Punjab

ਪਰਮਰਾਜ ਉਮਰਾਨੰਗਲ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ, ਪੁੱਛੇ ਸਖਤ ਸਵਾਲ

ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਵੀ ਪੁੱਛਿਆ ਕਿ ਬਹਾਲ ਹੋਣ ਤੋਂ ਬਾਅਦ ਉਨ੍ਹਾਂ ਦੀ ਬਕਾਇਆ ਤਨਖਾਹ ਅਤੇ ਹੋਰ ਲਾਭ ਅਜੇ ਤੱਕ ਜਾਰੀ ਕਿਉਂ ਨਹੀਂ ਕੀਤੇ ਗਏ। ਅਦਾਲਤ ਨੇ ਸਰਕਾਰ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ 8 ਅਗਸਤ ਤੱਕ ਸਾਰੇ ਬਕਾਏ ਜਾਰੀ ਕੀਤੇ ਜਾਣ, ਨਹੀਂ ਤਾਂ ਗ੍ਰਹਿ ਸਕੱਤਰ ਨੂੰ ਅਗਲੀ ਸੁਣਵਾਈ ‘ਤੇ ਪੇਸ਼ ਹੋਣਾ ਪਵੇਗਾ। ਇਸ ਮਾਮਲੇ ਦੀ ਸੁਣਵਾਈ ਕੱਲ੍ਹ ਹੋਈ ਸੀ, ਜਦਕਿ ਅੱਜ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹਾਈਕੋਰਟ ਦੇ ਹੁਕਮਾਂ ‘ਤੇ ਕਰੀਬ 5 ਸਾਲਾਂ ਤੋਂ ਮੁਅੱਤਲ ਚੱਲ ਰਹੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਪੰਜਾਬ ਸਰਕਾਰ ਨੇ 5 ਦਿਨ ਪਹਿਲਾਂ ਬਹਾਲ ਕਰ ਦਿੱਤਾ ਸੀ। ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਪੋਸਟਿੰਗ ਨਹੀਂ ਦਿੱਤੀ ਗਈ ਹੈ। ਫਿਲਹਾਲ ਉਹ ਡੀਜੀਪੀ ਨੂੰ ਹੀ ਰਿਪੋਰਟ ਕਰਨਗੇ। ਕਰੀਬ ਪੰਜ ਮਹੀਨੇ ਪਹਿਲਾਂ ਫਰਵਰੀ ਮਹੀਨੇ ਹਾਈ ਕੋਰਟ ਨੇ ਉਨ੍ਹਾਂ ਦੀ ਬਹਾਲੀ ਦੇ ਹੁਕਮ ਦਿੱਤੇ ਸਨ ਪਰ ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਬਹਾਲ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਉਮਰਾਨੰਗਲ ਨੇ ਮੁੜ ਹਾਈ ਕੋਰਟ ਦੀ ਸ਼ਰਨ ਲਈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸਰਕਾਰ ਅਤੇ ਪੁਲਿਸ ਨੂੰ ਫਟਕਾਰ ਲਗਾਈ ਸੀ ਅਤੇ 15 ਦਿਨਾਂ ਦੇ ਅੰਦਰ ਹੁਕਮਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਸਨ।

ਦੱਸ ਦੇਈਏ ਕਿ 2019 ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਬਣਾਈ ਗਈ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ –   ਸੁਖਬੀਰ ਬਾਦਲ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣਗੇ ਜਾਂ ਨਹੀਂ? ਪ੍ਰਧਾਨ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