Punjab

ਪਾਕਿ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਸੌਂਪੇ

ਖਾਲਸਾ ਸਾਜਨਾ ਦਿਵਸ ( Khalsa Sajna Diwas)  ਮੌਕੇ ਪਾਕਿਸਤਾਨ( Pakistan) ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਨੇ ਵੀਜ਼ਾ ਲੱਗੇ ਪਾਸਪੋਰਟ ਵੰਡੇ। ਸ਼ਰਧਾਲੂਆਂ ਦਾ ਜਥਾ 13 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8.30 ਵਜੇ ਰਵਾਨਾ ਹੋਵੇਗਾ। ਜ਼ਿਕਰਯੋਗ ਕਿ ਪਾਕਿਸਤਾਨੀ ਦੂਤਾਵਾਸ ਵੱਲੋਂ 596 ਸ਼ਰਧਾਲੂਆਂ ਨੂੰ ਵੀਜ਼ੇ ਨਹੀ ਦਿੱਤੇ ਗਏ।

ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ, ਉਨ੍ਹਾਂ ਅੱਜ ਸ਼੍ਰੋਮਣੀ ਕਮੇਟੀ ਦਫਤਰ ਪੁੱਜ ਕੇ ਆਪਣੇ ਪਾਸਪੋਰਟ ਪ੍ਰਾਪਤ ਕੀਤੇ। ਇਸ ਮੌਕੇ ਪਹਿਲੀ ਵਾਰ ਜਾ ਰਹੇ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਛੜੇ ਗੁਰੂਧਾਮਾਂ ਨੂੰ ਦੇਖਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਨਹੀ ਮਿਲੇ , ਉਨ੍ਹਾਂ ਨੂੰ ਅਗਲੀ ਵਾਰ ਵੀਜ਼ੇ ਜ਼ਰੂਰ ਦਿੱਤੇ ਜਾਣੇ ਚਾਹੀਦੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਕੁਲਵੰਤ ਸਿੰਘ ਮੰਨਣ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਅਤੇ ਮੈਂਬਰ ਰਵਿੰਦਰ ਸਿੰਘ ਖਾਲਸਾ ਜਾਣਗੇ।

ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡਣ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਦੀ ਹਰ ਸਿੱਖ ਦੇ ਮਨ ਅੰਦਰ ਤਾਂਘ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 13 ਅਪਰੈਲ ਨੂੰ ਸਵੇਰੇ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ 1525 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 596 ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜ਼ੇ ਜਾਰੀ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਵੀਜ਼ੇ ਕੱਟਣ ਨਾਲ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਪਾਸਪੋਰਟ ਪ੍ਰਾਪਤ ਕਰਨ।