‘ਦ ਖ਼ਾਲਸ ਬਿਊਰੋ :ਪੰਜਾਬ ਸਰਕਾਰ ਨੇ ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੇ ਫ਼ੈਸਲੇ ਤੇ ਮੋਹਰ ਲਗਾ ਦਿੱਤੀ ਹੈ ਤੇ ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਨਵੇਂ ਚੁਣੇ ਗਏ ਏਜੀ ਅਨਮੋਲ ਰਤਨ ਸਿੱਧੂ ਦੀ ਨਿਯੁਕਤੀ ਡੀਐਸ ਪਟਵਾਲੀਆ ਦੀ ਥਾਂ ਤੇ ਕੀਤੀ ਗਈ ਹੈ।
ਐਡਵੋਕੇਟ ਜਨਰਲ ਡੀਐਸ ਪਟਵਾਲੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਕਿਉਂਕਿ ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਦੀ ਹਾਰ ਹੋਈ ਸੀ।
ਸ: ਸਿੱਧੂ ਜੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਪ੍ਰਮੁੱਖ ਵਕੀਲਾਂ ਵਿੱਚੋਂ ਇਕ ਹਨ, ਦੇਸ਼ ਦੇ ਅਸਿਸਟੈਂਟ ਸਾਲਿਸਿਟਰ ਜਨਰਲ, ਹਰਿਆਣਾ ਦੇ ਐਡੀਸ਼ਨਲ ਐਡਵੋਕੇਟ ਜਨਰਲ ਅਤੇ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ 7 ਵਾਰ ਪ੍ਰਧਾਨ ਬਣੇ ਅਤੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਵੀ ਰਹੇ ਹਨ ਤੇ ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਲਾਅ ਫ਼ੈਕਲਟੀ ਦੇ ਡੀਨ ਵੀ ਰਹੇ ਹਨ।