ਚੰਡੀਗੜ੍ਹ : ਸੇਵਾ ਕੇਂਦਰਾਂ ਵਿੱਚ ਸਰਕਾਰੀ ਵਿਭਾਗਾਂ ਨਾਲ ਸਬੰਧਿਤ 400 ਤਰ੍ਹਾਂ ਦੀਆਂ ਸਹੂਲਤਾਂ ਲਈ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਲੋਕਾਂ ਨੂੰ ਘਰ ਬੈਠੇ ਹੀ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਦੇ ਲਈ ਪੰਜਾਬ ਸਰਕਾਰ ਡੋਰ ਸਟੈਪ ਸਰਵਿਸ ਡਿਲਿਵਰੀ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ।
ਇਹ ਜਾਣਕਾਰੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਈ-ਗਵਰਨੈਂਸ ਸੁਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰੀ ਸਹੂਲਤਾਂ ਨੂੰ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਉਣ ਲਈ ਵਿਚਾਰ ਕੀਤਾ ਜਾ ਰਿਹਾ ਹੈ।
ਇਸ ਦਾ ਪੂਰਾ ਖ਼ਾਕਾ ਤਿਆਰ ਕਰ ਲਿਆ ਗਿਆ ਹੈ। ਜਲਦੀ ਹੀ ਇਸ ਫ਼ੀਚਰ ਨੂੰ ਲਾਂਚ ਕੀਤਾ ਜਾਵੇਗਾ। ਜਿਸ ਤੋਂ ਬਾਅਦ ਲੋਕ ਆਪਣੇ ਘਰ ਬੈਠੇ ਹੀ ਸੇਵਾ ਕੇਂਦਰ ਤੋਂ ਮਿਲਣ ਵਾਲੀਆਂ 400 ਤਰ੍ਹਾਂ ਦੀਆਂ ਸਹੂਲਤਾਂ ਲਈ ਅਪਲਾਈ ਕਰ ਸਕਣਗੇ ਅਤੇ ਉਨ੍ਹਾਂ ਦਾ ਲਾਭ ਲੈ ਸਕਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਹੂਲਤ ਦਾ ਲਾਭ ਲੈਣ ਲਈ ਘਰ ਬੈਠੇ ਟੋਲ ਫ਼ਰੀ ਨੰਬਰ ‘ਤੇ ਕਾਲ ਕਰਕੇ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ।
ਉਸ ਤੋਂ ਬਾਅਦ ਉਸ ਦਾ ਘਰ ਦਾ ਦੌਰਾ ਬੁੱਕ ਕੀਤਾ ਜਾਵੇਗਾ। ਫਿਰ ਇੱਕ ਕਰਮਚਾਰੀ ਘਰ ਜਾਵੇਗਾ ਅਤੇ ਜਿਸ ਕੰਮ ਲਈ ਸਬੰਧਿਤ ਵਿਅਕਤੀ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਉਸ ਦੇ ਦਸਤਾਵੇਜ਼ ਲੈ ਕੇ ਉੱਥੋਂ ਅੱਪਲੋਡ ਕੀਤੇ ਜਾਣਗੇ। ਉਸ ਤੋਂ ਬਾਅਦ ਉਹ ਦਸਤਾਵੇਜ਼ ਸਬੰਧਿਤ ਵਿਭਾਗ ਨੂੰ ਭੇਜ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਹੂਲਤ ਦੇ ਸ਼ੁਰੂ ਹੋਣ ਤੋਂ ਬਾਅਦ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਅਜਿਹੇ ‘ਚ ਲੋਕਾਂ ਦੇ ਕੰਮ ਜਲਦੀ ਹੋ ਜਾਣਗੇ।