‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਦਿੱਲੀ ਵਿੱਚ ਅੱਜ ਹਾਈਕਮਾਨ ਦੀ ਤਿੰਨ ਮੈਂਬਰੀ ਕਮੇਟੀ ਦੀ ਦੂਸਰੇ ਦਿਨ ਮੀਟਿੰਗ ਹੋ ਰਹੀ ਹੈ। ਅੱਜ ਕਮੇਟੀ ਦੇ ਸਾਹਮਣੇ ਨਵਜੋਤ ਸਿੰਘ ਸਿੱਧੂ ਵੀ ਪੇਸ਼ ਹੋਣਗੇ। ਕਾਂਗਰਸ ਵਿਧਾਇਕ ਪਰਗਟ ਸਿੰਘ ਵੀ ਅੱਜ ਕਮੇਟੀ ਦੇ ਸਾਹਮਣੇ ਪੇਸ਼ ਹੋਣਗੇ। ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਕਮੇਟੀ ਸਾਹਮਣੇ ਪੇਸ਼ ਹੋਣਗੇ। ਇਹ ਸਾਰੇ ਲੀਡਰ ਕਮੇਟੀ ਦੇ ਸਾਹਮਣੇ ਆਪਣੇ ਪੱਖ ਰੱਖਣਗੇ। ਕੱਲ੍ਹ ਤਿੰਨ ਮੈਂਬਰੀ ਕਮੇਟੀ ਨੇ 25 ਵਿਧਾਇਕਾਂ ਦੇ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸ਼ਾਮਿਲ ਹੋਏ ਸਨ ਅਤੇ ਉਨ੍ਹਾਂ ਵੱਲੋਂ ਕਮੇਟੀ ਦੇ ਸਾਹਮਣੇ ਆਪਣਾ ਪੱਖ ਰੱਖਿਆ ਗਿਆ ਸੀ। ਨਵਜੋਤ ਸਿੰਘ ਸਿੱਧੂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੱਖ-ਵੱਖ ਮੁੱਦਿਆਂ ‘ਤੇ ਨਿਸ਼ਾਨੇ ਕੱਸਦੇ ਰਹੇ ਹਨ।
