The Khalas Tv Blog Punjab 267 ਪਾਵਨ ਸਰੂਪਾਂ ਦੇ ਜਾਂਚ ਮਾਮਲੇ ‘ਚ ਕੁੱਝ ਵੀ ਠੀਕ ਨਹੀਂ- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਜੀ
Punjab

267 ਪਾਵਨ ਸਰੂਪਾਂ ਦੇ ਜਾਂਚ ਮਾਮਲੇ ‘ਚ ਕੁੱਝ ਵੀ ਠੀਕ ਨਹੀਂ- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਜੀ

Former Jathedar of Akal Takht Ranjit Singh addressing Media person in Amritsar on Friday photo vishal kumar

‘ਦ ਖ਼ਾਲਸ ਬਿਊਰੋ:- ਪੰਥਕ ਅਕਾਲੀ ਲਹਿਰ ਜਥੇਬੰਦੀ ਨੇ ਵੀ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਤੋਂ ਬਾਅਦ ਲਾਪਤਾ 267 ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਜਾਂਚ ਮਾਮਲੇ ਵਿੱਚ ਬਣਾਈ ਗਈ ਨਵੀਂ ਜਾਂਚ ਕਮੇਟੀ ਨੂੰ ਨਾ-ਮਨਜ਼ੂਰ ਕਰ ਦਿੱਤਾ ਹੈ। ਜਥੇਬੰਦੀ ਨੇ ਇਸ ਮਾਮਲੇ ਵਿੱਚ ਬੇਅਦਬੀ ਦੀ ਧਾਰਾ ਹੇਠ ਕੇਸ ਦਰਜ ਕਰਨ ਅਤੇ ਕਸੂਰਵਾਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਪੰਥਕ ਅਕਾਲੀ ਲਹਿਰ ਦੇ ਮੁਖੀ ਅਤੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਨਵੀਂ ਜਾਂਚ ਕਮੇਟੀ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਇਸ ਕੇਸ ਦੀ ਜਾਂਚ ਸੰਜੀਦਗੀ ਨਾਲ ਕਰਨ ਵਾਸਤੇ ਮਾਮਲੇ ਨੂੰ ਬੇਅਦਬੀ ਦੀ ਧਾਰਾ ਹੇਠ ਕੇਸ ਦਰਜ ਕਰਨਾ ਚਾਹੀਦਾ ਹੈ ਅਤੇ ਕਸੂਰਵਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਹਾਈ ਕੋਰਟ ਦੀ ਸਾਬਕਾ ਜੱਜ ਨਵਿਤਾ ਸਿੰਘ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਤੋਂ ਨਾਂਹ ਕਰਨ ਤੋਂ ਲੱਗਦਾ ਹੈ ਕਿ ਉਨ੍ਹਾਂ ’ਤੇ ਦਬਾਅ ਪਾਇਆ ਜਾ ਰਿਹਾ ਸੀ। ਇਸ ਤੋਂ ਸਪੱਸ਼ਟ ਹੈ ਕਿ ਇਸ ਮਾਮਲੇ ਵਿੱਚ ‘ਸਭ ਕੁੱਝ ਠੀਕ ਨਹੀਂ ਹੈ’।

ਉਨ੍ਹਾਂ ਦਾਅਵਾ ਕੀਤਾ ਕਿ ਮਈ 2016 ਵਿੱਚ ਗੁਰਦੁਆਰਾ ਰਾਮਸਰ ਵਿਖੇ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਅੱਗ ਲੱਗਣ ਦੀ ਵਾਪਰੀ ਘਟਨਾ ਤੋਂ ਬਾਅਦ ਇਸ ਸਬੰਧੀ ਤੱਥਾਂ ਨੂੰ ਲੁਕਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਨੁਕਸਾਨੇ ਗਏ ਸਰੂਪਾਂ, ਸਸਕਾਰ ਕੀਤੇ ਸਰੂਪਾਂ ਬਾਰੇ ਤੇ ਹੋਰ ਵੇਰਵਿਆਂ ਨੂੰ ਕਿਧਰੇ ਵੀ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ 267 ਪਾਵਨ ਸਰੂਪ ਘੱਟ ਹੋਣ ਬਾਰੇ ਆਖਿਆ ਜਾ ਰਿਹਾ ਹੈ ਪਰ 2015 ਵਿੱਚ ਹੋਈ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਕਈ ਸਾਲਾਂ ਤੋਂ ਸਰੂਪਾਂ ਦੀ ਭੇਟਾ ਜਮ੍ਹਾਂ ਹੀ ਨਹੀਂ ਹੋ ਰਹੀ। ਇਸ ਵਿੱਚ ਹੇਰਾ-ਫੇਰੀ ਹੋਈ ਹੈ।

ਭਾਈ ਰਣਜੀਤ ਸਿੰਘ ਜੀ ਨੇ ਤਿਲੰਗਾਨਾ ਹਾਈ ਕੋਰਟ ਦੇ ਵਕੀਲ ਈਸ਼ਰ ਸਿੰਘ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਮਾਮਲੇ ਵਿੱਚ ਮੁੱਖ ਜਾਂਚ ਅਧਿਕਾਰੀ ਤਿਲੰਗਾਨਾ ਹਾਈ ਕੋਰਟ ਦੇ ਵਕੀਲ ਈਸ਼ਰ ਸਿੰਘ ਨੂੰ ਬਣਾਇਆ ਗਿਆ ਹੈ, ਜੋ ਉਨ੍ਹਾਂ ਦਾ ਪੁਰਾਣਾ ਦੋਸਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਨਿਯੁਕਤੀ ਬਾਦਲ ਪਰਿਵਾਰ ਨੂੰ ਬਚਾਉਣ ਵਾਸਤੇ ਅਤੇ ਮਾਮਲੇ ਨੂੰ ਰਫਾ-ਦਫਾ ਕਰਨ ਲਈ ਕੀਤੀ ਗਈ ਹੈ।

Exit mobile version