‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਧਾਨ ਸਭਾ ਲਈ ਜ਼ਮੀਨ ਦੇਣ ’ਤੇ ਮੋਹਰ ਲਾਈ ਜਿਸ ਦੀ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਟਵੀਟ ਕਰ ਕੇ ਦਿੱਤੀ ਗਈ।
ਪੰਜਾਬ ਦੀਆਂ ਵਿਰੋਧੀ ਧਿਰਾਂ ਨੇ ਸੂਬੇ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਅਤੇ ਭਾਜਪਾ ਦੋਹਾਂ ’ਤੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੇ ਦੋਸ਼ ਲਾਏ ਹਨ। ਉਧਰ, ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਤੋਂ ਹਰਿਆਣਾ ਦੀ ਤਰਜ਼ ’ਤੇ ਪੰਜਾਬ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੀ ਮੰਗ ਕੀਤੀ ਹੈ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੱਖ-ਵੱਖ ਕਰਨ ਦੀ ਮੰਗ ਵੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਹੈ। ਇਸ ਲਈ ਕੇਂਦਰ ਸਰਕਾਰ ਪੰਜਾਬ ਨੂੰ ਵੀ ਵੱਖਰੀ ਵਿਧਾਨ ਸਭਾ ਬਣਾਉਣ ਅਤੇ ਵੱਖਰੀ ਹਾਈ ਕੋਰਟ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ।
ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰ ਰਿਹਾ ਹੈ ਮਾਨ: ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਅਤੇ ਹਾਈ ਕੋਰਟ ਦੀ ਇਮਾਰਤ ਲਈ ਵੱਖਰੀ ਜ਼ਮੀਨ ਦੀ ਮੰਗ ਕਰਕੇ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਮਜ਼ੋਰ ਕਰ ਰਹੇ ਹਨ। ਇਨ੍ਹਾਂ ਦੀਆਂ ਮੌਜੂਦਾ ਇਮਾਰਤਾਂ ਪੰਜਾਬ ਦੀਆਂ ਹੀ ਹਨ। ਇਨ੍ਹਾਂ ਵਿਰਾਸਤੀ ਇਮਾਰਤਾਂ ‘ਤੇ ਆਪਣਾ ਹੱਕ ਛੱਡ ਕੇ ਮੁੱਖ ਮੰਤਰੀ ਚੰਡੀਗੜ੍ਹ ਨੂੰ ਯਕੀਨੀ ਤੌਰ ‘ਤੇ ਗੁਆਉਣ ਦਾ ਕੰਮ ਕਰ ਰਹੇ ਹਨ। ਜੇਕਰ ਮੁੱਖ ਮੰਤਰੀ ਸਾਵਧਾਨ ਨਾ ਹੋਏ ਤਾਂ ਅਜਿਹੇ ਬਿਆਨ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣਗੇ।
ਚੰਡੀਗੜ੍ਹ ਦੀ ਜ਼ਮੀਨ ਤੇ ਸਰਕਾਰੀ ਇਮਾਰਤਾਂ ‘ਤੇ ਪੰਜਾਬ ਦਾ ਹੱਕ: ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, ”ਮੁੱਖ ਮੰਤਰੀ ਜੀ, ਚੰਡੀਗੜ੍ਹ ਦੀਆਂ ਜ਼ਮੀਨਾਂ ਅਤੇ ਸਰਕਾਰੀ ਇਮਾਰਤਾਂ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਮਿਸਾਲ ਵਜੋਂ ਪੰਜਾਬ ਪੁਨਰਗਠਨ ਐਕਟ 1966 ਤਹਿਤ ਇਹ ਫੈਸਲਾ ਕੀਤਾ ਗਿਆ ਹੈ ਕਿ ਹਰਿਆਣਾ ਨੂੰ ਵੱਖਰੀ ਰਾਜਧਾਨੀ ਬਣਾਉਣ ਦੀ ਲੋੜ ਹੈ। ਕਿਰਪਾ ਕਰਕੇ ਅਜਿਹੇ ਬਿਆਨਾਂ ਨਾਲ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਨਾ ਕਰੋ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਨੂੰ ਮਿਲਣਾ ਲਿਖਤੀ ਵਚਨਬੱਧਤਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਮੁਖੀ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਕੇਂਦਰ ਸਰਕਾਰ ਨੂੰ ਚੰਡੀਗੜ੍ਹ ਦੀ ਇਕ ਇੰਚ ਜ਼ਮੀਨ ਵੀ ਹਰਿਆਣਾ ਨੂੰ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਚੰਡੀਗੜ੍ਹ ਸ਼ਹਿਰ ਪੰਜਾਬ ਦਾ ਹੀ ਹੈ। ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਦੀ ਇਮਾਰਤ ਲਈ ਜ਼ਮੀਨ ਦੇਣ ਦੀ ਬਜਾਏ ਕੇਂਦਰ ਚੰਡੀਗੜ੍ਹ ਪੰਜਾਬ ਨੂੰ ਸੌਂਪ ਦੇਵੇ।