ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਸ਼ਿਲਪਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 25 ਅਕਤੂਬਰ ਨੂੰ ਸਵੇਰੇ 10.30 ਬਾਬਾ ਗੁਰਮੁੱਖ ਸਿੰਘ ਹਾਲ ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਵਿਖੇ ਰਾਜ ਪੱਧਰੀ ਵਿਸ਼ਵਕਰਮਾ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( CM Bhagwant mann)) ਮੁੱਖ ਮਹਿਮਾਨ ਵਜੋਂ ਪਹੁੰਚੇ ਹਨ। ਇਥੇ ਵਿਸ਼ਵਕਰਮਾ ਮੰਦਰ ਵਿੱਚ ਪੁੱਜੇ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਸਮੇਤ ਦੇਸ਼ ਭਰ ਦੇ ਕਿਰਤੀ-ਕਾਮਿਆਂ ਦੀ ਤੰਦਰੁਸਤੀ ਤੇ ਸਲਾਮਤੀ ਦੀ ਕਾਮਨਾ ਕੀਤੀ। ਇਸ ਦੌਰਾਨ ਮੰਦਰ ਕਮੇਟੀ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ।
ਮੁੱਖ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਸਨ, ਜਿਨ੍ਹਾਂ ਦੀ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਦੁਆਰਾ ਵਰਤੀ ਜਾਂਦੀ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਮਹਾਨ ਦੇਵਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੇ ਹਮੇਸ਼ਾ ਕਾਰੀਗਰਾਂ, ਕਾਮਿਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਵਿਸ਼ਵ ਭਰ ਵਿੱਚ ਪੰਜਾਬੀਆਂ ਨੇ ਵੱਖ-ਵੱਖ ਦੇਸ਼ਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ।
ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੰਕਲਪ ਲੈਣ ਕਿਉਂਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ, ਸਗੋਂ ਵੱਡੇ ਪੱਧਰ ‘ਤੇ ਸੂਬੇ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਪੰਜਾਬੀ ਕੰਮ ਕਰ ਰਹੇ ਹਨ, ਉਥੇ ਆਰਥਿਕ ਮੰਦੀ ਕਦੇ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਮਿਹਨਤੀ ਹਨ ਅਤੇ ਹਰ ਖੇਤਰ ਵਿੱਚ ਨਾਮਣਾ ਖੱਟਣ ਲਈ ਉਨ੍ਹਾਂ ਵਿੱਚ ਬੇਮਿਸਾਲ ਊਰਜਾ ਅਤੇ ਅਥਾਹ ਸਮਰੱਥਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਇਸ ਲਗਨ ਸਦਕਾ ਪੰਜਾਬੀ ਸਖਤ ਮਿਹਨਤ ਕਰਦੇ ਹਨ ਅਤੇ ਇਹ ਯਕੀਨੀ ਬਣਾਉਂਦੇ ਹਨ ਕਿ ਕਿਸੇ ਵੀ ਖੇਤਰ ਵਿੱਚ ਕੋਈ ਮੰਦੀ ਨਾ ਆਵੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰੁਜ਼ਗਾਰ ਦੇਣ ਲਈ ਅਸੀਂ ਸੂਬੇ ਵਿੱਚ ਨਵੇਂ ਹਸਪਤਾਲ , ਕਾਲਜ , ਸਕੂਲ, ਇੰਡਸਟਰੀ ਨੂੰ ਖੋਲਿਆ ਜਾਵੇਗਾ। ਮਾਨ ਨੇ ਕਿਹਾ ਕਿ ਲੋਕਾਂ ਤੋਂ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਸਹਿਯੋਗ ਮੰਗਿਆ। ਉਨ੍ਹਾਂ ਨੇ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਜਾ ਸਕਣਗੇ। ਮਾਨ ਨੇ ਕਿਹਾ ਕਿ ਇਸ ਸਿਸਟਮ ਨੂੰ ਠੀਕ ਕਰਨ ਵਿੱਚ ਥੋੜਾ ਸਮਾਂ ਲੱਗੇਗਾ। ਸਾਰੇ ਕੰਮ ਹੋਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਸੂਬਾ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ 2004 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੱਖਾਂ ਮੁਲਾਜ਼ਮਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ ਜਿਸ ਨਾਲ ਲੱਖਾਂ ਮੁਲਾਜ਼ਮਾਂ ਦੇ ਹਿੱਤ ਸੁਰੱਖਿਅਤ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਪੰਜਾਬ ਮੈਡੀਕਲ ਸਿੱਖਿਆ ਦਾ ਧੁਰਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਹੋਵੇ।
ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਟੋਲ ਫਰੀ ਕਰੇਗੀ। ਜਲਦੀ ਹੀ ਸਤਲੁਜ ਦਰਿਆ, ਲਾਡੋਵਾਲ ਅਤੇ ਸ਼ੰਭੂ ‘ਤੇ ਲੱਗੇ ਟੋਲ ਨੂੰ ਹਟਾ ਦਿੱਤਾ ਜਾਵੇਗਾ। ਸਤਲੁਜ ਨੇੜੇ ਬਣੇ ਟੋਲ ਪਲਾਜ਼ਾ ਕਾਰਨ ਸਥਾਨਕ ਕਿਸਾਨ ਅਤੇ ਲੋਕ ਪ੍ਰੇਸ਼ਾਨ ਹਨ। ਮਾਨ ਨੇ ਇਹ ਗੱਲਾਂ ਮਿਲਰਗੰਜ ਨੇੜੇ ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਰਾਜ ਪੱਧਰੀ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਹੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 2-3 ਟੋਲ ਹੋਰ ਬੰਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਦੋ ਪਲਾਜ਼ੇ ਦਾ ਪਹਿਲਾਂ ਹੀ ਬੰਦ ਕਰਵਾ ਦਿੱਤੇ ਹਨ ਤੇ ਆਉਣ ਵਾਲੇ ਦਿਨਾਂ ਵਿਚ 2-3 ਹੋਰ ਬੰਦ ਕਰਵਾ ਰਹੇ ਹਾਂ।
ਪਹਿਲਾਂ ਸਾਹਨੇਵਾਲ ਨੇੜੇ ਟੋਲ ਪਲਾਜ਼ਾ ਸੀ ਪਰ ਉਥੋਂ ਇਸ ਨੂੰ ਲਾਡੋਵਾਲ ਨੇੜੇ ਤਬਦੀਲ ਕਰ ਦਿੱਤਾ ਗਿਆ ਹੈ। ਨਿਯਮਾਂ ਮੁਤਾਬਿਕ ਜਿੱਥੇ ਟੋਲ ਪਲਾਜ਼ਾ ਬਣਿਆ ਹੋਇਆ ਹੈ, ਉਸ ਨੂੰ ਉਥੋਂ ਹਟਾਇਆ ਨਹੀਂ ਜਾ ਸਕਦਾ। ਉਹ ਪਿਛਲੀਆਂ ਸਰਕਾਰਾਂ ਦੀ ਮਿਲੀਭੁਗਤ ਕਾਰਨ ਚੱਲ ਰਹੇ ਹਨ। ਸਾਡੀ ਸਰਕਾਰ ਨੇ ਪਹਿਲਾਂ ਲੁਧਿਆਣਾ-ਮਲੇਰਕੋਟਲਾ-ਸੰਗਰੂਰ ਹਾਈਵੇ ‘ਤੇ ਲੱਗੇ ਟੋਲ ਪਲਾਜ਼ਾ ਨੂੰ ਹਟਾ ਦਿੱਤਾ ਹੈ। ਹੁਣ ਸਤਲੁਜ ਅਤੇ ਸ਼ੰਭੂ ‘ਤੇ ਬਣੇ ਟੋਲ ਪਲਾਜ਼ੇ ਹਟਾ ਦਿੱਤੇ ਜਾਣਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਇਸ ਕਾਰਨ ਸੂਬੇ ਨੂੰ ਕਾਫੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਅਤੇ ਸੱਤਾਧਾਰੀ ਧਿਰ ਦੋਵੇਂ ਅਹਿਮ ਹਨ। ਲੋਕਤੰਤਰ ਵਿੱਚ ਹਰ ਕਿਸੇ ਦੀ ਰਾਏ ਨੂੰ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ। ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਦੇਸ਼ ਦੇ ਬੁਨਿਆਦੀ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਕੇ ਆਪਣੇ ਰਾਸ਼ਟਰ ਦਾ ਨਿਰਮਾਣ ਕਰਨਾ ਚਾਹੀਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਹੱਥ ਮਿਲਾਉਣਾ ਪਵੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਲਕਾ ਧੂਰੀ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਜੋ ਮਾਣ-ਸਤਿਕਾਰ ਦਿੱਤਾ ਗਿਆ ਹੈ, ਉਸ ਨੂੰ ਕਦੇ ਵੀ ਨਹੀਂ ਭੁੱਲਣਗੇ ਅਤੇ ਹਲਕਾ ਧੂਰੀ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਹਲਕਾ ਧੂਰੀ ਨੂੰ ਨਮੂਨੇ ਦਾ ਹਲਕਾ ਬਣਾਉਣਗੇ। ਸ਼ਹਿਰ ਦੇ ਮੁੱਖ ਫ਼ਾਟਕਾਂ ਦੀ ਸਮੱਸਿਆ ਦੇ ਹੱਲ ਦਾ ਐਲਾਨ ਕਰਦਿਆਂ ਕਿਹਾ ਕਿ ਬਹੁਤ ਹੀ ਜਲਦ ਓਵਰਬ੍ਰਿਜ ਦਾ ਨਿਰਮਾਣ ਕਾਰਜ ਸ਼ੁਰੂ ਹੋਵੇਗਾ ਤੇ ਸ਼ਹਿਰ ਦੇ ਰਜਵਾਹੇ ਨੂੰ ਵੀ ਢਕਣ ਸਬੰਧੀ ਪ੍ਰਾਜੈਕਟ ਤਿਆਰ ਕਰ ਲਿਆ ਗਿਆ ਹੈ।
ਸਿਹਤ ਪ੍ਰਬੰਧਾਂ ਦੀ ਗੱਲ ਕਰਦਿਆਂ ਕਿਹਾ ਕਿ ਧੂਰੀ ਦੇ ਸਿਵਲ ਹਸਪਤਾਲ ਦੇ ਨਵੀਨੀਕਰਨ ਦਾ ਕੰਮ ਵੀ ਜਲਦ ਹੀ ਸ਼ੁਰੂ ਹੋਵੇਗਾ ਅਤੇ ਲੋਕਾਂ ਨੂੰ ਇਸ ਹਸਪਤਾਲ ਵਿਚ ਹੀ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ। ਮਲੋਟ ਦੀ ਤਰਜ਼ ’ਤੇ ਜਲਦ ਹੀ ਧੂਰੀ ਵਿਚ ਵੀ ਡਰਾਈਵਿੰਗ ਟ੍ਰੇਨਿੰਗ ਸਕੂਲ ਖੋਲ੍ਹਿਆ ਜਾਵੇਗਾ।