‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਖਿਲਾਫ਼ ਵੋਟਿੰਗ ਤੋਂ ਪਹਿਲਾਂ ਹੀ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਬੇਭਰੋਸਗੀ ਮਤੇ ਨੂੰ ਗੈਰਸੰਵਿਧਾਨਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਪਾਕਿਸਤਾਨ ਦੀ ਸੰਸਦ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ। ਇਹ ਸੈਸ਼ਨ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਖਾਨ ਸੂਰੀ ਦੀ ਪ੍ਰਧਾਨਗੀ ਵਿੱਚ ਚੱਲ ਰਿਹਾ ਸੀ। ਡਿਪਟੀ ਸਪੀਕਰ ਨੇ ਬੇਭਰੋਸਗੀ ਮਤੇ ਪਿੱਛੇ ਵਿਦੇਸ਼ੀ ਤਾਕਤ ਦਾ ਹੱਥ ਦੱਸਿਆ ਹੈ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਖ਼ਿਲਾਫ਼ ਵਿਰੋਧੀ ਧਿਰਾਂ ਵੱਲੋਂ ਪੇਸ਼ ਬੇਭਰੋਸਗੀ ਮਤੇ ‘ਤੇ ਨੈਸ਼ਨਲ ਅਸੈਂਬਲੀ ਦੇ ਮੈਂਬਰਾਂ ਨੇ ਵੋਟਿੰਗ ਕਰਨੀ ਸੀ।
ਆਪਣੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਨੈਸ਼ਨਲ ਅਸੈਂਬਲੀ ‘ਚ ਰੱਦ ਹੋਣ ਤੋਂ ਬਾਅਦ ਇਮਰਾਨ ਨੇ ਅੱਜ ਇੱਕ ਵੀਡੀਓ ਜਾਰੀ ਕਰਕੇ ਰਾਸ਼ਟਰਪਤੀ ਨੂੰ ਨੈਸ਼ਨਲ ਅਸੈਂਬਲੀ ਭੰਗ ਕਰਨ ਅਤੇ ਚੋਣਾਂ ਕਰਵਾਉਣ ਦੀ ਸਿਫਾਰਿਸ਼ ਕੀਤੀ ਹੈ। ਉਨ੍ਹਾਂ ਕਿਹਾ, ”ਤੁਸੀਂ ਫੈਸਲਾ ਕਰਨਾ ਹੈ, ਕਿਸੇ ਬਾਹਰੀ ਵਿਅਕਤੀ, ਕਿਸੇ ਭ੍ਰਿਸ਼ਟਾਚਾਰੀ ਨੇ ਫੈਸਲਾ ਨਹੀਂ ਕਰਨਾ ਕਿ ਇਸ ਮੁਲਕ ਦਾ ਭਵਿੱਖ ਕੀ ਹੋਵੇਗਾ। ਵਿਧਾਨ ਸਭਾ ਭੰਗ ਹੋਣ ਤੋਂ ਬਾਅਦ ਆਉਣ ਵਾਲੀਆਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਪਰਮਾਤਮਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੇ ਕੌਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਚੁਣੀ ਹੋਈ ਸਰਕਾਰ ਡਿਗਾਉਣ ਦੀ ਜੋ ਇੰਨੀ ਵੱਡੀ ਸਾਜ਼ਿਸ਼ ਕੀਤੀ ਜਾ ਰਹੀ ਸੀ, ਉਹ ਅੱਜ ਫੇਲ੍ਹ ਹੋ ਗਈ ਹੈ।
ਦਰਅਸਲ, ਜੇਕਰ ਇਹ ਮਤਾ ਸਫ਼ਲ ਹੋ ਜਾਂਦਾ ਤਾਂ ਪਾਕਿਸਤਾਨ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਵੇਗਾ ਕਿ ਕਿਸੇ ਪ੍ਰਧਾਨ ਮੰਤਰੀ ਦੇ ਖ਼ਿਲਾਫ਼ ਬੇਭਰੋਸਗੀ ਮਤਾ ਸਫ਼ਲ ਹੋਇਆ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਸਿਆਸੀ ਇਤਿਹਾਸ ਵਿੱਚ 1 ਨਵੰਬਰ 