‘ਦ ਖ਼ਾਲਸ ਬਿਊਰੋ : ਭਗਵੰਤ ਮਾਨ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਅਤੇ ਤੀਜਾ ਦਿਨ ਹੈ। ਵਿਧਾਨ ਸਭਾ ਦੇ ਤੀਜੇ ਸੈਸ਼ਨ ਵਿੱਚ ਸਭ ਤੋਂ ਪਹਿਲਾਂ ਰਾਜਪਾਲ ਬੀਐਲ ਪਰੋਹਿਤ ਦੇ ਸੰਬੋਧਨ ‘ਤੇ ਚਰਚਾ ਹੋਵੇਗੀ। ਰਾਜਪਾਲ ਨੇ ਕੱਲ੍ਹ ਹੀ ਵਿਧਾਨ ਸਭਾ ਵਿੱਚ ਮਾਨ ਸਰਕਾਰ ਦੇ ਰੋਡਮੈਪ ਬਾਰੇ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ ਸਰਕਾਰ ਦੇ ਨਵੇਂ ਵਿੱਤ ਮੰਤਰੀ ਹਰਪਾਲ ਚੀਮਾ ਵੋਟ ਆਨ ਅਕਾਊਂਟ ਪੇਸ਼ ਕਰਨਗੇ। ਜਿਸ ਵਿੱਚ ਭਗਵੰਤ ਮਾਨ ਮਾਨ ਸਰਕਾਰ ਅਗਲੇ ਕੁਝ ਮਹੀਨਿਆਂ ਤੱਕ ਖਰਚਾ ਚਲਾਉਣ ਲਈ ਵਿਧਾਨ ਸਭਾ ਤੋਂ ਮਨਜ਼ੂਰੀ ਲਵੇਗੀ।
ਇਸ ਤੋਂ ਬਾਅਦ ਧੰਨਵਾਦ ਮਤਾ ਪੇਸ਼ ਕੀਤਾ ਜਾਵੇਗਾ ਅਤੇ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਹੋਵੇਗੀ। ਇਸ ਤੋਂ ਬਾਅਦ 2021-22 ਲਈ ਗ੍ਰਾਂਟ ਦੀ ਮੰਗ ‘ਤੇ ਚਰਚਾ ਕੀਤੀ ਜਾਵੇਗੀ ਅਤੇ ਵੋਟਿੰਗ ਹੋਵੇਗੀ।ਵਿਧਾਨ ਸਭਾ ਦੇ ਦੂਜੇ ਦਿਨ ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਨਾਲ ਸਪੀਕਰ ਚੁਣ ਲਿਆ ਗਿਆ ਸੀ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਲਾਈਵ ਟੈਲੀਕਾਸਟ ਕੀਤਾ ਜਾਵੇਗਾ। ਵਿਰੋਧੀ ਪਾਰਟੀਆਂ ਨੇ ਸਦਨ ਦੀ ਕਾਰਵਾਈ ਸਾਲ ਵਿੱਚ 125 ਦਿਨ ਚਲਾਉਣ ਦੀ ਮੰਗ ਕੀਤੀ। ਇਸ ਤੋਂ ਬਾਅਦ ਰਾਜਪਾਲ ਦਾ ਸੰਬੋਧਨ ਹੋਇਆ।