Punjab

ਜਲੰਧਰ ਦੇ ਮਸ਼ਹੂਰ ਕੈਂਬਰਿਜ ਸਕੂਲ ਨੂੰ ਨੋਟਿਸ: ਪੰਜਾਬੀ ਲਾਜ਼ਮੀ ਨਾ ਪੜ੍ਹਾਉਣ ਦਾ ਮਾਮਲਾ; ਮੰਤਰੀ ਹਰਜੋਤ ਬੈਂਸ ਨੇ ਲਿਆ ਨੋਟਿਸ

Notice to famous Cambridge School of Jalandhar: case of non-compulsory teaching of Punjabi; Minister Harjot Bains took notice

ਚੰਡੀਗੜ੍ਹ : ਪ੍ਰਾਈਵੇਟ ਸਕੂਲ ‘ਚ ਪੰਜਾਬੀ ਨਾ ਪੜ੍ਹਾਉਣ ‘ਤੇ ਪੰਜਾਬ ਸਰਕਾਰ ਨੇ ਲਿਆ ਐਕਸ਼ਨ | ਪੰਜਾਬ ਸਰਕਾਰ ਨੇ ਜਲੰਧਰ ਦੇ ਪੰਜਾਬ ਦੇ ਸਭ ਤੋਂ ਵੱਡੇ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਸਰਕਾਰ ਨੇ ਕਿਹਾ ਹੈ ਕਿ ਇਸ ਸਕੂਲ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਸਕੂਲ ਨੂੰ ਜਲਦ ਤੋਂ ਜਲਦ ਜਵਾਬ ਦੇਣਾ ਪਵੇਗਾ ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜਲੰਧਰ ਨੇੜੇ ਸਥਿਤ ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਹੈ। ਜਿਸ ‘ਤੇ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕੈਂਬਰਿਜ ਸਕੂਲ ਜਲੰਧਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿਤੇ |

ਸਿੱਖਿਆ ਮੰਤਰੀ ਬੈਂਸ ਨੇ ਕਿਹਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਇਮਾਨਦਾਰ ਅਤੇ ਯਤਨਸ਼ੀਲ ਹੈ ਅਤੇ ਪੰਜਾਬੀ ਭਾਸ਼ਾ ਦਾ ਅਪਮਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬੈਂਸ ਨੇ ਕਿਹਾ ਕਿ ਸੂਬੇ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਅਤੇ ਪੰਜਾਬੀ ਅਤੇ ਹੋਰ ਭਾਸ਼ਾਵਾਂ ਨੂੰ ਪੜ੍ਹਾਉਣ ਬਾਰੇ ਪੰਜਾਬ ਐਕਟ-2008 ਅਨੁਸਾਰ ਸੂਬੇ ਦੇ ਹਰ ਸਕੂਲ ਵਿਚ ਪੰਜਾਬੀ ਪੜ੍ਹਾਉਣਾ ਲਾਜ਼ਮੀ ਕਰ ਦਿਤਾ ਗਿਆ ਹੈ। ਪਹਿਲੀ ਤੋਂ ਦਸਵੀਂ ਜਮਾਤ ਤੱਕ ਸੂਬੇ ਦੇ ਕੁਝ ਪ੍ਰਾਈਵੇਟ ਸਕੂਲਾਂ ਵਲੋਂ ਇਸ ਐਕਟ ਦੀ ਉਲੰਘਣਾ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ।

ਮੰਤਰੀ ਬੈਂਸ ਨੇ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰਾਈਵੇਟ ਸਕੂਲਾਂ ਦੀ ਜਾਂਚ ਕਰਕੇ ਉਨ੍ਹਾਂ ਸਕੂਲਾਂ ਦੀ ਸ਼ਨਾਖਤ ਕਰਨ ਜਿਨ੍ਹਾਂ ਵਿੱਚ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ।