The Khalas Tv Blog Punjab ਪੰਜਾਬ ’ਚ ਰਜਿਸਟਰੀ ਤੋਂ NOC ਦੀ ਸ਼ਰਤ ਖ਼ਤਮ! ਹਜ਼ਾਰਾਂ ਕਲੋਨੀਆਂ ਨੂੰ ਮਿਲੇਗਾ ਲਾਭ
Punjab

ਪੰਜਾਬ ’ਚ ਰਜਿਸਟਰੀ ਤੋਂ NOC ਦੀ ਸ਼ਰਤ ਖ਼ਤਮ! ਹਜ਼ਾਰਾਂ ਕਲੋਨੀਆਂ ਨੂੰ ਮਿਲੇਗਾ ਲਾਭ

ਬਿਉਰੋ ਰਿਪੋਰਟ: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖ਼ਤਮ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਉਨ੍ਹਾਂ ਨੂੰ ਭਾਰੀ ਜ਼ੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਦੋਸ਼ੀ ਪਾਏ ਜਾਣ ’ਤੇ ਸਖ਼ਤ ਸਜ਼ਾ ਹੋਵੇਗੀ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਹੁਣ ਕੋਈ ਵੀ ਨਾਜਾਇਜ਼ ਕਲੋਨੀ ਨਹੀਂ ਕੱਟੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਲੋਕਾਂ ਦੇ ਘਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਇਸ ਲਈ ਪੰਜਾਬ ਦੇ ਰਾਜਪਾਲ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸਥਾਰਤ ਹੁਕਮ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਭਵਿੱਖ ਵਿੱਚ ਵੀ ਅਜਿਹੇ ਫੈਸਲੇ ਲਏ ਜਾਂਦੇ ਰਹਿਣਗੇ। ਹਾਲਾਂਕਿ ਉਨ੍ਹਾਂ ਕਿਹਾ ਕਿ ਕਈ ਵਾਰ ਚੀਜ਼ਾਂ ਨੂੰ ਸਮਾਂ ਲੱਗ ਜਾਂਦਾ ਹੈ।

3 ਸਤੰਬਰ ਨੂੰ ਪਾਸ ਹੋਇਆ ਸੀ ਇਹ ਬਿੱਲ

‘ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ 3 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਬਿੱਲ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਗਿਆ। ਹਾਲਾਂਕਿ ਇਸ ’ਚ ਇੱਕ ਗੱਲ ਤਾਂ ਸਪੱਸ਼ਟ ਹੈ ਕਿ ਇਸ ਹੁਕਮ ਮੁਤਾਬਕ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਵੇਗਾ, ਸਗੋਂ ਪਲਾਟਾਂ ਨੂੰ ਹੀ ਰੈਗੂਲਰ ਕੀਤਾ ਜਾਵੇਗਾ। ਇਸ ਮੌਕੇ ਸੀਐਮ ਭਗਵੰਤ ਨੇ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ।

Exit mobile version