਾਮਲਾ ਸਾਹਮਣੇ ਨਾ ਆਉਣ ਦਾ ਦਾਅਵਾ ਕੀਤਾ ਹੈ। ਇਹ ਦਾਅਵਾ ਪੰਜਾਬ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਜਗਦੀਸ਼ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਲੱਗੇ ‘ਸੀਆਈਆਈ ਐਗਰੋਟੈੱਕ ਇੰਡੀਆ-2022’ ਮੇਲੇ ਦੇ ਤੀਜੇ ਦਿਨ ‘ਪਰਾਲੀ ਕਿਸਾਨਾਂ ਦੀ ਦੋਸਤ ਜਾਂ ਦੁਸ਼ਮਣ’ ਵਿਸ਼ੇ ’ਤੇ ਰੱਖੇ ਸੈਮੀਨਾਰ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ ਹੈ।

ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਨੇ ਕਿਹਾ ਕਿ ਪਰਾਲੀ ਸਾੜਨ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਪਰਾਲੀ ਦੇ ਪ੍ਰਬੰਧਨ ਵਿੱਚ ਕਾਫੀ ਧਨ ਹੈ ਅਤੇ ਕਿਸਾਨਾਂ ਨੂੰ ਇਸ ਦੇ ਪ੍ਰਬੰਧਨ ਲਈ ਨਵੇਂ ਤਰੀਕੇ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 31 ਲੱਖ ਹੈਟਕੇਅਰ ਰਕਬੇ ’ਚ ਝੋਨੇ ਦੀ ਪੈਦਾਵਾਰ ਹੁੰਦੀ ਹੈ, ਜਿੱਥੋਂ ਲੱਖਾਂ ਟਨ ਪਰਾਲੀ ਨਿਕਲਦੀ ਹੈ।

ਖੇਤੀਬਾੜੀ ਵਿਭਾਗ ਦੇ ਅਧਿਕਾਰੀ ਜਗਦੀਸ਼ ਸਿੰਘ ਨੇ ਕਿਹਾ ਕਿ ਅੱਜ ਵੱਡੀਆਂ-ਵੱਡੀਆਂ ਕੰਪਨੀਆਂ ਕਿਸਾਨਾਂ ਦੇ ਖੇਤਾਂ ਤੱਕ ਪਰਾਲੀ ਉਠਾਉਣ ਲਈ ਪਹੁੰਚ ਕਰ ਰਹੀਆਂ ਹਨ, ਇਸ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਥਾਂ ਉਸ ਨੂੰ ਸੰਭਾਲਣ ਦੀ ਲੋੜ ਹੈ। ਇਸ ਨਾਲ ਜ਼ਮੀਨ, ਖਾਦ, ਪਾਣੀ ਅਤੇ ਵਾਤਾਵਰਨ ਨੂੰ ਬਚਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਕਿਸਾਨ ਪਰਾਲੀ ਦੀ ਅਣਦੇਖੀ ਕਰ ਰਿਹਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਪਰਾਲੀ ਆਮਦਨ ਦਾ ਵੱਡਾ ਸਾਧਨ ਬਣ ਜਾਵੇਗੀ। ਖੇਤੀਬਾੜੀ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਠਾਨਕੋਟ ਵਿੱਚ 28500 ਹੈੱਕਟੇਅਰ ਜ਼ਮੀਨ ਝੋਨੇ ਦੀ ਖੇਤੀ ਹੇਠ ਆਉਂਦੀ ਹੈ, ਜਿੱਥੇ ਹਰ ਸਾਲ ਕਿਸਾਨਾਂ ਵੱਲੋਂ ਪਰਾਲੀ ਸਾੜੀ ਜਾਂਦੀ ਸੀ। ਇਸ ਸਾਲ ਕਿਸਾਨ ਪਸ਼ੂ ਪਾਲਕਾਂ ਸਣੇ ਹੋਰਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ 2500 ਤੋਂ ਤਿੰਨ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚ ਰਿਹਾ ਹੈ।

ਪਠਾਨਕੋਟ ਦੇ ਮੁੱਖ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਕਿਹਾ, “ਅਸੀਂ ਇਸ ਸੀਜ਼ਨ ਵਿੱਚ ਇੱਕ ਟੀਚਾ ਮਿੱਥਿਆ ਸੀ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਨਹੀਂ ਵਾਪਰੇਗੀ ਅਤੇ ਹੁਣ ਤੱਕ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ।” ਖੇਤਰ ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਚਾਹੁੰਦਾ ਹੈ ਕਿ 15 ਸਤੰਬਰ ਤੋਂ ਸ਼ੁਰੂ ਹੋ ਰਹੇ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਨਾ ਵਾਪਰੇ।

ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਠਾਨਕੋਟ ਵਿੱਚ 2016 ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ 28, 2017 ਵਿੱਚ 12, 2018 ਵਿੱਚ ਨੌਂ, 2019 ਵਿੱਚ ਚਾਰ, 2020 ਵਿੱਚ 11 ਅਤੇ 2021 ਵਿੱਚ ਛੇ ਘਟਨਾਵਾਂ ਸਾਹਮਣੇ ਆਈਆਂ। ਪਠਾਨਕੋਟ ਵਿੱਚ 28,500 ਹੈਕਟੇਅਰ ਰਕਬੇ ਵਿੱਚ ਝੋਨਾ ਉਗਾਇਆ ਜਾਂਦਾ ਹੈ ਅਤੇ ਹਰ ਸਾਲ ਲਗਭਗ 1.35 ਲੱਖ ਮੀਟ੍ਰਿਕ ਟਨ ਪਰਾਲੀ ਪੈਦਾ ਹੁੰਦੀ ਹੈ।

 

Exit mobile version