Punjab

ਹੁਣ ਘਨੌਰ ਨੂੰ ਜਲਦ ਹੀ ਬਣਾਇਆ ਜਾਵੇਗਾ ਤਹਿਸੀਲ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਹਲਕਾ ਘਨੌਰ ਨੂੰ ਤਹਿਸੀਲ ਬਣਾਉਣ ਦਾ ਐਲਾਨ ਕੀਤਾ ਹੈ। ਦਰਅਸਲ, ਅੱਜ ਵਿਧਾਨ ਸਭਾ ਹਲਕਾ ਘਨੌਰ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਹੱਕ ਵਿੱਚ ਚੋਣ ਰੈਲੀ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਘਨੌਰ ਨੂੰ ਤਹਿਸੀਲ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਬਣਾਉਣ ਦੀ ਇਸ ਕਾਰਵਾਈ ’ਤੇ ਬਹੁਤ ਜਲਦੀ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਰਸਮੀ ਮੋਹਰ ਲਾ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਕਈ ਕਰੋੜ ਰੁਪਏ ਦੀਆਂ ਗਰਾਂਟਾਂ ਦਾ ਐਲਾਨ ਕੀਤਾ ਅਤੇ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਕਰਨ ਸਮੇਤ ਨੀਂਹ ਪੱਥਰ ਵੀ ਰੱਖੇ।

ਚੰਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਦਨ ਲਾਲ ਜਲਾਲਪੁਰ ਨੂੰ ਇੱਕ ਵਾਰੀ ਫੇਰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ ਅਤੇ ਕਾਂਗਰਸ ਦੀ ਅਗਾਮੀ ਸਰਕਾਰ ਬਣਨ ‘ਤੇ ਜਲਾਲਪੁਰ ਨੂੰ ਮੰਤਰੀ ਬਣਾਇਆ ਜਾਵੇਗਾ। ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਿੱਚ ਅੱਜ ਦੀ ਰੈਲੀ ਲਈ ਭਾਰੀ ਉਤਸ਼ਾਹ ਵੇਖਣ ਨੂੰ ਮਿਲੀਆਂ।