1989 ਨੂੰ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੇ ਖ਼ਿਲਾਫ਼ ਅਤੇ ਉਸ ਤੋਂ ਬਾਅਦ 2006 ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼ੌਕਤ ਅਜ਼ੀਜ਼ ਦੇ ਖ਼ਿਲਾਫ ਨੈਸ਼ਨਲ ਅਸੈਂਬਲੀ ਵਿੱਚ ਬੇਭਰੋਸਗੀ ਮਤਾ ਪੇਸ਼ ਕੀਤਾ ਗਿਆ ਸੀ। ਹਾਲਾਂਕਿ ਦੋਵੇਂ ਵਾਰ ਵਿਰੋਧੀ ਧਿਰ ਨੂੰ ਨਾਕਾਮੀ ਦਾ ਸਾਹਮਣਾ ਕਰਨਾ ਪਿਆ ਸੀ।
ਸੈਸ਼ਨ ਤੋਂ ਪਹਿਲਾਂ ਪਾਕਿਸਤਾਨ ਦੇ ਊਰਜਾ ਮੰਤਰੀ ਹੱਮਾਦ ਅਜ਼ਹਰ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਅੱਜ ਦਾ ਮੈਚ ਜਿੱਤ ਜਾਣਗੇ। ਅਜ਼ਹਰ ਨੇ ਕਿਹਾ ਸੀ ਕਿ ਇਮਰਾਨ ਖ਼ਾਨ ਵਿਰੋਧੀ ਧਿਰ ਨੂੰ ਹੈਰਾਨ ਕਰ ਦੇਣਗੇ। ਉਨ੍ਹਾਂ ਇਮਰਾਨ ਖ਼ਾਨ ਸਰਕਾਰ ਖ਼ਿਲਾਫ਼ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ਨੂੰ ਵਿਦੇਸ਼ੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਇਹ ਮੌਜੂਦਾ ਸਰਕਾਰ ਦੀ ਵਿਦੇਸ਼ ਨੀਤੀ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਹੈ।
ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਵੋਟਿੰਗ ਤੋਂ ਪਹਿਲਾਂ ਸੰਘੀ ਰਾਜਧਾਨੀ ਇਸਲਾਮਾਬਾਦ ‘ਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ ਅਤੇ ਪੂਰੇ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਸੀ। ਪੁਲਿਸ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਕਾਨੂੰਨ ਪ੍ਰਬੰਧ ਬਣਾਈ ਰੱਖਣ ਲਈ ਵਾਧੂ (ਐਕਸਟ੍ਰਾ) ਡਿਊਟੀ ‘ਤੇ ਬੁਲਾਇਆ ਗਿਆ ਹੈ। ਇੱਕ ਅਧਿਕਾਰੀ ਨੇ ਕਿਹਾ, “ਸਾਨੂੰ ਦੱਸਿਆ ਗਿਆ ਹੈ ਕਿ ਇਕੱਠ ਜਾਂ ਪ੍ਰਦਰਸ਼ਨਾਂ ਦੀ ਇਜਾਜ਼ਤ ਨਹੀਂ ਹੈ”।
ਉੱਧਰ ਪੀਟੀਆਈ ਆਗੂ ਉਮਰ ਸਰਫ਼ਰਾਜ਼ ਚੀਮਾ ਨੂੰ ਪੰਜਾਬ ਸੂਬੇ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਉਹ ਮੁਹੰਮਦ ਸਰਵਰ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਐਤਵਾਰ ਸਵੇਰੇ ਹੀ ਇਸ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪਾਕਿਸਤਾਨ ਦੇ ਕਾਨੂੰਨ ਮੰਤਰੀ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ।