‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਅੰਦਰ ਕੋਰੋਨਾ ਕਾਰਨ ਬਣੇ ਭਿਆਨਕ ਹਾਲਾਤ ਹਾਲੇ ਸੰਭਲਣ ਦਾ ਨਾਂ ਨਹੀਂ ਲੈ ਰਹੇ ਹਨ। ਦਿੱਲੀ ਸਰਕਾਰ ਨੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਇੱਕ ਹਫਤੇ ਦੀ ਤਾਲਾਬੰਦੀ ਕੀਤੀ ਹੋਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੇਂ ਸਿਰੇ ਤੋਂ ਐਲਾਨ ਕਰਦਿਆਂ ਇਹ ਤਾਲਾਬੰਦੀ ਇੱਕ ਹਫਤੇ ਲਈ ਹੋਰ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਾਲਾਤ ਦੇਖਦਿਆਂ ਇਹ ਫੈਸਲਾ ਲੈਣਾ ਬਹੁਤ ਜ਼ਰੂਰੀ ਹੋ ਗਿਆ ਸੀ।
ਕੇਜਰੀਵਾਲ ਨੇ ਕਿਹਾ ਕਿ ਇਹ ਨਵੀਂ ਪਾਬੰਦੀ ਅਗਲੇ ਸੋਮਵਾਰ 5 ਵਜੇ ਤੱਕ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਦਿੱਲੀ ਸਰਕਾਰ ਬਚਨਬੱਧ ਹੈ। ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਇੱਕ ਪੋਰਟਲ ਬਣਾਇਆ ਗਿਆ ਹੈ, ਜਿੱਥੇ ਸਪਲਾਈ ਕਰਨ ਵਾਲਿਆਂ ਅਤੇ ਆਕਸੀਜਨ ਹਾਸਿਲ ਕਰਨ ਵਾਲਿਆਂ ਦੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ, ਪਰ ਦਿੱਲੀ ਸਰਕਾਰ ਨੂੰ ਆਲਾਟ ਕੀਤੀ ਗਈ ਆਕਸੀਜਨ ਹਾਲੇ ਵੀ ਪੂਰੀ ਮਾਤਰਾ ਵਿੱਚ ਨਹੀਂ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ 700 ਟਨ ਦੀ ਲੋੜ ਹੈ ਤੇ ਜਿੱਥੇ ਵੀ ਆਕਸੀਜਨ ਦੀ ਕਮੀ ਹੈ, ਅਸੀਂ ਪੂਰੀ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।