‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਹਾਲੇ ਤੱਕ ਜਾਰੀ ਹੈ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੇਲਵੇ ਲਾਈਨਾਂ ‘ਤੇ ਧਰਨੇ ਲਗਾਏ ਗਏ ਹਨ, ਜਿਸ ਕਾਰਨ ਨਾ ਤਾਂ ਕੋਈ ਟਰੇਨ ਸੂਬੇ ਤੋਂ ਬਾਹਰ ਜਾ ਰਹੀ ਹੈ ਤੇ ਨਾ ਹੀ ਬਾਹਰੋਂ ਆ ਰਹੀ ਹੈ। ਜਿਸ ਦੇ ਚੱਲਦਿਆਂ ਹੁਣ ਕੋਲੇ ਦੀ ਕਮੀ ਆਉਣ ਕਾਰਨ ਸੂਬੇ ‘ਚ ਬਿਜਲੀ ਸੰਕਟ ਦੇ ਹਾਲਾਤ ਪੈਦਾ ਹੋ ਗਏ ਹਨ।
ਮਾਨਸਾ ਦੇ ਬਣਾਂਵਾਲੀ ਥਰਮਲ ਪਲਾਂਟ ਦਾ ਇੱਕ ਯੂਨਿਟ ਬੰਦ ਕਰ ਦਿੱਤਾ ਗਿਆ ਹੈ ਤੇ ਬਾਕੀ ਦੋ ਯੂਨਿਟਾਂ ‘ਚ ਕੋਲੇ ਦੀ ਕਮੀ ਆਉਣ ਕਾਰਨ ਬੰਦ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਥਰਮਲ ਦੇ ਬਾਹਰ ਧਰਨੇ ‘ਤੇ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਜੋ ਮਰਜ਼ੀ ਹੋ ਜਾਵੇ ਪਰ ਸਾਡਾ ਧਰਨਾ ਇਸੇ ਤਰ੍ਹਾਂ ਹੀ ਜਾਰੀ ਰਹੇਗਾ।
ਬਿਜਲੀ ਸੰਕਟ ਨੂੰ ਲੈ ਕੇ ਮਨਪ੍ਰੀਤ ਬਾਦਲ ਨੇ ਜਤਾਈ ਚਿੰਤਾ
ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੂਬੇ ‘ਚ ਬਿਜਲੀ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਇੱਕ ਵਾਰ ਫਿਰ ਤੋਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ‘ਚ ਸਿਰਫ 2 ਦਿਨ ਦਾ ਕੋਲਾ ਬਚਿਆ ਹੈ। ਪੰਜਾਬ ਦੀ ਬੱਤੀ ਕਿਸੇ ਵੀ ਸਮੇਂ ਗੁੱਲ ਹੋ ਸਕਦੀ ਹੈ ਤੇ ਪੰਜਾਬ ਪੂਰੀ ਤਰ੍ਹਾਂ ਬਲੈਕ ਆਊਟ ਹੋ ਸਕਦਾ ਹੈ।