Punjab

ਪਾਣੀ ਦੀ ਇੱਕ ਵੀ ਬੂੰਦ ਪੰਜਾਬ ਤੋਂ ਬਾਹਰ ਨਹੀਂ ਜਾਣ ਦਿਆਂਗੇ : ਹਰਪਾਲ ਚੀਮਾ

ਦ ਖ਼ਾਲਸ ਬਿਊਰੋ : ਐਸਵਾਈਐਲ ਨਹਿਰ ਦੇ ਮੁੱਦੇ ਪੰਜਾਬ ਦੀ ਸਿਆਸਤ ਭਖ ਗਈ ਹੈ। ਸਿਆਸੀ ਪਾਰਟੀਆਂ ਵੱਲੋਂ ਇਸ ਮਾਮਲੇ ਵਿੱਚ ਸਿਆਸੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸੇ ਦੌਰਾਨ ਐਸਵਾਈਐਲ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਵੀਡੀਉ ਜਾਰੀ ਕਰਦਿਆਂ ਬਿਆਨ ਦਿੱਤਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ‘ਤੇ ਪੰਜਾਬ ਦਾ ਪੂਰਾ ਹੱਕ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਇੱਕ ਵੀ ਬੂੰਦ ਪੰਜਾਬ ਤੋਂ ਬਾਹਰ ਨਹੀਂ ਜਾਣ ਦਿਆਂਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਇੱਕ ਵੀ ਬੂੰਦ ਹੋਰ ਸੂਬਿਆਂ ਨੂੰ ਨਹੀਂ ਦਿੱਤੀ ਜਾਵੇਗੀ। ਚਾਹੇ ਇਸ ਲਈ ਸਾਨੂੰ ਕੋਈ ਕਾਰਵਾਈ ਕਿਉਂ ਨਾ ਕਰਨੀ ਪਵੇ।

ਉਨ੍ਹਾਂ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਨਿਸ਼ਾਨਾ ਕਸਦਿਆਂ ਹੋਏ ਕਿਹਾ ਕਿ ਜੋ ਪਾਰਟੀਆਂ ਐਸਵਾਈਐਲ ਦੇ ਮੁੱਦੇ ਸਬੰਧੀ ਪੰਜਾਬ ਸਰਕਾਰ ਤੋਂ ਸਵਾਲ ਪੁੱਛ ਰਹੇ ਹਨ ਇਹ ਮੁੱਦਾ ਉਨ੍ਹਾਂ ਦੀਆਂ ਸਰਕਾਰਾਂ ਵੇਲੇ ਖੜ੍ਹਾ ਹੋਇਆ ਹੈ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਲਈ ਉਹ ਕੋਈ ਵੀ ਲੜਾਈ ਲੜਨ ਲਈ ਤਿਆਰ ਹੈ।