ਦਿੱਲੀ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਦੋਸ਼ੀ ਭਾਈ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ। ਜਗਤਾਰ ਸਿੰਘ ਹਵਾਰਾ ਨੇ ਤਿਹਾੜ ਜੇਲ੍ਹ ਵਿੱਚ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ। ਜਸਟਿਸ ਬੀ.ਆਰ. ਗਵਈ ਅਤੇ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਇਸ ਪਟੀਸ਼ਨ ‘ਤੇ 4 ਹਫ਼ਤਿਆਂ ਬਾਅਦ ਸੁਣਵਾਈ ਕਰਨਗੇ।
ਪਟੀਸ਼ਨਰ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਲਈ ਇਸ ਆਧਾਰ ‘ਤੇ ਪਟੀਸ਼ਨ ਦਾਇਰ ਕੀਤੀ ਗਈ ਹੈ ਕਿ ਜੇਲ੍ਹ ਵਿੱਚ ਉਸ ਦਾ ਵਤੀਰਾ ਚੰਗਾ ਹੈ, ਇਹ ਅਪਰਾਧ ਗੰਭੀਰ ਸਮਾਜਿਕ ਅਸ਼ਾਂਤੀ ਦੇ ਪਿਛੋਕੜ ਵਿੱਚ ਵਾਪਰਿਆ ਹੈ। ਭਾਈ ਜਗਤਾਰ ਸਿੰਘ ਹਵਾਰਾ ਦੀ ਧੀ ਪੰਜਾਬ ਵਿੱਚ ਰਹਿੰਦੀ ਹੈ ਅਤੇ ਉਹ ਕਿਸੇ ਕੇਸ ਵਿੱਚ ਲੰਬਿਤ ਅਦਾਲਤੀ ਕਾਰਵਾਈ ਵਿੱਚ ਹਾਜ਼ਰ ਹੋਣ ਵਿੱਚ ਅਸਮਰੱਥ ਹੈ।
ਹਵਾਰਾ ‘ਤੇ 27 ਜੁਲਾਈ 2007 ਨੂੰ ਭਾਰਤੀ ਦੰਡਾਵਲੀ, 1860 ਦੀਆਂ ਧਾਰਾਵਾਂ 120-ਬੀ, 302, 307 ਅਤੇ 1995 ਲਈ ਵਿਸਫੋਟਕ ਪਦਾਰਥ ਐਕਟ, 1908 ਦੀਆਂ ਧਾਰਾਵਾਂ 3(ਬੀ), 4(ਬੀ) ਅਤੇ 5(ਬੀ) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਬੰਬ ਧਮਾਕਿਆਂ ਲਈ ਉਸ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ ਜਿਸ ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਲੋਕਾਂ ਦੀ ਜਾਨ ਚਲੀ ਗਈ ਸੀ।
ਇਸ ਮਾਮਲੇ ਵਿੱਚ 15 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ, ਜਿਨ੍ਹਾਂ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਅਤੇ ਬਲਵੰਤ ਸਿੰਘ ਰਾਜੋਆਣਾ ਸਮੇਤ 2 ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਦਕਿ ਬਾਕੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਜਗਤਾਰ ਸਿੰਘ ਹਵਾਰਾ ਕਰੀਬ 28 ਸਾਲ ਤੋਂ ਜੇਲ੍ਹ ਵਿੱਚ ਬੰਦ ਹੈ।
2004 ‘ਚ ਹੋ ਗਏ ਸੀ ਫਰਾਰ
ਬੇਅੰਤ ਸਿੰਘ ਕਤਲ ਕਾਂਡ ਤੋਂ ਬਾਅਦ ਗ੍ਰਿਫ਼ਤਾਰ ਹਵਾਰਾ ਜਨਵਰੀ 2004 ਵਿੱਚ ਇੱਕ ਕਤਲ ਕੇਸ ਵਿੱਚ ਸਜ਼ਾਯਾਫ਼ਤਾ ਆਪਣੇ ਸਾਥੀਆਂ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ ਅਤੇ ਦੇਵੀ ਸਿੰਘ ਨਾਲ ਬੁੜੈਲ ਜੇਲ੍ਹ ਵਿੱਚੋਂ 104 ਫੁੱਟ ਡੂੰਘੀ ਸੁਰੰਗ ਬਣਾ ਕੇ ਫਰਾਰ ਹੋ ਗਿਆ ਸੀ। ਦੇਵੀ ਸਿੰਘ ਨੂੰ ਛੱਡ ਕੇ ਤਿੰਨੋਂ ਫੜ ਲਏ ਗਏ ਸਨ।