‘ਦ ਖ਼ਾਲਸ ਬਿਊਰੋ:- ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਵਿੱਚ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਵੱਲੋਂ ਡੀਜ਼ਲ ਦੀਆਂ ਬੋਤਲਾਂ ਹੱਥਾਂ ਵਿੱਚ ਫੜ੍ਹ ਕੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਈ ਪਰਿਵਾਰ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਵੀ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਸੈਨਾਨੀਆਂ ਦੇ ਪਰਿਵਾਰਾਂ ਮੁਤਾਬਿਕ, ਪੰਜਾਬ ਸਰਕਾਰ ਨੇ ਜੇਕਰ ਉਹਨਾਂ ਦੀ ਸਾਰ ਨਾ ਲਈ ਤਾਂ ਉਹ ਕਿਸੇ ਵੀ ਲੀਡਰ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਨਹੀਂ ਦੇਣ ਦੇਣਗੇ। ਜੇਕਰ ਕੋਈ ਸ਼ਰਧਾਂਜਲੀ ਦੇਣ ਆਵੇਗਾ ਤਾਂ ਉਸਨੂੰ ਪਹਿਲਾਂ ਹੀ ਰੋਕ ਦਿੱਤਾ ਜਾਵੇਗਾ। ਇਸ ਮੌਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਆਏ ਪਰਮਿੰਦਰ ਸਿੰਘ ਢੀਂਡਸਾ ਨੂੰ ਵੀ ਇਸ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਫਰੀਡਮ ਫਾਈਟਰ ਯੂਨੀਅਨ ਬੈਨਰ ਹੇਠ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੈਨਾਨੀ ਪਰਿਵਾਰਾਂ ਨੇ ਇਹ ਵੀ ਮੰਗ ਕੀਤੀ ਹੈ ਜੇਕਰ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰ ਸਕਦੀ ਤਾਂ ਸਰਕਾਰ ਨੂੰ ਸ਼ਹੀਦਾਂ ਨਾਮ ‘ਤੇ ਸਾਡੇ ਤੋਂ ਵੋਟਾਂ ਲੈਣ ਦਾ ਵੀ ਕੋਈ ਹੱਕ ਨਹੀਂ ਹੈ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਅੱਜ ਕੈਪਟਨ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਸਾਡੇ ਹੱਕ ‘ਚ ਕੋਈ ਫੈਸਲਾ ਨਾ ਹੋਇਆ ਤਾਂ ਸਾਡਾ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਤੇ ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਜਾ ਕੇ ਸਾਡੇ ਵੱਲੋਂ ਆਤਮਦਾਹ ਕੀਤਾ ਜਾਵੇਗਾ।