ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ।
ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਪਰਿਕਰਮਾ , ਘੰਟਾ ਘਰ ਗੇਟ ਤੋਂ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੰਨ ਹੋਵੇਗਾ । ਨਗਰ ਕੀਰਤਨ ਵਿੱਚ ਸ਼ਬਦ ਕੀਰਤਨੀ ਜਥੇ , ਸ਼ਬਦ ਚੌਂਕੀ ਜਥੇ , ਸਕੂਲੀ ਬੱਚੇ, ਬੈਂਡ ਪਾਰਟੀਆਂ , ਗਤਕਾ ਪਾਰਟੀਆਂ ਆਦਿ ਸ਼ਾਮਿਲ ਹੋਈਆਂ |
\
ਨਗਰ ਕੀਰਤਨ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ , ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ , ਸਕੱਤਰ ਬਲਵਿੰਦਰ ਸਿੰਘ ਕਾਹਲਵਾਂ , ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਮੌਜੂਦ ਸਨ।
ਸਕੂਲਾਂ ਦੇ ਵਿਦਿਆਰਥੀ, ਸ਼ਬਦੀ ਜਥੇ, ਧਾਰਮਿਕ ਸਭਾ ਸੁਸਾਇਟੀਆਂ ਅਤੇ ਅਤੇ ਗਤਕਾ ਟੀਮਾਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਹਨ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਗੁਰੂ ਰਾਮਦਾਸ ਸਰਾਂ ਚੌਂਕ ਘੰਟਾ ਘਰ ਪਲਾਜ਼ਾ, ਬਾਜ਼ਾਰ ਮਾਈ ਸੇਵਾ ਅਤੇ ਸ਼ਹਿਰ ਦੇ ਹੋਰਨਾਂ ਪੁਰਾਤਨ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਸਾਰ ਦੇ ਸਰਬਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ।
ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ ਅਤੇ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ। ਉਨ੍ਹਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਗੁਰਬਾਣੀ ਉਪਦੇਸ਼ਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਸਾਡਾ ਸਭ ਦਾ ਫਰਜ ਹੈ ਕਿ ਅਸੀਂ ਗੁਰੂ ਸਾਹਿਬ ਵੱਲੋਂ ਬਖਸ਼ੇ ਫਲਸਫੇ ਨੂੰ ਸੰਸਾਰ ਵਿਚ ਫੈਲਾਉਣ ਦਾ ਯਤਨ ਕਰੀਏ