ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਦਿੱਲੀ ਵਿੱਚ ਸੰਸਦ ਅਨੈਕਸੀ ਵਿੱਚ ਬੁਲਾਈ ਗਈ ਸਰਬ-ਪਾਰਟੀ ਮੀਟਿੰਗ ਵਿੱਚ ਕਿਹਾ ਕਿ ਪਾਕਿਸਤਾਨ ਵਿਰੁੱਧ ਆਪ੍ਰੇਸ਼ਨ ਸਿੰਦੂਰ ਅਜੇ ਵੀ ਜਾਰੀ ਹੈ। ਇਸ ਆਪਰੇਸ਼ਨ ਦੀ ਸ਼ੁਰੂਆਤ 7 ਮਈ ਨੂੰ ਪਾਕਿਸਤਾਨ ਦੇ 9 ਟਿਕਾਣਿਆਂ ‘ਤੇ ਹਵਾਈ ਹਮਲਿਆਂ ਨਾਲ ਹੋਈ ਸੀ, ਜਿਸ ਵਿੱਚ ਘੱਟੋ-ਘੱਟ 100 ਅਤਿਵਾਦੀ ਮਾਰੇ ਗਏ।
ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਦਹਿਸ਼ਤਗਰਦਾਂ ਨੂੰ ਖਤਮ ਕਰਨ ਲਈ ਕੀਤੀ ਗਈ ਸੀ ਅਤੇ ਭਾਰਤ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਜਵਾਬ ਵਜੋਂ ਆਪਣੇ ਅਧਿਕਾਰ ਦੀ ਵਰਤੋਂ ਕੀਤੀ। ਆਪਰੇਸ਼ਨ ਸਿੰਦੂਰ ਪਾਕਿਸਤਾਨ ਅਤੇ ਪੀਓਕੇ ਵਿੱਚ ਸੰਚਾਲਿਤ ਅਤਿਵਾਦੀ ਸਿਖਲਾਈ ਕੈਂਪਾਂ ਨੂੰ ਨਿਸ਼ਾਨਾ ਬਣਾਉਂਦਾ ਹੈ, ਜਿਸ ਦੌਰਾਨ ਗੈਰ-ਫੌਜੀ ਟਿਕਾਣਿਆਂ ਨੂੰ ਬਚਾਉਣ ਲਈ ਪੂਰੀ ਸਾਵਧਾਨੀ ਵਰਤੀ ਗਈ। ਇਸ ਮੀਟਿੰਗ ਵਿੱਚ ਪਹਿਲੀ ਵਾਰ ਜਾਨੀ ਨੁਕਸਾਨ ਦੇ ਅੰਕੜੇ ਵਿਰੋਧੀ ਧਿਰ ਨਾਲ ਸਾਂਝੇ ਕੀਤੇ ਗਏ।
ਸਿੰਘ ਨੇ ਵਿਰੋਧੀ ਧਿਰ ਅਤੇ ਹੋਰ ਪਾਰਟੀਆਂ ਨਾਲ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਕਾਰਵਾਈ ਸਿਰਫ਼ ਅਤਿਵਾਦੀਆਂ ਨੂੰ ਨਿਸ਼ਾਨਾ ਬਣਾਉਣ ਲਈ ਸੀ। ਮੀਟਿੰਗ ਵਿੱਚ ਸਾਰੀਆਂ ਵਿਰੋਧੀ ਪਾਰਟੀਆਂ ਨੇ ਸਰਕਾਰ ਦੀ ਜਵਾਬੀ ਕਾਰਵਾਈ ਦੀ ਪੂਰੀ ਹਮਾਇਤ ਕੀਤੀ।
ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਉਹ ਸਰਕਾਰ ਦੇ ਨਾਲ ਹਨ ਅਤੇ ਦੇਸ਼ ਹਿੱਤ ਵਿੱਚ ਰੱਖਿਆ ਅਤੇ ਸੁਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਗੁਪਤ ਰੱਖਣ ਦੀ ਲੋੜ ਹੈ। ਉਨ੍ਹਾਂ ਨੇ ਸਰਕਾਰ ਨੂੰ ਆਪਰੇਸ਼ਨ ਜਾਰੀ ਰੱਖਣ ਅਤੇ ਦੇਸ਼ ਹਿੱਤ ਵਿੱਚ ਕੰਮ ਕਰਨ ਦੀ ਹਮਾਇਤ ਦਾ ਭਰੋਸਾ ਦਿੱਤਾ।
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਸਰਕਾਰ ਦਾ ਪੂਰਾ ਸਮਰਥਨ ਕੀਤਾ ਅਤੇ ਕਿਹਾ ਕਿ ਕੁਝ ਗੱਲਾਂ ‘ਤੇ ਖੁੱਲ੍ਹ ਕੇ ਚਰਚਾ ਨਹੀਂ ਕੀਤੀ ਜਾ ਸਕਦੀ।
ਏਆਈਐੱਮਆਈਐੱਮ ਮੁਖੀ ਐੱਮਐੱਮ ਓਵਾਇਸੀ ਨੇ ਵੀ ਆਪਰੇਸ਼ਨ ਸਿੰਦੂਰ ਦੀ ਸ਼ਲਾਘਾ ਕੀਤੀ ਅਤੇ ਸੁਝਾਅ ਦਿੱਤਾ ਕਿ ਸਰਕਾਰ ਨੂੰ ਦ ਰਜ਼ਿਸਟੈਂਸ ਫਰੰਟ (ਟੀਆਰਐਫ) ਵਿਰੁੱਧ ਵਿਸ਼ਵਵਿਆਪੀ ਮੁਹਿੰਮ ਚਲਾਉਣੀ ਚਾਹੀਦੀ ਹੈ।
ਉਨ੍ਹਾਂ ਨੇ ਟੀਆਰਐਫ ਨੂੰ ਦਹਿਸ਼ਤੀ ਸੰਗਠਨ ਵਜੋਂ ਨਾਮਜ਼ਦ ਕਰਨ ਲਈ ਅਮਰੀਕਾ ਨੂੰ ਬੇਨਤੀ ਕਰਨ ਅਤੇ ਪਾਕਿਸਤਾਨ ਨੂੰ ਵਿੱਤੀ ਐਕਸ਼ਨ ਟਾਸਕ ਫੋਰਸ ਦੀ ਗ੍ਰੇ ਲਿਸਟ ਵਿੱਚ ਸ਼ਾਮਲ ਕਰਵਾਉਣ ਦੀ ਵੀ ਵਕਾਲਤ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਰਾਜਨਾਥ ਸਿੰਘ ਨੇ ਕੀਤੀ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੌਜੂਦ ਨਹੀਂ ਸਨ। ਖੜਗੇ ਨੇ ਇਸ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸ਼ਾਇਦ ਲੱਗਦਾ ਹੈ ਕਿ ਉਹ ਸੰਸਦ ਤੋਂ ਉੱਪਰ ਹਨ, ਪਰ ਸਮਾਂ ਆਉਣ ’ਤੇ ਅਸੀਂ ਇਹ ਸਵਾਲ ਪੁੱਛਾਂਗੇ। ਸੰਕਟ ਦੇ ਇਸ ਸਮੇਂ ਅਸੀਂ ਕਿਸੇ ਦੀ ਆਲੋਚਨਾ ਨਹੀਂ ਕਰਨਾ ਚਾਹੁੰਦੇ।’’