ਦਿੱਲੀ : ਆਬਕਾਰੀ ਨੀਤੀ ਦੇ ਦੋਸ਼ੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਇਸ ਕੜੀ ਵਿੱਚ ਅਦਾਲਤ ਨੇ ਸੋਮਵਾਰ ਨੂੰ ਇੱਕ ਵਾਰ ਫਿਰ ਉਸਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਸੀਬੀਆਈ ਨਾਲ ਸਬੰਧਤ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਨੂੰ ਰੌਜ਼ ਐਵੇਨਿਊ ਅਦਾਲਤ ਨੇ 14 ਦਿਨਾਂ ਲਈ ਵਧਾ ਦਿੱਤਾ ਹੈ। ਯਾਨੀ ਹੁਣ ਮਨੀਸ਼ ਸਿਸੋਦੀਆ 17 ਅਪ੍ਰੈਲ ਤੱਕ ਜੇਲ ‘ਚ ਰਹਿਣਗੇ। ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ।
ਮਨੀਸ਼ ਸਿਸੋਦੀਆ ਨੂੰ ਸੋਮਵਾਰ ਦੁਪਹਿਰ 2 ਵਜੇ ਪੇਸ਼ ਕੀਤਾ ਗਿਆ। ਮਨੀਸ਼ ‘ਤੇ ਦਿੱਲੀ ਦੀ ਨਵੀਂ ਸ਼ਰਾਬ ਨੀਤੀ ‘ਚ ਭ੍ਰਿਸ਼ਟਾਚਾਰ ਦੇ ਦੋਸ਼ ਹਨ, ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ‘ਚ ਲੰਬੇ ਸਮੇਂ ਤੋਂ ਟਕਰਾਅ ਚੱਲ ਰਿਹਾ ਹੈ। ਸਿਸੋਦੀਆ ਨੂੰ ਸੀਬੀਆਈ ਨੇ ਆਬਕਾਰੀ ਮਾਮਲੇ ਵਿੱਚ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ
ਸਿਸੋਦੀਆ ਸੀਬੀਆਈ ਦੇ ਨਾਲ ਈਡੀ ਦੀ ਜਾਂਚ ਦਾ ਵੀ ਸਾਹਮਣਾ ਕਰ ਰਿਹਾ ਹੈ। ਸੀਬੀਆਈ ਦੀ ਦਲੀਲ ਤੋਂ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹੇਠਲੀ ਅਦਾਲਤ ਵਿੱਚ ਆਪਣੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਕਿਹਾ ਸੀ ਕਿ ਉਸ ਨੂੰ ਹਿਰਾਸਤ ਵਿੱਚ ਰੱਖਣ ਨਾਲ ਸੀਬੀਆਈ ਦਾ ਮਕਸਦ ਪੂਰਾ ਨਹੀਂ ਹੋਵੇਗਾ। ਇਸ ਮਾਮਲੇ ‘ਚ ਸਾਰੀ ਰਿਕਵਰੀ ਹੋ ਚੁੱਕੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਟਿੱਪਣੀ ਕੀਤੀ ਕਿ ਸਿਸੋਦੀਆ ਦਿੱਲੀ ਸ਼ਰਾਬ ਘੁਟਾਲੇ ਦਾ ਮਾਸਟਰਮਾਈਂਡ ਹੈ। ਉਸ ਨੂੰ ਰਿਸ਼ਵਤ ਵਜੋਂ 90 ਤੋਂ 100 ਕਰੋੜ ਰੁਪਏ ਮਿਲਣੇ ਸਨ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਕਿਹਾ ਕਿ ਸੀਬੀਆਈ ਨੇ ਸਿਸੋਦੀਆ ਨੂੰ ਗ੍ਰਿਫ਼ਤਾਰ ਕਰਕੇ ਕੋਈ ਅਪਰਾਧ ਨਹੀਂ ਕੀਤਾ ਹੈ। ਨਾ ਤਾਂ ਸੀਬੀਆਈ ਨੇ ਸੁਪਰੀਮ ਕੋਰਟ ਅਤੇ ਨਾ ਹੀ ਹਾਈ ਕੋਰਟ ਦੇ ਕਿਸੇ ਹੁਕਮ ਦੀ ਉਲੰਘਣਾ ਕੀਤੀ ਹੈ।