India

ਬਿਲਕਿਸ ਬਾਨੋ ਮਾਮਲਾ : ਸੁਪਰੀਮ ਕੋਰਟ ਨੇ ਮੰਗਿਆ ਕੇਂਦਰ ਤੇ ਰਾਜ ਸਰਕਾਰ ਤੋਂ ਇਸ ਗੱਲ ਦਾ ਜਵਾਬ

ਦਿੱਲੀ : ਦੇਸ਼ ਦੇ ਚਰਚਾ ਵਿੱਚ ਰਹਿਣ ਵਾਲੇ ਕੇਸਾਂ ਵਿੱਚੋਂ ਇੱਕ ਬਿਲਕਿਸ ਬਾਨੋ ਕੇਸ ਨਾਲ ਸੰਬੰਧਿਤ ਕੇਸ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਤੇ ਗੁਜਰਾਤ ਸਰਕਾਰ ਤੋਂ ਜੁਆਬ ਮੰਗਿਆ ਹੈ।

ਪੀੜਤਾ ਬਿਲਕੀਸ ਬਾਨੋ ਨੇ ਸਮੂਹਿਕ ਜਬਰ-ਜਨਾਹ ਤੇ ਹੱਤਿਆ ਕੇਸ ਵਿਚ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਵਿਰੁੱਧ ਅਦਾਲਤ ਵਿੱਚ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ ਤੇ ਕੇਂਦਰ, ਗੁਜਰਾਤ ਸਰਕਾਰ ਤੇ ਹੋਰਾਂ ਤੋਂ ਜਵਾਬ ਤਲਬ ਕੀਤਾ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 18 ਅਪਰੈਲ ਨੂੰ ਰੱਖੀ ਹੈ। ਬੈਂਚ ਨੇ ਕਿਹਾ ਕਿ ਇਸ ਮਾਮਲੇ ਦੁਆਲੇ ਕਈ ਮੁੱਦੇ ਹਨ, ਜਿਨ੍ਹਾਂ ਉਤੇ ਵਿਸਤਾਰ ਨਾਲ ਸੁਣਵਾਈ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਅਦਾਲਤ ਨੇ ਕੇਂਦਰ, ਗੁਜਰਾਤ ਸਰਕਾਰ ਤੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ।

ਗੁਜਰਾਤ ਸਰਕਾਰ ਨੂੰ ਅਗਲੀ ਸੁਣਵਾਈ ਵੇਲੇ ਸਜ਼ਾ ਮੁਆਫ਼ੀ ਵਾਲੀਆਂ ਫਾਈਲਾਂ ਵੀ ਲਿਆਉਣ ਲਈ ਕਿਹਾ ਗਿਆ ਹੈ।

ਬਾਨੋ ਨੇ ਪਿਛਲੇ ਸਾਲ 30 ਨਵੰਬਰ ਨੂੰ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਉਮਰ ਕੈਦ ਦੀ ਸਜ਼ਾ ਭੁਗਤ ਰਹੇ 11 ਜਣਿਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੱਤੀ ਸੀ ਤੇ 4 ਜਨਵਰੀ ਨੂੰ ਸੁਪਰੀਮ ਕੋਰਟ ਦੇ ਇਕ ਬੈਂਚ ਨੇ ਬਾਨੋ ਤੇ ਹੋਰਾਂ ਵੱਲੋਂ ਦਾਇਰ ਪਟੀਸ਼ਨ ਨੂੰ ਸੁਣਵਾਈ ਲਈ ਸਵੀਕਾਰ ਕੀਤਾ ਸੀ।

ਗੁਜਰਾਤ ਸਰਕਾਰ ਨੇ ਪਿਛਲੇ ਸਾਲ 15 ਅਗਸਤ ਨੂੰ ਸਾਰੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ ਕਰ ਦਿੱਤੀ ਸੀ।ਬਿਲਕੀਸ ਬਾਨੋ ਨਾਲ ਜਬਰ-ਜਨਾਹ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਨੂੰ ‘ਭਿਆਨਕ’ ਕਰਾਰ ਦਿੰਦਿਆਂ ਸੁਪਰੀਮ ਕੋਰਟ ਨੇ ਅੱਜ ਗੁਜਰਾਤ ਸਰਕਾਰ ਨੂੰ ਪੁੱਛਿਆ ਕਿ ਕੀ ਇਸ ਮਾਮਲੇ ਵਿਚ ਦੋਸ਼ੀਆਂ ਦੀ ਸਜ਼ਾ ਮੁਆਫ਼ ਕਰਦਿਆਂ ਉਹੀ ਮਾਪਦੰਡ ਅਪਣਾਏ ਗਏ ਜੋ ਕਤਲ ਦੇ ਹੋਰਨਾਂ ਕੇਸਾਂ ਵਿਚ ਅਪਣਾਏ ਜਾਂਦੇ ਹਨ। ਅਦਾਲਤ ਨੇ ਗੁਜਰਾਤ ਸਰਕਾਰ ਨੂੰ ਅਗਲੀ ਸੁਣਵਾਈ ਵੇਲੇ ਉਹ ਸਾਰੇ ਢੁੱਕਵੇਂ ਦਸਤਾਵੇਜ਼ ਨਾਲ ਲਿਆਉਣ ਦਾ ਹੁਕਮ ਦਿੱਤਾ ਹੈ,ਜਿਨ੍ਹਾਂ ਰਾਹੀਂ ਦੋਸ਼ੀਆਂ ਦੀ ਸਜ਼ਾ ਮੁਆਫ਼ ਕੀਤੀ ਗਈ ਸੀ।